20 ਜੂਨ ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਕਿਸਾਨ ‘ਤੇ ਹੋਵੇਗੀ ਕਾਰਵਾਈ: ਬਿਜਲੀ ਮੰਤਰੀ
ਬਠਿੰਡਾ/ਰਾਮਪੁਰਾ ਫੂਲ (ਅਸ਼ੋਕ ਗਰਗ/ਅਮਿਤ/ਸੱਚ ਕਹੂੰ ਨਿਊਜ਼)। ਬਿਜਲੀ ਤੇ ਨਵਿਆਉਣਯੋਗ ਊਰਜਾ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਵੱਡੇ ਕਿਸਾਨਾਂ ਨੂੰ ਨੈਤਿਕਤਾ ਦੇ ਅਧਾਰ ‘ਤੇ ਆਪਣੀ ਬਿਜਲੀ ਦੀ ਸਬਸਿਡੀ ਤਿਆਗ ਦੇਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਅੱਜ ਹਲਕਾ ਰਾਮਪੁਰਾ ਦੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਸੰਗਤ ਦਰਸ਼ਨ ਦੌਰਾਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਆਖਿਆ ਕਿ ਜੋ ਪੰਜਾਬ ਸਰਕਾਰ ਵੱਲੋਂ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਇਸ ਸਬਸਿਡੀ ਛੱਡਣ ਨਾਲ ਸਹੀ ਤਰੀਕੇ ਨਾਲ ਛੋਟੇ ਕਿਸਾਨਾਂ ਤੱਕ ਪਹੁੰਚਾਈ ਜਾਵੇਗੀ।
ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 20 ਜੂਨ ਤੋਂ ਪਹਿਲਾਂ ਝੋਨਾ ਨਾ ਲਗਾਉਣ। ਇਹ ਨਾ ਸਿਰਫ਼ ਧਰਤੀ ਹੇਠਲੇ ਪਾਣੀ ਦਾ ਬਚਾਅ ਕਰੇਗਾ ਸਗੋਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਸਮੇਂ ਸਿਰ ਬਰਸਾਤੀ ਪਾਣੀ ਮਿਲਣ ਕਾਰਨ ਵਧੀਆ ਪੈਦਾਵਾਰ ਵੀ ਦੇਵੇਗਾ। ਉਨ੍ਹਾਂ ਕਿਹਾ ਕਿ ਜਿਹੜਾ ਵੀ ਕਿਸਾਨ 20 ਜੂਨ ਤੋਂ ਪਹਿਲਾਂ ਝੋਨਾ ਲਗਵਾਏਗਾ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਆਉਂਦੇ ਝੋਨੇ ਦੇ ਸੀਜ਼ਨ ਸਬੰਧੀ ਪਾਵਰਕੌਮ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਵੇਰਵਾ ਦਿੰਦਿਆਂ ਬਿਜਲੀ ਮੰਤਰੀ ਨੇ ਆਖਿਆ ਕਿ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਜਾਵੇਗੀ, ਜਿਸ ‘ਤੇ ਪਾਵਰਕੌਮ ਵੱਲੋਂ ਵੱਖ-ਵੱਖ ਬਿਜਲੀ ਦੇ ਫੀਡਰਾਂ ਨੂੰ ਆਪਸ ‘ਚ ਜੋੜਨ ਦਾ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਦੌਰਾਨ ਕਿਸੇ ਵੀ ਪਿੰਡ ‘ਚ ਬਿਜਲੀ ਦੀ ਸਮੱਸਿਆ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਨ੍ਹਾਂ ਨਾਲ ਪੀਐੱਸਓ ਸੁਖਜੀਤ ਸਿੰਘ, ਪ੍ਰਸ਼ਾਸਨਿਕ ਅਧਿਕਾਰੀ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।