ਕਿਹਾ, ਸੂਬੇ ਦੀ ਮੌਜੂਦਾ ਵਿੱਤੀ ਸਥਿਤੀ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕਰਨ ਦੇ ਰਾਹ ‘ਚ ਰੋੜਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ ਕਰਦਿਆਂ ਆਖਿਆ ਕਿ ਮੌਜੂਦਾ ਹਾਲਾਤਾਂ ਮੁਤਾਬਕ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਸਮੁੱਚੇ ਕਰਜ਼ੇ ‘ਤੇ ਲੀਕ ਫੇਰਨ ਦਾ ਬੋਝ ਨਹੀਂ ਸਹਾਰ ਸਕਦੀ ਪਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਛੇਤੀ ਤੋਂ ਛੇਤੀ ਹੱਲ ਕੱਢਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਡੂੰਘੇ ਆਰਥਿਕ ਸੰਕਟ ਦਾ ਸਾਹਮਣਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਨੇ ਕਿਸਾਨਾਂ ਨੂੰ ਦੂਜੇ ਸੂਬਿਆਂ ਨਾਲੋਂ ਵੱਧ ਕਰਜ਼ਾ ਰਾਹਤ ਦਿੱਤੀ ਹੈ। ਉਹਨਾਂ ਕਿਸਾਨਾਂ ਨੂੰ ਵਿਰੋਧੀ ਪਾਰਟੀਆਂ ਤੇ ਕੁਝ ਕਿਸਾਨ ਯੂਨੀਅਨਾਂ ਕੋਲੋਂ ਗੁੰਮਰਾਹ ਨਾ ਹੋਣ ਦੀ ਅਪੀਲ ਕਰਦਿਆਂ ਆਖਿਆ ਕਿ ਇਹ ਪਾਰਟੀਆਂ ਅਤੇ ਯੂਨੀਅਨਾਂ ਆਪਣੇ ਸੌੜੇ ਸਿਆਸੀ ਹਿੱਤ ਪਾਲਣ ਲਈ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਕੂੜ ਪ੍ਰਚਾਰ ਕਰ ਰਹੀਆਂ ਹਨ।
ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੂੰ ਅਕਾਲੀਆਂ ਪਾਸੋਂ ਖਾਲੀ ਖਜ਼ਾਨੇ ਦੀ ਵਿਰਾਸਤ ਮਿਲੀ ਸੀ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਦੀ ਮਦਦ ਲਈ ਹੱਥ ਪਿੱਛੇ ਖਿੱਚ ਲਏ ਜਿਸ ਕਰਕੇ ਇਨ੍ਹਾਂ ਹਲਾਤਾਂ ਵਿੱਚ ਕਿਸਾਨਾਂ ਨੂੰ ਸਕੀਮ ਦੇ ਘੇਰੇ ‘ਚ ਹੋਰ ਕਿਸਾਨਾਂ ਨੂੰ ਲਿਆਉਣ ਜਾਂ ਦੋ ਲੱਖ ਰੁਪਏ ਤੋਂ ਵੱਧ ਰਕਮ ਦੀ ਕਰਜ਼ਾ ਮੁਆਫੀ ਦੇਣੀ ਸੰਭਵ ਨਹੀਂ ਹੈ।
ਇਹ ਵੀ ਪੜ੍ਹੋ : 2 ਹਜ਼ਾਰ ਦੇ Note ’ਤੇ ਛਿੜ ਗਿਆ ਨਵਾਂ ਵਿਵਾਦ, ਜਾਣੋ ਕੀ ਹੈ ਮਾਮਲਾ?
ਮੁੱਖ ਮੰਤਰੀ ਨੇ ਖੇਤੀ ਕਰਜ਼ਾ ਪੂਰੀ ਤਰ੍ਹਾਂ ਮੁਆਫ ਕਰਨ ਨੂੰ ਅਮਲ ਵਿੱਚ ਲਿਆਉਣ ਲਈ ਕਿਸਾਨਾਂ ਪਾਸੋਂ ਹੋਰ ਸਮੇਂ ਦੀ ਮੰਗ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸ ਵੇਲੇ ਸੂਬੇ ਦੇ ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਵਿੱਚ ਜੁਟੀ ਹੋਈ ਹੈ ਤਾਂ ਕਿ ਸਮਾਜ ਦੇ ਸਾਰੇ ਤਬਕਿਆਂ ਨੂੰ ਮੁੜ ਵਿਕਾਸ ਅਤੇ ਤਰੱਕੀ ਦੀ ਲੀਹ ‘ਤੇ ਲਿਆਂਦਾ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਰਕਾਰ ਇਸ ਵੇਲੇ ਮੁਸ਼ਕਲਾਂ ਹੰਢਾ ਰਹੇ ਛੋਟੇ ਤੇ ਸੀਮਾਂਤ ਕਿਸਾਨਾਂ ਦੀ ਇਮਦਾਦ ਕਰਨ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਦੀ ਆਰਥਿਕਤਾ ਸਥਿਰ ਹੋਣੀ ਸ਼ੁਰੂ ਹੋ ਗਈ ਤਾਂ ਹੌਲੀ-ਹੌਲੀ ਸਾਰੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਸਕੀਮ ਦੇ ਦਾਇਰੇ ਹੇਠ ਲਿਆਂਦਾ ਜਾਵੇਗਾ।
ਉਹਨਾਂ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਆਖਿਆ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਸੁਲਝਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ ਅਤੇ ਸੂਬੇ ਦੀ ਵਿੱਤੀ ਸਥਿਤੀ ਸੁਧਰ ਜਾਣ ‘ਤੇ ਖੇਤ ਮਜ਼ਦੂਰਾਂ ਦੇ ਹਿੱਤਾਂ ਵੱਲ ਵੀ ਪੂਰਾ ਧਿਆਨ ਦਿੱਤਾ ਜਾਵੇਗਾ।