2 ਬੱਸਾਂ ਵਿੱਚ ਮੁੱਢਲੀ ਸਹਾਇਤਾ ਕਿੱਟ ਨਾ ਹੋਣ ਕਾਰਨ ਕੀਤੇ ਚਲਾਨ, ਸਕੂਲ ਪ੍ਰਬੰਧਕਾਂ ਨੂੰ ਸੁਰੱਖਿਆ ਮਾਪਦੰਡ ਪੂਰੇ ਕਰਨ ਦੀ ਹਦਾਇਤ
School Bus Safety: ਮਲੇਰਕੋਟਲਾ, (ਗੁਰਤੇਜ ਜੋਸ਼ੀ)। ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਸਕੂਲਾਂ ਦੀਆਂ 35 ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ । ਬਾਲ ਵਿਭਾਗ ਦੀ ਟੀਮ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚੈਕਿੰਗ ਦੌਰਾਨ ਬੱਸਾਂ ਦੇ ਜ਼ਰੂਰੀ ਦਸਤਾਵੇਜ਼ਾਂ, ਫਿਟਨੈੱਸ ਸਰਟੀਫਿਕੇਟ, ਡਰਾਈਵਰ ਦੇ ਡ੍ਰਾਈਵਿੰਗ ਲਾਇਸੈਂਸ, ਪ੍ਰਦੂਸ਼ਣ ਸਰਟੀਫਿਕੇਟ ਅਤੇ ਸੁਰੱਖਿਆ ਉਪਕਰਣਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਹੈ।
ਇਸ ਤੋਂ ਇਲਾਵਾ ਬੱਸਾਂ ਵਿੱਚ ਮੌਜ਼ੂਦ ਮੁੱਢਲੀ ਸਹਾਇਤਾ ਕਿੱਟ, ਅੱਗ ਬੁਝਾਊ ਯੰਤਰ (ਫਾਇਰ ਐਕਸਟਿੰਗਵਿਸ਼ਰ) ਅਤੇ ਬੱਚਿਆਂ ਦੀ ਸੁਰੱਖਿਆ ਲਈ ਲਾਜ਼ਮੀ ਹੋਰ ਪ੍ਰਬੰਧਾਂ ਦੀ ਵੀ ਪੜਤਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਦੋ ਸਕੂਲੀ ਬੱਸਾਂ ਵਿੱਚ ਮੁੱਢਲੀ ਸਹਾਇਤਾ ਕਿੱਟ ਨਾ ਹੋਣ ਕਾਰਨ ਉਨ੍ਹਾਂ ਦੇ ਚਲਾਨ ਕੀਤੇ ਗਏ ਅਤੇ ਬੱਸ ਚਾਲਕਾਂ ਨੂੰ ਤੁਰੰਤ ਇਹ ਕਮੀ ਪੂਰੀ ਕਰਨ ਲਈ ਹਦਾਇਤ ਦਿੱਤੀ ਗਈ। ਇਸ ਦੇ ਨਾਲ ਹੀ ਸਕੂਲ ਪ੍ਰਬੰਧਕਾਂ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਉਹ ਆਪਣੇ ਸਕੂਲੀ ਵਾਹਨਾਂ ਵਿੱਚ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਤਾਂ ਜੋ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਹੋਵੇ।
ਇਹ ਵੀ ਪੜ੍ਹੋ: Cricket News: ਕ੍ਰਿਕਟ ਦੇ ਨਾਲ-ਨਾਲ ਹੋਰ ਖੇਡਾਂ ‘ਤੇ ਧਿਆਨ ਕੇਂਦਰਿਤ ਕਰਨਾ ਜ਼ਰੂਰੀ : ਕਮਲ ਹਾਸਨ
ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਸਕੂਲੀ ਵਾਹਨਾਂ ਵਿੱਚ ਸਫ਼ਰ ਕਰਦੇ ਬੱਚਿਆਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਸੰਬੰਧੀ ਸਾਰੇ ਨਿਯਮਾਂ ਦੀ ਪਾਲਣਾ ਲਾਜ਼ਮੀ ਤੌਰ ‘ਤੇ ਕੀਤੀ ਜਾਵੇ। ਇਸ ਮੌਕੇ ਏ.ਟੀ.ਓ. ਸ਼ਹਿਨਾਜ਼ ਪਰਵੀਨ, ਪੁਲਿਸ ਵਿਭਾਗ ਤੋਂ ਬਲਵੀਰ ਸਿੰਘ, ਲੀਗਲ ਅਫ਼ਸਰ ਬਾਬੀਤਾ ਕੁਮਾਰੀ, ਲਵਪ੍ਰੀਤ ਸਿੰਘ, ਸਿੱਖਿਆ ਵਿਭਾਗ ਤੋਂ ਦੀਪਕ ਸ਼ਰਮਾ ਅਤੇ ਮੀਡੀਆ ਸਹਾਇਕ ਪਰਗਟ ਸਿੰਘ ਹਾਜਰ ਸਨ। School Bus Safety














