ਸਾਬਕਾ ਮੰਤਰੀ ਰੱਖੜਾ ਤੇ ਲੀਡਰਸ਼ਿਪ ਅਧਿਆਪਕਾਂ ਦੇ ਧਰਨੇ ‘ਚ ਹੋਏ ਸ਼ਾਮਲ
ਖੁਸ਼ਵੀਰ ਸਿੰਘ ਤੂਰ, ਪਟਿਆਲਾ
ਇੱਥੇ ਮੁੱਖ ਮੰਤਰੀ ਦੇ ਸ਼ਹਿਰ ‘ਚ ਸਾਂਝੇ ਅਧਿਆਪਕ ਮੋਰਚੇ ਵੱਲੋਂ ਲਾਏ ਗਏ ਧਰਨੇ ‘ਚ ਅੱਜ ਅਕਾਲੀ ਦਲ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੋਂ ਇਲਾਵਾ ਹੋਰ ਆਗੂ ਪੁੱਜੇ ਤੇ ਉਨ੍ਹਾਂ ਵੱਲੋਂ ਕਾਂਗਰਸ ਸਰਕਾਰ ਦੁਆਰਾ ਅਧਿਆਪਕਾਂ ਦੀਆਂ ਤਨਖਾਹਾਂ ‘ਚ ਕੀਤੀ ਗਈ ਕਟੌਤੀ ਦੀ ਨਿਖੇਧੀ ਕੀਤੀ।
ਇਸ ਮੌਕੇ ਪਹੁੰਚੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਚੰਡੀਗੜ੍ਹ ‘ਚ ਅਧਿਆਪਕਾਂ ਦੀ ਤਨਖਾਹ ਦੀ ਮੰਗ ਪ੍ਰਵਾਨ ਕਰਨ ਤੋਂ ਕੋਰਾ ਇਨਕਾਰ ਕਰਨ ਦਾ ਬਿਆਨ ਬਹੁਤ ਹੀ ਮੰਦਭਾਗਾ ਤੇ ਅਧਿਆਪਕਾਂ ਨਾਲ ਨਜਾਇਜ਼ ਧੱਕਾ ਹੈ। ਰੱਖੜਾ ਤੇ ਜ਼ਿਲ੍ਹੇ ਦੀ ਲੀਡਰਸ਼ਿਪ ਅੱਜ ਇੱਥੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਨੇੜੇ ਚੱਲ ਰਹੇ ਧਰਨੇ ‘ਚ ਸ਼ਾਮਲ ਹੋਈ ਤੇ ਸਰਕਾਰ ਦੀ ਧੱਕੇਸ਼ਾਹੀ ਦੀ ਜ਼ੋਰਦਾਰ ਨਿਖੇਧੀ ਕੀਤੀ।
ਇਸ ਮੌਕੇ ਰੱਖੜਾ ਨੇ ਆਖਿਆ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਪਹਿਲਾਂ ਇਹ ਰਿਪੋਰਟਾਂ ਆ ਰਹੀਆਂ ਸਨ ਕਿ ਮੁੱਖ ਮੰਤਰੀ ਨੇ ਆਪਣੇ ਜੱਦੀ ਸ਼ਹਿਰ ‘ਚ ਅਧਿਆਪਕਾਂ ਦੇ ਧਰਨੇ ਦਾ ਗੰਭੀਰ ਨੋਟਿਸ ਲਿਆ ਹੈ ਪਰ ਹੁਣ ਮੁੱਖ ਮੰਤਰੀ ਦੇ ਬਿਆਨ ਨੇ ਅਧਿਆਪਕਾਂ ਦੇ ਹਿੱਤਾਂ ਨੂੰ ਵੱਡੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਕੋਈ ਨਜਾਇਜ਼ ਗੱਲ ਨਹੀਂ ਕਹਿ ਰਹੇ, ਸਗੋਂ ਪਹਿਲਾਂ ਤੋਂ ਪ੍ਰਾਪਤ ਹੋ ਰਹੀ ਤਨਖਾਹ ਬਹਾਲ ਕਰਨ ਦੀ ਮੰਗ ਕਰ ਰਹੇ ਹਨ।
ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਸਰੋਕਾਰਾਂ ਤੇ ਮੌਜ਼ੂਦਾ ਦੌਰ ਦਾ ਖਿਆਲ ਰੱਖਦਿਆਂ ਅਧਿਆਪਕ ਮੰਗਾਂ ਤੁਰੰਤ ਪ੍ਰਵਾਨ ਕਰਨ। ਇਸ ਮੌਕੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਐਡਵੋਕੇਟ ਸਤਬੀਰ ਸਿੰਘ ਖੱਟੜਾ ਪਟਿਆਲਾ ਦਿਹਾਤੀ, ਕਬੀਰ ਦਾਸ ਨਾਭਾ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਾਬਕਾ ਚੇਅਰਮੈਨ ਨਰਦੇਵ ਸਿੰਘ ਆਕੜੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਸਮੇਤ ਹੋਰ ਆਗੂ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।