
ਪੰਜਾਬੀਆਂ ਨੂੰ ਪਰਿਵਾਰਾਂ ਨਾਲ ਮਿਲਾਇਆ ਜਾਵੇਗਾ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਪੰਜਾਬੀਆਂ ਨੂੰ ਕੱਢਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ: ਭਗਵੰਤ ਮਾਨ
- ਪੰਜਾਬ ਸਰਕਾਰ ਨੇ ਫਸੇ ਹੋਏ ਵਿਅਕਤੀਆਂ ਦੀ ਸੂਚੀ ਕੇਂਦਰ ਨਾਲ ਸਾਂਝੀ ਕੀਤੀ, ਵਾਪਸੀ ਦੀ ਪ੍ਰਕਿਰਿਆ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਅਰਬ ਦੇਸ਼ਾਂ ’ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਸਭ ਤੋਂ ਵੱਡੀ ਤਰਜੀਹ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Bhagwant Mann News: ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ ’ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ ’ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਖਾੜੀ ਦੇਸ਼ਾਂ ’ਚ ਫਸੇ ਪੰਜਾਬੀਆਂ ਨਾਲ ਸਬੰਧਤ ਅੰਕੜੇ ਸਾਂਝੇ ਕੀਤੇ ਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ। ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫ਼ੋਨ ’ਤੇ ਗੱਲ ਕੀਤੀ। Bhagwant Mann News
ਇਹ ਖਬਰ ਵੀ ਪੜ੍ਹੋ : Baltej Pannu: ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਗੱਲਬਾਤ ਕਰਕੇ ਯੂਏਈ ’ਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚ…
ਪਰਵਾਸੀ ਭਾਰਤੀ ਮਾਮਲਿਆਂ ਬਾਰੇ ਪੰਜਾਬ ਦੇ ਮੰਤਰੀ ਡਾ. ਰਵਜੋਤ ਸਿੰਘ ਵੀ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਮਿਲਣ ਗਏ ਸਨ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਵੀ ਸ਼ਾਮਲ ਹੈ। ਮੈਂ ਸਾਰੇ ਸਬੰਧਤ ਵਿਅਕਤੀਆਂ ਦੀ ਸੂਚੀ ਸੰਪਰਕ ਨੰਬਰਾਂ ਸਮੇਤ ਸਾਂਝੀ ਕੀਤੀ ਹੈ। ਜਲਦੀ ਹੀ ਇਹ ਪੰਜਾਬੀ ਸੁਰੱਖਿਅਤ ਆਪਣੇ ਪਰਿਵਾਰਾਂ ਕੋਲ ਵਾਪਸ ਆ ਜਾਣਗੇ। ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਕਿਰਪਾ ਕਰਕੇ ਐਨਆਰਆਈ ਵਿੰਗ ਦੇ 24×7 ਕੰਟਰੋਲ ਰੂਮ ਨੰਬਰ 0172-2260042, 0172-2260043 ਜਾਂ ਵਟਸਐਪ ਨੰਬਰ 91 94787-79112 ’ਤੇ ਸੰਪਰਕ ਕਰੋ। Bhagwant Mann News
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਆਪਣੀ ਟੈਲੀਫੋਨ ਗੱਲਬਾਤ ਦੌਰਾਨ ਮੈਂ ਅਚਾਨਕ ਜੰਗ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਸਾਰਾ ਡੇਟਾ ਸਾਂਝਾ ਕੀਤਾ। ਮੈਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਪੰਜਾਬੀਆਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਿਆ ਜਾਵੇ ਤਾਂ ਜੋ ਉਹ ਪੰਜਾਬ ’ਚ ਆਪਣੇ ਪਰਿਵਾਰਾਂ ਨਾਲ ਦੁਬਾਰਾ ਮਿਲ ਸਕਣ। ਕੇਂਦਰੀ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ਤੇ ਮੈਨੂੰ ਉਮੀਦ ਹੈ ਕਿ ਜੰਗ ਪ੍ਰਭਾਵਿਤ ਖਾੜੀ ਖੇਤਰ ’ਚ ਫਸੇ ਪੰਜਾਬੀ ਜਲਦੀ ਆਪਣੇ ਪਰਿਵਾਰਾਂ ਵਿੱਚ ਹੋਣਗੇ।’ Bhagwant Mann News
ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ‘ਪੰਜਾਬੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ’ਚ ਸਵੈ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ’ਚ ਸ਼ਾਨਦਾਰ ਭੂਮਿਕਾ ਨਿਭਾਈ ਹੈ। ਇਹ ਮੰਦਭਾਗਾ ਹੈ ਕਿ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀ ਮੱਧ ਪੂਰਬ ਵਿੱਚ ਫਸੇ ਹੋਏ ਹਨ। ਕੇਂਦਰ ਸਰਕਾਰ ਨੂੰ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ।’
ਮੁੱਖ ਮੰਤਰੀ ਨੇ ਅੱਗੇ ਕਿਹਾ, ‘ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕਰਨ ਅਤੇ ਪੰਜਾਬੀਆਂ ਨੂੰ ਉਨ੍ਹਾਂ ਦੀ ਜੱਦੀ ਧਰਤੀ ’ਤੇ ਵਾਪਸ ਲਿਆਉਣ ’ਚ ਕੋਈ ਕਸਰ ਬਾਕੀ ਨਾ ਛੱਡਣ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਉਣ ਲਈ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ’ਚ ਪੰਜਾਬੀਆਂ ਨੂੰ ਬਚਾਉਣ ਲਈ ਵਚਨਬੱਧ ਹੈ ਤੇ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ। ਅਰਬ ਦੇਸ਼ਾਂ ’ਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।”
ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਪੰਜਾਬ ਸਰਕਾਰ ਫਸੇ ਲੋਕਾਂ ਨੂੰ ਜਲਦੀ ਤੋਂ ਜਲਦੀ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਨ ਲਈ ਵਚਨਬੱਧ ਹੈ। ਅਸੀਂ ਇਸ ਸੰਕਟ ਦੀ ਘੜੀ ਦੌਰਾਨ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਤੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਮੈਨੂੰ ਉਮੀਦ ਹੈ ਕਿ ਭਾਰਤ ਸਰਕਾਰ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਜ਼ਰੂਰੀ ਕਦਮ ਚੁੱਕੇਗੀ।’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਕਿਹਾ, ‘ਮੈਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਜੀ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਜੀ ਕੋਲ ਭੇਜ ਰਿਹਾ ਹਾਂ। ਅਸੀਂ ਮੰਗ ਕਰਦੇ ਹਾਂ ਕਿ ਪੰਜਾਬੀਆਂ ਲਈ ਵਿਸ਼ੇਸ਼ ਜਹਾਜ਼ ਦਾ ਪ੍ਰਬੰਧ ਕੀਤਾ ਜਾਵੇ। ਅਰਬ ਦੇਸ਼ਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।’













