ਕਿਹਾ, ਬੇਅਦਬੀ ਮਾਮਲਿਆਂ ‘ਚ ਕਾਰਵਾਈ ਦੇ ਵਾਅਦੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ
ਹਰੇਕ ਕਸ਼ਮੀਰੀ ਵਿਦਿਆਰਥੀ ਅੱਤਵਾਦੀ ਨਹੀਂ, 1 ਹਜ਼ਾਰ ਤੋਂ ਜ਼ਿਆਦਾ ਕਸ਼ਮੀਰੀ ਵਿਦਿਆਰਥੀ ਪੰਜਾਬ ‘ਚ
ਅਸ਼ਵਨੀ ਚਾਵਲਾ, ਚੰਡੀਗੜ੍ਹ੍ਹ
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਕਿਸੇ ਵੀ ਗਰਮਖਿਆਲੀ ਨੂੰ ਨਹੀਂ ਦਿੱਤੀ ਜਾਵੇਗੀ ਭਾਵੇਂ ਉਹ ਕੋਈ ਵੀ ਕਿਉਂ ਨਾ ਹੋਵੇ। ਉਨ੍ਹਾਂ ਜਾਂ ਫਿਰ ਕਾਂਗਰਸ ਦਾ ਕਦੇ ਵੀ ਗਰਮਖਿਆਲੀਆਂ ਨਾਲ ਕੋਈ ਵੀ ਨਾਤਾ ਨਹੀਂ ਰਿਹਾ ਹੈ।ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ‘ਚ ਇਨ੍ਹਾਂ ਦੀ ਹਮਾਇਤ ਨਹੀਂ ਕਰਾਂਗਾ ਇਹ ਗੱਲ ਹਰ ਕੋਈ ਜਾਣਦਾ ਹੈ ਕਿ ਕੁਝ ਲੋਕ ਇਸ ਮੁੱਦੇ ਦਾ ਸਿਆਸੀਕਰਨ ਕੀਤੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸੂਬੇ ਦੇ ਲੋਕ ਅਮਨਪਸੰਦ ਹਨ, ਜਿਸ ਕਰਕੇ ਇਸ ਮੁੱਦੇ ਤੋਂ ਸਿਆਸੀ ਲਾਹਾ ਖੱਟਣ ਵਾਲੇ ਅਜਿਹੇ ਤੱਤਾਂ ਦੀਆਂ ਕੋਸ਼ਿਸ਼ਾਂ ਨੂੰ ਬੂਰ ਨਹੀਂ ਪਵੇਗਾ।
ਇੱਥੇ ਮੁੱਖ ਮੰਤਰੀ ਅਮਰਿੰਦਰ ਸਿੰਘ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਕੀਤਾ। ਮੁੱਖ ਮੰਤਰੀ ਨੇ ਗਰਮਖਿਆਲੀਆਂ ਨੂੰ ਪੰਜਾਬ ਵਿੱਚ ਸਖ਼ਤ ਘਾਲਣਾ ਘਾਲ ਕੇ ਕਾਇਮ ਕੀਤੀ ਸ਼ਾਂਤੀ ਵਿੱਚ ਵਿਘਨ ਪਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਤਾੜਨਾ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਟਰੋਲ ਹਾਸਲ ਲੈਣ ਲਈ ਗਰਮਖਿਆਲੀਆਂ ਦਾ ਸਮਰਥਨ ਕਰਨ ਬਾਰੇ ਪੁੱਛੇ ਜਾਣ ਬਾਰੇ ਮੁੱਖ ਮੰਤਰੀ ਨੇ ਉਨਾਂ ਦਾ ਅਜਿਹੇ ਗਰੁੱਪਾਂ ਨਾਲ ਕਦੇ ਵੀ ਕੋਈ ਨਾਤਾ ਨਹੀਂ ਰਿਹਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਕੰਟਰੋਲ ਹਾਸਲ ਕਰਨ ਵਿੱਚ ਜੇਕਰ ਸਿੱਖਾਂ ਦਾ ਕੋਈ ਨਰਮਖਿਆਲੀ ਗਰੁੱਪ ਚੋਣ ਮੈਦਾਨ ਵਿੱਚ ਉਤਰਦਾ ਹੈ ਤਾਂ ਉਹ ਉਨਾਂ ਦੀ ਹਮਾਇਤ ਕਰਨਗੇ ਕਿਉਂਕਿ ਬਾਦਲਾਂ ਨੂੰ ਇੱਥੋਂ ਬਾਹਰ ਦਾ ਰਸਤਾ ਵਿਖਾਉਣਾ ਚਾਹੁੰਦੇ ਹਨ। ਉਨਾਂ ਕਿਹਾ,”ਬਾਦਲਾਂ ਨੇ ਗੁਰਦੁਆਰਿਆਂ ਨੂੰ ਬਰਬਾਦ ਕਰ ਦਿੱਤਾ।” ਉਨਾਂ ਕਿਹਾ ਕਿ ਜਿੱਥੋਂ ਤੱਕ ਬਾਦਲ ਦਾ ਸਵਾਲ ਹੈ, ਉਹ ਉਦਾਰਵਾਦੀ ਨਹੀਂ ਸਗੋਂ ਇਕ ਮੌਕਾਪ੍ਰਸਤ ਹੈ ਜੋ ਆਪਣੀਆਂ ਸਿਆਸੀ ਖਾਹਿਸ਼ਾਂ ਦੀ ਪੂਰਤੀ ਲਈ ਹਰੇਕ ਤਰਾਂ ਦੇ ਲੋਕਾਂ ਨੂੰ ਵਰਤਦਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੌੜੇ ਰਾਜਸੀ ਹਿੱਤਾਂ ਦੀ ਖਾਤਰ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ ਦਾ ਸਿਆਸੀਕਰਨ ਕਰਨ ਵਾਲਿਆਂ ‘ਤੇ ਵਰਦਿਆਂ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਅਤੇ ਇਸ ਤੋਂ ਬਾਅਦ ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਵਾਪਰੇ ਗੋਲੀਕਾਂਡ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜਾ ਕਰਨ ਬਾਰੇ ਉਨਾਂ ਵੱਲੋਂ ਕੀਤੇ ਵਾਅਦੇ ਤੋਂ ਪਿੱਛੇ ਮੁੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਰਗਾੜੀ ਤੇ ਹੋਰ ਘਟਨਾਵਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ ਪਰ ਕਾਨੂੰਨ ਤਹਿਤ ਮੈਂ ਟੀਮ ਦੇ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਨਹੀਂ ਕਰ ਸਕਦਾ।” ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਤੋਂ ਜਾਣੂੰ ਹੈ ਜਿਸ ਕਰਕੇ ਉਹ ਆਪਣੀ ਜਾਂਚ ਨੂੰ ਲਮਕਾਏਗੀ ਨਹੀਂ। ਉਨਾਂ ਨੇ ਐਲਾਨ ਕੀਤਾ ਕਿ ਜੇਕਰ ਜਾਂਚ ਟੀਮ ਨੂੰ ਕਿਸੇ ਖਿਲਾਫ਼ ਕਾਰਵਾਈ ਲਈ ਕੋਈ ਆਧਾਰ ਮਿਲਿਆ ਤਾਂ ਉਹ ਇਸ ਲਈ ਅਦਾਲਤ ਵਿੱਚ ਜਾਵੇਗੀ।
ਇਨਾਂ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਨ ਲਈ ਕਾਂਗਰਸ ਪਾਰਟੀ ਦੇ ਚੋਣ ਵਾਅਦੇ ਨੂੰ ਪੂਰਾ ਕਰਨ ਵਾਸਤੇ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਉਨਾਂ ਦੀ ਸਰਕਾਰ ਵੱਲੋਂ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਐਸ.ਆਈ.ਟੀ. ਨੂੰ ਸੌਂਪਣ ਦਾ ਫੈਸਲਾ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਲਿਆ ਗਿਆ ਹੈ। ਉਨਾਂ ਕਿਹਾ ਕਿ ਸਰਕਾਰ ਨੇ ਸ਼ੁਰੂਆਤ ਵਿੱਚ ਜਾਂਚ ਦਾ ਜ਼ਿੰਮਾ ਸੀ.ਬੀ.ਆਈ. ਦੇ ਹੱਥਾਂ ਵਿੱਚ ਦੇਣ ਦਾ ਫੈਸਲਾ ਕੀਤਾ ਸੀ ਪਰ ਸਦਨ ਨੇ ਇਸ ਦੇ ਵਿਰੁੱਧ ਫੈਸਲਾ ਲਿਆ ਸੀ ਕਿ ਕੇਂਦਰੀ ਜਾਂਚ ਏਜੰਸੀ ਕੋਲ ਜਾਂਚ ਪ੍ਰਭਾਵਿਤ ਹੋਣ ਦਾ ਡਰ ਹੈ ਕਿਉਂਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿੱਚ ਅਕਾਲੀ ਭਾਈਵਾਲ ਹਨ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਈ.ਐਸ.ਆਈ. ਲੰਮੇ ਸਮੇਂ ਤੋਂ ਪੰਜਾਬ ਵਿੱਚ ਸਰਗਰਮ ਹੈ ਅਤੇ ਇਹ ਕਸ਼ਮੀਰੀ ਵਿਦਿਆਰਥੀਆਂ ਰਾਹੀਂ ਕਾਰਵਾਈਆਂ ਅਮਲ ਵਿੱਚ ਲਿਆ ਸਕਦੀ ਹੈ। ਹਾਲਾਂਕਿ ਕਸ਼ਮੀਰ ਦਾ ਹਰੇਕ ਵਿਦਿਆਰਥੀ ਅੱਤਵਾਦੀ ਨਹੀਂ ਹੈ ਅਤੇ ਪੁਲਿਸ ਵੀ ਅਜੇ ਤੱਕ ਗ੍ਰਿਫਤਾਰ ਕੀਤੇ ਵਿਦਿਆਰਥੀਆਂ ਦੇ ਸਥਾਨਕ ਲੋਕਾਂ ਨਾਲ ਸੰਪਰਕਾਂ ਨੂੰ ਸਾਬਤ ਨਹੀਂ ਕਰ ਸਕੀ।
ਪੈਟਰੋਲ ਹੀ ਐ ਕਮਾਈ ਦਾ ਸਾਧਨ, ਰੇਟ ਘਟਾਏ ਤਾਂ ਸਾਨੂੰ ਹੀ ਘਰ ਤੋਰ ਦਿਓ!
ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਬੰਧੀ ਕੋਈ ਵੀ ਰਾਹਤ ਨਹੀਂ ਮਿਲਣ ਵਾਲੀ ਹੈ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਇਸ ਪਾਸੇ ਨੂੰ ਤੁਰਨ ਵਾਲਾ ਨਹੀਂ ਹੈ। ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਇੱਕੋ-ਇੱਕ ਹੀ ਤਾਂ ਕਮਾਈ ਦਾ ਸਾਧਨ ਹੈ, ਜਦੋਂ ਕਿ ਜੀ.ਐਸ.ਟੀ. ਰਾਹੀਂ ਸਾਰੇ ਕਮਾਈ ਦੇ ਸਾਧਨ ਕੇਂਦਰ ਸਰਕਾਰ ਨੇ ਸੰਭਾਲ ਲਏ ਹਨ। ਜੇਕਰ ਇਹ ਵੀ ਘਟਾਉਣਾ ਹੈ ਤਾਂ ਸਾਨੂੰ ਘਰ ਹੀ ਤੋਰ ਦਿਓ।
ਸਰਕਾਰ ਕੋਲ ਨਹੀਂ ਐ ਪੈਸਾ, ਪਰ ਅਧਿਆਪਕਾਂ ਦਾ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ:
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਅੰਦੋਲਨ ਕਰ ਰਹੇ ਅਧਿਆਪਕਾਂ ਤੇ ਹੋਰ ਐਡਹਾਕ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਤੇ ਇਸ ਸਬੰਧੀ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।