ਮੋਤੀ ਮਹਿਲ ਵੱਲ ਜਾਂਦਾ ਰੋਕਿਆ ਬੇਰੁਜ਼ਗਾਰ ਅਧਿਆਪਕਾਂ ਦਾ ਕਾਫਲਾ
ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼
ਮੁੱਖ ਮੰਤਰੀ ਦੇ ਸ਼ਹਿਰ ਅੰਦਰ ਅੱਜ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਪੰਜਾਬ ਤੇ ਆਰਟ ਐਂਡ ਕਰਾਫਟ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਰੋਸ ਮੁਜ਼ਾਹਰਾ ਕਰਕੇ ਸਰਕਾਰ ਖਿਲਾਫ਼ ਭੜਾਸ ਕੱਢੀ ਗਈ ਇਸ ਦੌਰਾਨ ਅਨਾਜ ਮੰਡੀ ਤੋਂ ਮੋਤੀ ਮਹਿਲ ਵੱਲ ਰੋਸ ਮਾਰਚ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੇ ਵੱਡੇ ਕਾਫਲੇ ਨੂੰ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਕੋਲ ਪ੍ਰਸ਼ਾਸਨ ਵੱਲੋਂ ਰੋਕ ਲਿਆ ਗਿਆ, ਜਿੱਥੇ ਤਹਿਸੀਲਦਾਰ ਪਰਮਜੀਤ ਜਿੰਦਲ ਨੇ ਬੇਰੁਜ਼ਗਾਰ ਅਧਿਆਪਕਾਂ ਦਾ ਮੰਗ ਪੱਤਰ ਹਾਸਲ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ।
ਅਨਾਜ ਮੰਡੀ ਵਿਖੇ ਇਕੱਠੇ ਹੋਏ ਇਨ੍ਹਾਂ ਅਧਿਆਪਕਾਂ ਨੂੰ ‘ਰੁਜ਼ਗਾਰ ਪ੍ਰਾਪਤੀ ਕਨਵੈਨਸ਼ਨ’ ਦੌਰਾਨ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਆਗੂ ਤਰਸੇਮ ਲਾਲ ਧੂਰੀ ਨੇ ਬੋਲਦਿਆਂ ਕਿਹਾ ਕਿ ਅਸਲ ਵਿੱਚ ਸਰਕਾਰ ਨੇ ਜੋ ਪਬਲਿਕ ਸੈਕਟਰ ਦਾ ਭੋਗ ਪਾਉਣ ਦੀਆਂ ਨੀਤੀਆਂ 1991 ‘ਚ ਅਪਣਾਈਆਂ ਹਨ, ਉਨ੍ਹਾਂ ਨੀਤੀਆਂ ਦੀ ਬਦੌਲਤ ਅੱਜ ਪੰਜਾਬ ਅੰਦਰ ਬੇਰੁਜ਼ਗਾਰਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਤੇ ਨੌਜਵਾਨ ਬੇਰੁਜ਼ਗਾਰੀ ਦੇ ਆਲਮ ‘ਚ ਬੇਚੈਨੀ ਦਾ ਸ਼ਿਕਾਰ ਹੋ ਰਹੇ ਹਨ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਿੱਜੀਕਰਨ ਉਦਾਰੀਕਰਨ ਦੀਆਂ ਨੀਤੀਆਂ ਦੇ ਤਹਿਤ ਦੇਸ਼ ਦਾ ਦਿਵਾਲਾ ਕੱਢਿਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕਿਊਬਾ ਵਰਗੇ ਦੇਸ਼ਾਂ ਅੰਦਰ ਹਰੇਕ ਵਿਅਕਤੀ ਲਈ ਪੜ੍ਹਾਈ ਮੁਫ਼ਤ ਹੈ, ਪਰ ਭਾਰਤ ‘ਚ ਸਰਕਾਰੀ ਸਕੂਲਾਂ-ਕਾਲਜਾਂ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ, ਇਸ ਖ਼ਿਲਾਫ਼ ਅਧਿਆਪਕਾਂ ਨੂੰ ਆਪਣੇ ਸੰਘਰਸ਼ ਤਿੱਖੇ ਕਰਨੇ ਪੈਣਗੇ ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਨੌਜਵਾਨ ਨੂੰ ਰੁਜ਼ਗਾਰ ਦੀ ਗਾਰੰਟੀ ਕੀਤੀ ਜਾਵੇਗੀ, ਪਰ ਅੱਜ ਸਰਕਾਰ ਆਪਣੇ ਵਾਅਦੇ ਭੱਜ ਚੁੱਕੀ ਹੈ।
ਸੂਬਾ ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਓਂ ਨੇ ਕਿਹਾ ਕਿ ਪਿਛਲੀ ਦਿਨੀਂ ਸੂਬਾ ਸਰਕਾਰ ਵੱਲੋਂ ਕੀਤਾ ਸਰਕਾਰੀ ਸਕੂਲਾਂ ‘ਚ ਕਾਰਪੋਰੇਟ ਸੈਕਟਰ ਨੂੰ ਭਾਈਵਾਲ ਬਣਾਉਣ ਦਾ ਫੈਸਲਾ ਸਰਕਾਰ ਦੇ ਲੋਕ ਮਾਰੂ ਮਨਸੂਬਿਆਂ ਨੂੰ ਦਰਸਾਉਂਦਾ ਹੈ ਸੂਬਾ ਸਕੱਤਰ ਚੰਦਰ ਗੁਪਤ ਪਟਿਆਲਾ ਨੇ ਕਿਹਾ ਕਿ ਜੇਕਰ ਸਰਕਾਰ ਅਧਿਆਪਕਾਂ ਦੀ ਭਰਤੀ ਨਹੀਂ ਕਰਦੀ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ।
ਇਸ ਮੌਕੇ ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਝੁਨੀਰ, ਭਰਾਤਰੀ ਜਥੇਬੰਦੀਆਂ ਵੱਲੋਂ ਕਿਸਾਨ ਆਗੂ ਸਤਵੰਤ ਵਜੀਦਪੁਰ, ਕੰਵਲਜੀਤ ਤੇ ਵਿਦਿਆਰਥੀ ਆਗੂ ਨਵਕਿਰਨ ਪੱਤੀ ਨੇ ਸੰਬੋਧਨ ਕੀਤਾ ਇਸ ਮੌਕੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਰਣਦੀਪ ਸੰਗਤਪੁਰਾ, ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ, ਗੋਰਖਾ ਸਿੰਘ ਕੋਟੜਾ ਸਮੇਤ ਵੱਡੀ ਗਿਣਤੀ ‘ਚ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।