ਮੋਦੀ ਸਰਕਾਰ ਨੇ ਭਾਵਾਂ ‘ਚ ਨਿਗੂਣਾ ਵਾਧਾ ਕਰਕੇ ਕਿਸਾਨਾਂ ਨਾਲ ਮਜ਼ਾਕ ਕੀਤਾ
ਬਰਨਾਲਾ, (ਜੀਵਨ ਰਾਮਗੜ)। ਦੇਸ਼ ਦੀ ਕਿਸਾਨੀ ਨੂੰ ਹੁਲਾਰਾ ਦੇਣ ਦੇ ਲਈ ਕੇਂਦਰ ਸਰਕਾਰ ਦੁਆਰਾ ਝੋਨੇ ਅਤੇ ਹੋਰ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ‘ਚ ਕੀਤੇ ਵਾਧੇ ਨੂੰ ਪੰਜਾਬ ਦੀਆਂ ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਮੁੱਢੋਂ ਰੱਦ ਕਰਦਿਆਂ ਇਸ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਕਿਸਾਨ ਯੂਨੀਅਨਾਂ ਨੇ ਮੋਦੀ ਸਰਕਾਰ ਨੂੰ ਚੋਣਾਂ ‘ਚ ਕੀਤਾ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦਾ ਵਾਅਦਾ ਵੀ ਯਾਦ ਕਰਵਾਇਆ।ਕਿਸਾਨ ਯੂਨੀਅਨਾਂ ਦੇ ਵੱਖ-ਵੱਖ ਆਗੂਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਕਿਸਾਨਾਂ ਦੀਆਂ ਵੋਟਾਂ ਬਟੋਰਨ ਲਈ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰੰਤੂ ਸੱਤਾ ‘ਚ ਆਉਣ ਤੋਂ ਬਾਅਦ ਭਾਵਾਂ ‘ਚ ਨਿਗੂਣਾ ਵਾਧਾ ਕਰਕੇ ਕਿਸਾਨਾਂ ਨਾਲ ਮਜ਼ਾਕ ਕਰ ਰਹੀ ਹੈ।
ਕਿਸਾਨਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ | Barnala News
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨੇਤਾ ਜਗਸੀਰ ਸਿੰਘ ਨੇ ਕਿਹਾ ਕਿ ਡਾ. ਸਵਾਮੀ ਨਾਥਨ ਰਿਪੋਰਟ ਦੇ ਅਨੁਸਾਰ ਝੋਨੇ ਦਾ ਰੇਟ 2500 ਰੁਪਏ ਤੋਂ ਜ਼ਿਆਦਾ ਬਣਦਾ ਹੈ ਪ੍ਰੰਤੂ ਕੇਂਦਰ ਸਰਕਾਰ ਨੇ ਸਿਰਫ ਦੋ ਸੌ ਰੁਪਏ ਵਧਾ ਕੇ ਕਿਸਾਨਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਊਠ ਦੇ ਮੂੰਹ ਵਿੱਚ ਜੀਰੇ ਸਮਾਨ ਹੈ ਉਨ੍ਹਾਂ ਕਿਹਾ ਕਿ ਵੋਟਾਂ ਲੈਣ ਵੇਲੇ ਸਰਕਾਰਾਂ ਤੇ ਸਿਆਸੀ ਪਾਰਟੀਆਂ ਦੇ ਮੂੰਹ ਹੋਰ ਹੁੰਦੇ ਹਨ ਅਤੇ ਬਾਅਦ ਵਿੱਚ ਵਾਅਦੇ ਵਫ਼ਾ ਕਰਨ ਤੋਂ ਕੰਨੀ ਕਤਰਾਉਂਦੇ ਹਨ। (Barnala News)
ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਨੇਤਾ ਦਰਸ਼ਨ ਸਿੰਘ ਉਗੋਕੇ ਨੇ ਕਿਹਾ ਕਿ ਜਿੰਨਾ ਸਮਾਂ ਮੋਦੀ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰਦੀ ਉਨਾਂ ਸਮਾਂ ਉਹ ਆਪਣੀ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਇਹ ਮਹਿਜ਼ ਥੋੜ੍ਹੀ ਜਿਹੀ ਕੀਮਤ ਵਧਾ ਕੇ ਮੋਦੀ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਬਣਨਾ ਚਾਹੁੰਦੀ ਹੈ ਪ੍ਰੰਤੂ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੀਆਂ ਚਾਲਾਂ ਤੋਂ ਬਣੀ ਭਲੀ ਭਾਂਤ ਜਾਣੂੰ ਹਨ ਉਨ੍ਹਾਂ ਇਸ ਕੀਮਤ ਵਾਧੇ ਨੂੰ ਚੁਣਾਵੀ ਕਰਾਰ ਦਿੱਤਾ। (Barnala News)
ਕਿਸਾਨਾਂ ਦੇ ਹਿਤੈਸ਼ੀ ਬਣਨ ਦੀ ਕੋਝੀ ਕੋਸ਼ਿਸ਼ | Barnala News
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਬਲੌਰ ਸਿੰਘ ਛੰਨਾ ਨੇ ਕਿਹਾ ਕਿ ਕੇਂਦਰ ਦੀਆਂ ਕਿਸਾਨਾਂ ਪ੍ਰਤੀ ਬੇਰੁਖ਼ੀ ਵਾਲ਼ੀਆਂ ਨੀਤੀਆਂ ਕਾਰਨ ਹੀ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ, ਨਿਗੂਣੇ ਰੇਟਾਂ ਕਾਰਨ ਹੀ ਦੇਸ਼ ਦੀ ਖੇਤੀ ਘਾਟੇ ਵਾਲਾ ਧੰਦਾ ਬਣ ਗਈ ਹੈ ਅਤੇ ਕਿਸਾਨ ਮਜਬੂਰਨ ਖ਼ੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਹੁਣ ਆਉਣ ਵਾਲੀਆਂ ਦੋ ਹਜ਼ਾਰ ਉੱਨੀ ਦੀਆਂ ਵੋਟਾਂ ਦਿਸਦੀਆਂ ਹਨ ਜਿਸ ਕਰਕੇ ਕਿਸਾਨਾਂ ਦੇ ਹਿਤੈਸ਼ੀ ਬਣਨ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਕਤ ਕਿਸਾਨ ਆਗੂਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਜਿੰਨਾ ਸਮਾਂ ਕੇਂਦਰ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਸਵਾਮੀਨਾਥਨ ਰਿਪੋਰਟ ਲਾਗੂ ਨਹੀਂ ਕਰਦੀ, ਉਨ੍ਹਾਂ ਸਮਾਂ ਉਹ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰੱਖਣਗੇ।
23 ਸਤੰਬਰ ਨੂੰ ਕੇਂਦਰ ਸਰਕਾਰ ਖਿਲਾਫ ਪੈਦਲ ਮਾਰਚ | Barnala News
ਦੇਸ਼ ਭਰ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ 23 ਸਤੰਬਰ ਨੂੰ ਕੇਂਦਰ ਸਰਕਾਰ ਖਿਲਾਫ ਹਰਿਦੁਆਰ ਤੋਂ ਦਿੱਲੀ ਤੱਕ ਪੈਦਲ ਮਾਰਚ ਕੀਤਾ ਜਾ ਰਿਹਾ ਹੈ ਜਿਸ ਵਿੱਚ ਦੇਸ਼ ਭਰ ਦੇ ਦੋ ਲੱਖ ਤੋਂ ਜ਼ਿਆਦਾ ਕਿਸਾਨ ਪੈਦਲ ਮਾਰਚ ਵਿਚ ਹਿੱਸਾ ਲੈਣਗੇ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਤਸਵੀਰ ਸਿੰਘ ਨੇ ਕਿਹਾ ਕਿ ਇਸ ਮਾਰਚ ਵਿੱਚ ਪੰਜਾਬ ਤੋਂ ਪੰਜਾਹ ਹਜ਼ਾਰ ਕਿਸਾਨ ਪੈਦਲ ਮਾਰਚ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਦਿੱਲੀ ਜੰਤਰ ਮੰਤਰ ਵਿਖੇ ਉਹ ਉਨਾ ਸਮਾਂ ਪੱਕਾ ਮੋਰਚਾ ਲਗਾਉਣਗੇ ਜਿੰਨਾ ਸਮਾਂ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰੇਗਾ। (Barnala News)