ਸੂਬੇ ਦੇ ਗ੍ਰਹਿ ਸਕੱਤਰ ਅਤੇ ਐਡਵੋਕੇਟ ਜਨਰਲ ਨੂੰ ਜਾਂਚ ਦਾ ਜਾਇਜ਼ਾ ਲੈਣ ਲਈ ਭੇਜੀ ਰਿਪੋਰਟ
ਚੰਡੀਗੜ, (ਸੱਚ ਕਹੂੰ ਨਿਊਜ਼)। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਬਰਗਾੜੀ ਦੀ ਬੇਅਦਬੀ ਦੀ ਘਟਨਾ ਅਤੇ ਬਹਿਬਲ ਕਲਾਂ ਦੀ ਗੋਲੀਬਾਰੀ ਦੀ ਘਟਨਾ ਸਮੇਤ ਕੁਝ ਹੋਰ ਮਾਮਲਿਆਂ ਦੀ ਜਾਂਚ ਸਬੰਧੀ ਅੰਤਿਮ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ ਕਮਿਸ਼ਨ ਨੇ ਆਪਣੀ ਪੜਤਾਲ ਦੇ ਪਹਿਲੇ ਸੈੱਟ ਦੇ ਹਿੱਸੇ ਵਜੋਂ ਪੇਸ਼ ਕੀਤੀ ਹੈ। ਮੁੱਖ ਮੰਤਰੀ ਨੇ ਇਹ ਰਿਪੋਰਟ ਸੂਬੇ ਦੇ ਗ੍ਰਹਿ ਸਕੱਤਰ ਅਤੇ ਐਡਵੋਕੇਟ ਜਨਰਲ ਨੂੰ ਜਾਂਚ ਦਾ ਜਾਇਜ਼ਾ ਲੈਣ ਲਈ ਭੇਜ ਦਿੱਤੀ ਹੈ ਅਤੇ ਉਨਾਂ ਨੂੰ ਨਿਰਧਾਰਿਤ ਸਮੇਂ ਵਿੱਚ ਇਸ ਦਾ ਜਾਇਜ਼ਾ ਲੈਣ ਲਈ ਆਖਿਆ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਇਹ ਕਮਿਸ਼ਨ ਅਪ੍ਰੈਲ 2017 ਵਿੱਚ ਸਥਾਪਿਤ ਕੀਤਾ ਸੀ ਅਤੇ ਇਸਨੂੰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਵੱਖ ਵੱਖ ਘਟਨਾਵਾਂ ਦੀ ਜਾਂਚ ਦਾ ਕੰਮ ਸੌਂਪਿਆ ਸੀ। ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਸਥਾਪਿਤ ਕੀਤੇ ਜ਼ੋਰਾ ਸਿੰਘ ਕਮਿਸ਼ਨ ਦੀ ਜਾਂਚ ਨੂੰ ਰੱਦ ਕਰਕੇ ਜਸਟਿਸ ਰਣਜੀਤ ਸਿਘ ਕਮਿਸ਼ਨ ਬਣਾਇਆ ਸੀ। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਸ਼ਨੀਵਾਰ ਦੁਪਿਹਰ ਨੂੰ ਮੁੱਖ ਮੰਤਰੀ ਨੂੰ ਉਨਾਂ ਦੇ ਸਰਕਾਰੀ ਨਿਵਾਸ ਸਥਾਨ ਤੇ ਮਿਲੇ ਅਤੇ ਵਿਸਤ੍ਰਿਤ ਰਿਪੋਰਟ ਦਾ ਪਹਿਲਾ ਸੈੱਟ ਸੀਲਬੰਦ ਲਿਫ਼ਾਫ਼ੇ ਵਿੱਚ ਸੌਂਪਿਆ।