ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਕੀਤਾ ਪ੍ਰੇਰਿਤ
- ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ | Isha Kalia
ਜਲਾਲਾਬਾਦ, (ਰਜਨੀਸ਼ ਰਵੀ/ਸੱਚ ਕਹੂੰ ਨਿਊਜ਼)। ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ ਇਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ। ਬਹੁਤ ਹੀ ਸਧਾਰਨ ਪਰ ਪ੍ਰਭਾਵਸ਼ਾਲੀ ਹੋ ਨਿਬੜੇ ਇਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਦੇ ਖੇਡਾਂ, ਸਿੱਖਿਆ ਅਤੇ ਹੋਰ ਗਤੀਵਿਧੀਆਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਮਾਰਗ ਦਰਸ਼ਨ ਕਰਨ ਵਾਲੇ ਪ੍ਰਤਿਭਾਵਾਨ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਸਿੱਖਿਆ ਦੇ ਮਹੱਤਵ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸ਼ੁਰੂ ਤੋਂ ਹੀ ਆਪਣੇ ਟੀਚੇ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ ਅਤੇ ਉਸ ਲਈ ਤਿਆਰੀ ਪਹਿਲਾਂ ਤੋਂ ਪੂਰੀ ਲਗਨ ਤੇ ਮਿਹਨਤ ਨਾਲ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੋ ਵੀ ਟੀਚੇ ਜ਼ਿੰਦਗੀ ਵਿੱਚ ਨਿਰਧਾਰਿਤ ਕਰਦੇ ਹਨ ਉਨ੍ਹਾਂ ਨੂੰ ਉਸ ਟੀਚੇ ਨੂੰ ਹਾਸਲ ਕਰਨ ਲਈ ਪੂਰੀ ਤਰ੍ਹਾਂ ਇਕਾਗਰ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਖਤ ਮਿਹਨਤ ਤੇ ਲਗਨ ਸਦਕਾ ਜ਼ਿੰਦਗੀ ਦੇ ਹਰ ਟੀਚੇ ਨੂੰ ਪੂਰਾ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਕਿਹਾ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਡੈਪੋ ਮੁਹਿੰਮ ਤਹਿਤ ਜੁੜ ਕੇ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਵੀ ਸਹਿਯੋਗ ਦੇਣ ਲਈ ਵੀ ਅਪੀਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਕੋਲੋਂ ਉਨ੍ਹਾਂ ਦੇ ਟੀਚਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਇਹ ਵੀ ਪੜ੍ਹੋ : ਹਾਈਵੋਲਟੇਜ਼ ਤਾਰਾਂ ਘਰ ਦੀ ਕੰਧ ਨਾਲ ਛੂਹੀਆਂ
ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਪਿਛਲੇ ਸਮੇਂ ਵਿੱਚ ਵੱਖ-ਵੱਖ ਗਤੀਵਿਧੀਆਂ ਵਿੱਚ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਜਿੱਥੇ ਵਧਾਈ ਦਿੱਤੀ ਉਥੇ ਵਿਦਿਆਰਥੀਆਂ ਅਤੇ ਪ੍ਰਤਿਭਾਵਾਨ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਵੀ ਕੀਤਾ। ਇਸ ਤੋਂ ਪਹਿਲਾਂ ਕਾਂਗਰਸ ਦੇ ਬੁੱਧੀਜੀਵੀ ਸੈਲ ਦੇ ਸੂਬਾ ਚੇਅਰਮੈਨ ਅਨੀਸ਼ ਸਿਡਾਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਵਿੱਖ ਵਿੱਚ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰੀਸ਼ ਸੇਤੀਆ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਸਕੂਲ ਦੀਆਂ ਲੋੜੀਦੀਆਂ ਮੰਗਾਂ ਨੂੰ ਡਿਪਟੀ ਕਮਿਸ਼ਨਰ ਅੱਗੇ ਰੱਖਿਆ।
ਇਸ ਮੌਕੇ ਐਸ.ਪੀ. ਹੈੱਡ ਵਿਨੋਦ ਚੌਧਰੀ, ਐਸ.ਡੀ.ਐਮ ਜਲਾਲਾਬਾਦ ਸ. ਪ੍ਰਿਥੀ ਸਿੰਘ, ਤਹਿਸੀਲਦਾਰ ਸ੍ਰੀ ਸੁਸ਼ੀਲ ਸ਼ਰਮਾ, ਪੀਟੀਏ ਕਮੇਟੀ ਦੇ ਪ੍ਰਧਾਨ ਸ. ਨਰਿੰਦਰ ਸਿੰਘ ਨੰਨੂ ਕੁੱਕੜ, ਉਪ ਚੇਅਰਮੈਨ ਸ੍ਰੀ ਅਨੂਪ ਮੈਣੀ, ਪ੍ਰਿੰਸੀਪਲ ਸ. ਸੁਭਾਸ਼ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸ. ਜਰਨੈਲ ਸਿੰਘ ਮੁਖੀਜਾ, ਸ੍ਰੀ ਚੰਦਰ ਖੈਰੇਕੇ, ਸ੍ਰੀ ਸ਼ਾਮ ਸੁੰਦਰ ਮੈਣੀ ਉਪ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਪੰਜਾਬ, ਕਰਿਆਨਾ ਯੂਨੀਅਨ ਦੇ ਪ੍ਰਧਾਨ ਸ੍ਰੀ ਸੁਰਿੰਦਰ ਕਾਠਪਾਲ, ਪੀਟੀਏ ਪ੍ਰਧਾਨ (ਸ.ਕੰ.ਸ) ਸ੍ਰੀ ਪ੍ਰਸ਼ੋਤਮ ਨਾਰੰਗ, ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਸ਼ੋਕ ਛਾਬੜਾ ਤੋਂ ਇਲਾਵਾ ਸ੍ਰੀ ਕਵਿੰਦਰ ਭਠੇਜਾ, ਸ੍ਰੀ ਅਮਿਤ ਧਮੀਜਾ, ਸ੍ਰੀ ਪ੍ਰਿੰਸ ਹਾਂਡਾ, ਸ੍ਰੀ ਗੋਲਡੀ ਸੇਤੀਆ, ਸ੍ਰੀ ਰਮੇਸ਼ ਬਗੋਰੀਆ, ਸ੍ਰੀ ਅਸ਼ੋਕ ਕੁਮਾਰ, ਸ੍ਰੀ ਬਿੱਟੂ ਸੇਤੀਆ,ਸ੍ਰੀ ਰਾਜਾ ਬਜਾਜ, ਸ੍ਰੀ ਅਭੈ ਸੇਤੀਆ, ਸ੍ਰੀ ਸੁਭਾਸ਼ ਗੁੰਬਰ,ਸ੍ਰੀ ਰਜਿੰਦਰ ਪਰੂਥੀ ਤੇ ਸ੍ਰੀ ਕ੍ਰਿਸ਼ਨ ਕੁਮਾਰ ਆਦਿ ਮੌਜੂਦ ਸਨ।