ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ‘ਚ 5 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨ
ਮਨਜੀਤ ਸਿੰਘ ਬਿਲਾਸਪੁਰ ਨੂੰ ਐੱਸਸੀ ਵਿੰਗ ਦਾ ਪ੍ਰਧਾਨ ਤੇ ਕੁਲਵੰਤ ਸਿੰਘ ਪੰਡੋਰੀ ਨੂੰ ਸਹਿ ਪ੍ਰਧਾਨ ਕੀਤਾ ਨਿਯੁਕਤ
ਚੰਡੀਗੜ੍ਹ, ਅਸ਼ਵਨੀ ਚਾਵਲਾ, ਸੱਚ ਕਹੂੰ ਨਿਊਜ
ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਪੰਜਾਬ ਕੋਰ ਕਮੇਟੀ ਦੀ ਬੈਠਕ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਹੋਈ। ਇਸ ‘ਚ ਕੋਰ ਕਮੇਟੀ ਮੈਂਬਰ ਤੇ ਸੰਸਦ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ, ਮਨਜੀਤ ਸਿੰਘ ਬਿਲਾਸਪੁਰ, ਰੁਪਿੰਦਰ ਕੌਰ ਰੂਬੀ, ਅਮਰਜੀਤ ਸਿੰਘ ਸੰਦੋਆ ਤੇ ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ), ਡਾ. ਬਲਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਡਾ. ਰਵਜੋਤ ਸਿੰਘ, ਦਲਬੀਰ ਸਿੰਘ ਢਿੱਲੋਂ ਤੇ ਗੁਰਦਿੱਤ ਸਿੰਘ ਸੇਖੋਂ, ਸੁਖਵਿੰਦਰ ਸੁੱਖੀ, ਜਮੀਲੂ ਉਰ-ਰਹਿਮਾਨ ਤੇ ਮਨਜੀਤ ਸਿੱਧੂ ਮੈਂਬਰ ਕੋਰ ਕਮੇਟੀ ਸ਼ਾਮਲ ਹੋਏ। ਬੈਠਕ ਦੌਰਾਨ ਬੀਬੀ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਇੱਕ ਪੰਜ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ, ਜੋ ਪਾਰਟੀ ਦੇ ਨਾਰਾਜ਼ ਆਗੂਆਂ ਨਾਲ ਦੂਰੀਆਂ ਖ਼ਤਮ ਕਰਨ ਲਈ ਕੰਮ ਕਰੇਗੀ।
ਕਮੇਟੀ ‘ਚ ਸੰਸਦ ਮੈਂਬਰ ਭਗਵੰਤ ਮਾਨ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ ਤੇ ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ) ਸ਼ਾਮਲ ਹਨ। ਪਾਰਟੀ ਦੇ ਸੰਗਠਨਾਤਮਕ ਢਾਂਚੇ ਦੇ ਵਿਸਥਾਰ ਤਹਿਤ ਕੋਰ ਕਮੇਟੀ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ‘ਆਪ’ ਐੱਸ. ਸੀ. (ਦਲਿਤ) ਵਿੰਗ ਦਾ ਸੂਬਾ ਪ੍ਰਧਾਨ ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਸੂਬਾ ਸਹਿ ਪ੍ਰਧਾਨ ਨਿਯੁਕਤ ਕੀਤਾ। ਕੋਰ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੀਡੀਆ ਰਾਹੀਂ ਸੰਦੇਸ਼ ਦਿੱਤਾ ਕਿ ਉਹ ਫੂਲਕਾ ਦਾ ਅਸਤੀਫ਼ਾ ਪ੍ਰਵਾਨ ਕਰਨ ਦੀ ਥਾਂ ਬੇਅਦਬੀ ਤੇ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ।
ਕੋਰ ਕਮੇਟੀ ‘ਚ ਡੀਜ਼ਲ-ਪੈਟਰੋਲ ਤੇ ਬਿਜਲੀ ਦੀਆਂ ਰੋਜ਼ ਵਧਦੀਆਂ ਦਰਾਂ ਵਿਰੁੱਧ ਲੋਕ ਹਿੱਤ ਸੰਘਰਸ਼ ਸ਼ੁਰੂ ਕਰਨ ਦੇ ਪ੍ਰੋਗਰਾਮ ਉਲੀਕੇ। ਇਹ ਵੀ ਫੈਸਲਾ ਲਿਆ ਗਿਆ ਕਿ ਲੋਕ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦਾ ਐਲਾਨ ਨਵੰਬਰ ਦੇ ਅੰਤ ਤੱਕ ਕਰ ਦਿੱਤਾ ਜਾਵੇਗਾ। ਕੋਰ ਕਮੇਟੀ ‘ਚ ਭਗਵੰਤ ਮਾਨ ਤੇ ਪ੍ਰੋ. ਸਾਧੂ ਸਿੰਘ ਵੱਲੋਂ ਪੀਜੀਆਈ ਚੰਡੀਗੜ੍ਹ ਨੂੰ ਸਟੇਨਲੈਸ ਸਟੀਲ ਦੀਆਂ 300 ਟਰਾਲੀਆਂ ਦੇਣ ਦੀ ਸ਼ਲਾਘਾ ਕੀਤੀ ਗਈ, ਜੋ 30 ਲੱਖ ਦੀ ਕੀਮਤ ਨਾਲ ਅਗਲੇ ਕੁਝ ਦਿਨਾਂ ‘ਚ ਪੀਜੀਆਈ ਨੂੰ ਮਿਲ ਜਾਣਗੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।