ਸ਼ੂਗਰ ਵਧਣ ਅਤੇ ਅੱਖਾਂ ਦੇ ਆਪ੍ਰੇਸ਼ਨ ਨੂੰ ਦੱਸਿਆ ਗਿਆ ਨਾ ਮਿਲਣ ਦਾ ਕਾਰਨ
ਮੁਲਾਜ਼ਮ ਜਥੇਬੰਦੀਆਂ ਨੇ ਕੀਤਾ ਐਲਾਨ , 19 ਅਗਸਤ ਤੋਂ 15 ਦਿਨ ਚੱਲੇਗਾ ਅਰਥੀ ਫੂਕ ਮੁਜ਼ਾਹਰਾ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਪਿਛਲੇ ਇੱਕ ਹਫ਼ਤੇ ਤੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਿਲਣ ਲਈ ਤਿਆਰੀ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਦੇ ਲੀਡਰਾਂ ਨੂੰ ਅੱਜ ਮੁੱਖ ਮੰਤਰੀ ਦਫ਼ਤਰ ਨੇ ਵੱਡਾ ਝਟਕਾ ਦਿੰਦੇ ਹੋਏ ਅਮਰਿੰਦਰ ਸਿੰਘ ਨਾਲ ਮਿਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਮੁਲਾਜ਼ਮ ਜਥੇਬੰਦੀਆਂ ਨੂੰ ਕਿਹਾ ਗਿਆ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਸੂਗਰ ਕਾਫ਼ੀ ਜਿਆਦਾ ਵਧਿਆ ਹੋਇਆ ਹੈ।
ਬੀਤੇ ਹਫ਼ਤੇ ਉਨ੍ਹਾਂ ਦੀਆਂ ਅੱਖਾਂ ਦਾ ਅਪਰੇਸ਼ਨ ਹੋਇਆ ਹੈ, ਇਸ ਲਈ ਉਨ੍ਹਾਂ ਦੀ ਮੀਟਿੰਗ ਕਰਵਾਉਣੀ ਤਾਂ ਦੂਰ ਦੀ ਗੱਲ, ਉਨ੍ਹਾਂ ਨੂੰ ਇੱਕ ਮਿੰਟ ਲਈ ਮਿਲਾਇਆ ਵੀ ਨਹੀਂ ਜਾ ਸਕਦਾ ਹੈ। ਮੁਲਾਜ਼ਮ ਜਥੇਬੰਦੀਆਂ ਨੂੰ ਬੇਰੰਗ ਵਾਪਸ ਕਰਨ ਵਾਲੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬਾਅਦ ਦੁਪਹਿਰ ਆਪਣੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਵੀ ਕੀਤੀਆਂ ਅਤੇ ਇੱਥੇ ਹੀ ਪ੍ਰੋਗਰੈਸਿਵ ਡੇਅਰੀ ਫਾਰਮਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ।
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰ ਦਵਿੰਦਰ ਸਿੰਘ ਪੂਨੀਆ ਨੇ ਦੱਸਿਆ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੁਲਾਕਾਤ ਲਈ ਉਨ੍ਹਾਂ ਨੂੰ ਬਕਾਇਦਾ ਸਮਾਂ ਦਿੱਤਾ ਗਿਆ ਸੀ ਅਤੇ ਪਿਛਲੇ ਇੱਕ ਹਫ਼ਤੇ ਤੋਂ ਉਹ ਇਸ ਦੀ ਤਿਆਰੀ ਵਿੱਚ ਲਗੇ ਹੋਏ ਸਨ ਪਰ ਅੱਜ ਜਦੋਂ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਲਈ ਪੁੱਜੇ ਤਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਦਫ਼ਤਰ ਨੇ ਵੱਡਾ ਝਟਕਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਤਾਂ ਕੋਈ ਮੀਟਿੰਗ ਤੱਕ ਤੈਅ ਨਹੀਂ ਹੋਈ ਹੈ।
ਜਿਥੇ ਉਨ੍ਹਾਂ ਨੇ ਜਦੋਂ ਜਿੱਦ ਕੀਤੀ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮਿਲਾਇਆ ਜਾਵੇ ਤਾਂ ਮੁੱਖ ਮੰਤਰੀ ਦੇ ਓ.ਐਸ.ਡੀ. ਐਮ.ਪੀ. ਸਿੰਘ ਨੇ ਉਨ੍ਹਾਂ ਨੂੰ ਕਿਹਾ ਕਿ ਅਮਰਿੰਦਰ ਸਿੰਘ ਕਾਫ਼ੀ ਜ਼ਿਆਦਾ ਬਿਮਾਰ ਹਨ, ਕਿਉਂਕਿ ਉਨ੍ਹਾਂ ਦਾ ਸੂਗਰ ਵਧਣ ਦੇ ਨਾਲ ਹੀ ਉਨ੍ਹਾਂ ਦੀਆਂ ਅੱਖਾਂ ਦਾ ਆਪ੍ਰੇਸ਼ਨ ਹੋਇਆ ਹੈ। ਦਵਿੰਦਰ ਸਿੰਘ ਪੂਨੀਆ ਨੇ ਕਿਹਾ ਕਿ ਸਾਨੂੰ ਮਿਲਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ, ਜਦੋਂ ਕਿ ਬਾਅਦ ਵਿੱਚ ਅਮਰਿੰਦਰ ਸਿੰਘ ਨੇ ਇੱਕ ਯੂਨੀਅਨ ਨੂੰ ਮਿਲਣ ਦੇ ਨਾਲ ਹੀ ਮੀਟਿੰਗ ਵੀ ਕੀਤੀ ਹੈ। ਜਿਸ ਤੋਂ ਸਾਫ਼ ਹੈ ਕਿ ਉਹ ਸਾਨੂੰ ਮਿਲਣਾ ਹੀ ਨਹੀਂ ਚਾਹੁੰਦੇ ਸਨ।
ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਦਫ਼ਤਰ ਵੱਲੋਂ ਕੀਤੇ ਗਏ ਇਸ ਵਿਵਹਾਰ ਤੋਂ ਬਾਅਦ ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਪੰਜਾਬ ਭਰ ਵਿੱਚ 1 ਜਾਂ ਫਿਰ 2 ਦਿਨ ਨਹੀਂ ਸਗੋਂ 15 ਦਿਨ ਤੱਕ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਸ਼ੁਰੂਆਤ 19 ਅਗਸਤ ਤੋਂ ਕੀਤੀ ਜਾਏਗੀ ਅਤੇ ਸਤੰਬਰ ਦੇ ਪਹਿਲੇ ਹਫ਼ਤੇ ਤੱਕ ਇਹ ਅਰਥੀ ਫੂਕ ਰੋਸ ਮੁਜ਼ਾਹਰੇ ਕੀਤੀ ਜਾਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।