ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ‘ਚ ਹੋਇਆ ਰਾਜ ਪੱਧਰੀ ਸਮਾਗਮ

State, Level, Function, Sunam, During, Martyrdom, Day, Shaheed Udham Singh

ਸ਼ਹੀਦ ਦੀ ਯਾਦਗਾਰ ਲਈ 2 ਕਰੋੜ 28 ਲੱਖ ਮਨਜ਼ੂਰ, 1 ਕਰੋੜ ਦਿੱਤੇ | Shaheed Udham Singh

ਸੁਨਾਮ ਊਧਮ ਸਿੰਘ ਵਾਲਾ, (ਗੁਰਪ੍ਰੀਤ ਸਿੰਘ)। ਸੁਨਾਮ ਵਿਖੇ ਅਮਰ ਸ਼ਹੀਦ ਸ: ਊਧਮ ਸਿੰਘ ਦੇ 79ਵੇਂ ਸ਼ਹੀਦੀ ਦਿਹਾੜੇ ਨੂੰ ਅੱਜ ਰਾਜ ਪੱਧਰੀ ਸਮਾਗਮ ਦੇ ਤੌਰ ਤੇ ਮਨਾਇਆ ਗਿਆ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੁਨਾਮ ਵਿਖੇ ਬਣਨ ਵਾਲੀ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਲਈ 2 ਕਰੋੜ 28 ਲੱਖ ਰੁਪਏ ਮਨਜ਼ੂਰ ਕੀਤੇ ਹਨ, ਜਿਸ ਵਿੱਚੋਂ 1 ਕਰੋੜ ਰੁਪਏ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਦੇਣ ਦਾ ਐਲਾਨ ਅੱਜ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ ਹਾਜ਼ਰੀ ਦੌਰਾਨ ਧਰਮਸੋਤ ਨੇ ਮੁੱਖ ਮਹਿਮਾਨ ਦੀ ਭੂਮਿਕਾ ਅਦਾ ਕੀਤੀ। (Shaheed Udham Singh)

ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਸੁਨਾਮ ਦੀ ਅਨਾਜ ਮੰਡੀ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਬੋਲਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਖਿਆ ਕਿ ਸ਼ਹੀਦ ਊਧਮ ਸਿੰਘ ਇਕੱਲੇ ਸੁਨਾਮ ਦੇ ਨਹੀਂ ਸਗੋਂ ਸਮੁੱਚੇ ਦੇਸ਼ ਦੇ ਸ਼ਹੀਦ ਹਨ। (Shaheed Udham Singh)

ਸਰਕਾਰ ਨੇ ਸੁਨਾਮ ਵਿਖੇ ਬਣਨ ਵਾਲੀ ਸ਼ਹੀਦ ਊਧਮ ਸਿੰਘ ਦੀ ਯਾਦਗਾਰ (ਸਮਾਰਕ) ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 2 ਕਰੋੜ 28 ਲੱਖ ਰੁਪਏ ਮਨਜ਼ੂਰ ਕਰ ਲਏ ਹਨ ਅਤੇ ਜਿਸ ਵਿੱਚੋਂ 1 ਕਰੋੜ ਰੁਪਏ ਅੱਜ ਹੀ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਊਧਮ ਸਿੰਘ ਦੀ ਕੁਰਬਾਨੀ ਦੇ ਸਾਹਮਣੇ ਕੁਝ ਵੀ ਨਹੀਂ ਹੈ, ਇਹ ਸਰਕਾਰ ਨੇ ਆਪਣਾ ਫਰਜ਼ ਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਸਰਕਾਰਾਂ ਨੇ ਹਮੇਸ਼ਾ ਸ਼ਹੀਦਾਂ ਪ੍ਰਤੀ ਅਥਾਹ ਸਨਮਾਨ ਦਿਖਾਇਆ ਹੈ।

ਕੈਬਨਿਟ ਮੰਤਰੀ ਸਿੰਗਲਾ, ਰਜ਼ੀਆ, ਲਾਲ ਸਿੰਘ ਨੇ ਦਿੱਤੀਆਂ ਸ਼ਹੀਦ ਨੂੰ ਸ਼ਰਧਾਂਜਲੀਆਂ | Shaheed Udham Singh

1974 ਵਿੱਚ ਤਤਕਾਲੀਨ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਨੇ ਸ਼ਹੀਦ ਊਧਮ ਸਿੰਘ ਦੀਆਂ ਅਸਥੀਆਂ ਲੰਡਨ ਤੋਂ ਸ਼ਰਧਾ ਨਾਲ ਭਾਰਤ ਮੰਗਵਾਈਆਂ ਸਨ, ਇਸ ਤੋਂ ਪਹਿਲਾਂ ਕਦੇ ਕਿਸੇ ਸਰਕਾਰ ਨੇ ਇਸ ਕੰਮ ਵੱਲ ਕੋਈ ਧਿਆਨ ਨਹੀਂ ਦਿੱਤਾ। ਬੇਅੰਤ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਸੂਬੇ ਵਿੱਚੋਂ ਅੱਤਵਾਦ ਦਾ ਸਫ਼ਾਇਆ ਕਰਕੇ, ਸੂਬੇ ਦੀ ਅਮਨ ਸ਼ਾਂਤੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ।

ਉਨ੍ਹਾਂ ਅਕਾਲੀ ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਆਖਿਆ ਕਿ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਹੁੰਦਿਆਂ ਖੂਨ ਦੇ ਟਿੱਕੇ ਲਾ-ਲਾ ਕੇ ਦੂਜਿਆਂ ਦੇ ਮੁੰਡਿਆਂ ਨੂੰ ਭੜਕਦੀ ਅੱਗ ਵਿੱਚ ਧੱਕਿਆ ਜਦੋਂ ਕਿ ਆਪਣੇ ਬੱਚਿਆਂ ਨੂੰ ਪੜ੍ਹਨ ਦੇ ਬਹਾਨੇ ਬਾਹਰਲੇ ਦੇਸ਼ਾਂ ਵਿੱਚ ਭੇਜ ਦਿੱਤਾ। ਕੈਪਟਨ ਸਰਕਾਰ ਦੇ ਗੁਣ ਗਾਉਂਦਿਆ ਧਰਮਸੋਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ ਜਦੋਂ ਕਿ ਪਿਛਲੇ ਦਸ ਸਾਲ ਅਕਾਲੀ-ਭਾਜਪਾ ਸਰਕਾਰ ਦੇ ਲੀਡਰਾਂ ਨੇ ਆਪਣੇ ਘਰ ਭਰਨ ਤੇ ਸੂਬੇ ਨੂੰ ਕਰਜ਼ਈ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ।

ਵਿਜੈਇੰਦਰ ਸਿੰਗਲਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਦਿੰਦਿਆਂ ਆਖਿਆ ਕਿ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਅੱਗੇ ਹਰੇਕ ਦੇਸ਼ ਵਾਸੀ ਦਾ ਸਿਰ ਝੁਕਦਾ ਹੈ। ਉਨ੍ਹਾਂ ਭਾਰਤੀਆਂ ਦੀ ਅਣਖ਼, ਇੱਜ਼ਤ ਨੂੰ ਬਰਕਰਾਰ ਰੱਖਿਆ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਯਤਨ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਲਈ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਸਹੂਲਤਾਂ ਦੇਵੇਗੀ। ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਸ਼ਹੀਦ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਆਪਾਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਸਾਬਕਾ ਖਜ਼ਾਨਾ ਮੰਤਰੀ ਤੇ ਪੰਜਾਬ ਮੰਡੀ ਬੋਰਡ ਦੇ ਮੌਜ਼ੂਦਾ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਅੰਗਰੇਜ਼ੀ ਸ਼ਾਸਨ ਦੇ ਖਿਲਾਫ਼ ਉਸ ਸਮੇਂ ਹੱਲਾ ਬੋਲਿਆ ਜਦੋਂ ਵੱਡੀ ਗਿਣਤੀ ਦੇਸ਼ਾਂ ਵਿੱਚ ਅੰਗਰੇਜ਼ੀ ਹਕੂਮਤ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਮਨ ਅੰਦਰ ਜਲ੍ਹਿਆਂ ਵਾਲੇ ਬਾਗ ਦੀ ਘਟਨਾ ਦੀ ਅੱਗ 20 ਸਾਲ ਬਲ਼ਦੀ ਰਹੀ।

ਕੈਪਟਨ ਦੀ ਗੈਰ ਹਾਜ਼ਰੀ ‘ਚ ਕੈਬਨਿਟ ਮੰਤਰੀ ਧਰਮਸੋਤ ਨੇ ਸਾਂਭੀ ਜ਼ਿੰਮੇਵਾਰੀ | Shaheed Udham Singh

ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੂੰ ਐਡਵਾਇਰ ਨੂੰ ਭਾਰਤ ਵਿੱਚ ਮਾਰਨ ਦੇ ਕਈ ਮੌਕੇ ਮਿਲੇ ਪਰ ਉਹ ਸੂਰਮਾ ਉਸ ਨੂੰ ਉਸ ਦੇ ਘਰ ਵਿੱਚ ਸੋਧਣਾ ਚਾਹੁੰਦਾ ਸੀ। ਅੰਤ ਕੈਂਕਸਟਨ ਦੇ ਹਾਲ ਵਿੱਚ ਊਧਮ ਸਿੰਘ ਨੂੰ ਬਦਲਾ ਲੈਣ ਦਾ ਮੌਕਾ ਮਿਲ ਗਿਆ। ਉਨ੍ਹਾਂ ਕਿਹਾ ਕਿ ਸੁਨਾਮ ਦੀ ਧਰਤੀ ਸੁਭਾਗੀ ਹੈ। ਕਿਉਂਕਿ ਇੱਥੇ ਊਧਮ ਸਿੰਘ ਦਾ ਬਚਪਨ ਬੀਤਿਆ, ਜਿਸ ਨੂੰ ਉਹ ਸਿਜਦਾ ਕਰਦੇ ਹਨ।

ਉਨ੍ਹਾਂ ਅਕਾਲੀ ਸਰਕਾਰ ‘ਤੇ ਵਰ੍ਹਦਿਆਂ ਆਖਿਆ ਕਿ ਸੂਬੇ ਵਿੱਚ ਕਰਜ਼ਾਈ ਕਰਨ ਵਿੱਚ ਅਕਾਲੀ-ਭਾਜਪਾ ਸਰਕਾਰ ਨੇ ਕੋਈ ਕਸਰ ਨਹੀਂ ਛੱਡੀ ਅਕਾਲੀਆਂ ਨੇ 31 ਹਜ਼ਾਰ ਕਰੋੜ ਰੁਪਏ ਖੁਰਦ ਬੁਰਦ ਕਰ ਦਿੱਤਾ ਜਿਸ ਕਾਰਨ ਹਰ ਸਾਲ ਸੂਬੇ ‘ਤੇ ਆਰਥਿਕ ਬੋਝ ਵਧ ਰਿਹਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਆਉੁਣ ਵਾਲੇ ਸਮੇਂ ਵਿੱਚ ਪੰਜਾਬ ਦੀਆਂ ਸਾਰੀਆਂ 19 ਹਜ਼ਾਰ ਕਿਲੋਮੀਟਰ ਸੜਕਾਂ ਦੁਬਾਰੇ ਬਣਾਏਗੀ, 200 ਕਰੋੜ ਰੁਪਏ ਸਾਰੇ ਪੁਲਾਂ ਦੀ ਮੁਰੰਮਤ ਜਾਂ ਨਵੇਂ ਬਣਾਉਣ ਲਈ ਸਰਕਾਰ ਨੇ ਜਾਰੀ ਕੀਤੇ ਹਨ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਹਲਕਾ ਸੁਨਾਮ ਦੀ ਸੀਨੀਅਰ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ, ਹਰਮਨ ਬਾਜਵਾ ਨੇ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਇਸ ਮੌਕੇ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ, ਜ਼ਿਲ੍ਹਾ ਪੁਲਿਸ ਮੁਖੀ ਡਾ: ਸੰਦੀਪ ਗਰਗ ਵੀ ਮੌਜ਼ੂਦ ਸਨ।