ਮੁੱਖ ਮੰਤਰੀ ਵੱਲੋਂ ਏਕਤਾ ਦੇ ਸੱਦੇ ਨਾਲ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ
ਸੱਚ ਕਹੂੰ ਨਿਊਜ਼, ਸੁਲਤਾਨਪੁਰ ਲੋਧੀ
ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਰਾਮਨਾਥ ਕੋਵਿੰਦ 26 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਣਗੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ ਕੀਤੀ ਅੱਜ ਦੇ ਸਮਾਗਮ ‘ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਰਾਜਪਾਲ ਪੰਜਾਬ ਵੀਪੀ ਸਿੰਘ ਬਦਨੌਰ ਤੇ ਕੁਲ ਹਿੰਦ ਕਾਂਗਰਸ ਕਮੇਟੀ ਦੀ ਸਕੱਤਰ ਆਸਾ ਕੁਮਾਰੀ ਵੀ ਵਿਸ਼ੇਸ਼ ਤੌਰ ‘ਤੇ ਪੁੱਜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਗੁਰਪੁਰਬ ਦੇ ਪਵਿੱਤਰ ਦਿਹਾੜੇ ‘ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸਿਧਾਂਤਾਂ ਅਤੇ ਵਿਚਾਰਾਂ ਨੂੰ ਧਾਰਨ ਕਰਨ ਦਾ ਸੱਦਾ ਦਿੱਤਾ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਵੀ
ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ ਮੌਕੇ ਹਾਜ਼ਰ ਸਨ ਅਤੇ ਉਨਾਂ ਨੇ ਦਿੱਲੀ ਅਧਾਰਿਤ ਨੈਸ਼ਨਲ ਇੰਸਟੀਚਿਊਟ ਆਫ ਪੰਜਾਬ ਸਟੱਡੀਜ਼ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਦੀ ਇਤਿਹਾਸ ਨੂੰ ਰਤੀਮਾਨ ਕਰਦੀ ਪ੍ਰਦਰਸ਼ਨੀ ‘ਰਬਾਬ ਤੋਂ ਨਗਾੜਾ’ ਦਾ ਉਦਘਾਟਨ ਵੀ ਕੀਤਾ ਆਪਣੀ ਸਰਕਾਰ ਵੱਲੋਂ ਇਹ ਸਮਾਰੋਹ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹੈ ਕਿਉਂਕਿ ਉਸ ਨੂੰ ਇਹ ਇਤਿਹਾਸਕ ਸਮਾਰੋਹ ਮਨਾਉਣ ਦਾ ਮੌਕਾ ਮਿਲਿਆ ਹੈ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਸਮਾਰੋਹ ਗੈਰ-ਸਿਆਸੀ ਅਤੇ ਬਗੈਰ ਪੱਖਪਾਤ ਤੋਂ ਮਨਾਵੇਗੀ ਮੁੱਖ ਮੰਤਰੀ ਨੇ ਕਿਹਾ ਕਿ ਜਾਤ, ਨਸਲ ਅਤੇ ਨਾ-ਬਰਾਬਰੀ ਸਾਡੇ ਸਮਾਜ ਵਿੱਚ ਮੁੜ ਪੈਰ ਪਾਸਾਰ ਰਹੀ ਹੈ ਅਤੇ ਸਾਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਮਾਰਗ ਅਨੁਸਾਰ ਇਨ੍ਹਾਂ ਤੋਂ ਉਪਰ ਉਠਣ ਦੀ ਜ਼ਰੂਰਤ ਹੈ
ਇਨ੍ਹਾਂ ਵਿਸ਼ੇਸ਼ ਸਮਾਰੋਹਾਂ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਪ੍ਰਧਾਨ ਮੰਤਰੀ ਦੇ ਸਮਰਥਨ ਵਾਸਤੇ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਵੱਖ-ਵੱਖ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਬੇਨਤੀ ਪ੍ਰਵਾਨ ਕਰਨ ਤੇ ਦੁਨੀਆਂ ਭਰ ਦੇ ਪੰਜਾਬੀਆਂ ਤੇ ਪੰਜਾਬ ਦੇ ਲੋਕਾਂ ਦੀ ਤਰਫ਼ੋਂ ਸ੍ਰੀ ਨਰਿੰਦਰ ਮੋਦੀ ਅਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਤ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ‘ਤੇ ਵੀ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਚਿਰੋਕਣੀ ਮੰਗ 26 ਨਵੰਬਰ ਨੂੰ ਉਸ ਵੇਲੇ ਪੂਰੀ ਹੋ ਜਾਵੇਗੀ ਜਦੋਂ ਉਹ ਅਤੇ ਭਾਰਤ ਦੇ ਰਾਸ਼ਟਰਪਤੀ ਇਸ ਲਾਂਘੇ ਦਾ ਨੀਂਹ ਪੱਥਰ ਰੱਖਣਗੇ ਉਨ੍ਹਾਂ ਇਸ ਸਬੰਧ ਵਿੱਚ ਪਾਕਿਸਤਾਨ ਸਰਕਾਰ ਵੱਲੋਂ ਭਰੇ ਹੁੰਗਾਰੇ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਵਾਸਤੇ ਹਰ ਲੋੜੀਂਦਾ ਯੋਗਦਾਨ ਦੇਵੇਗੀ
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਮਨਮੋਹਨ ਸਿੰਘ ਨੇ ਇਸ ਸੁਭਾਗੀ ਘੜੀ ਦਾ ਹਿੱਸਾ ਬਣਨ ਦਾ ਮੌਕਾ ਦੇਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਦਾ ਧੰਨਵਾਦ ਕੀਤਾ ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਫਿਰਕਾਪ੍ਰਸਤੀ ਅਤੇ ਨਫ਼ਰਤ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਇਹ ਸਮਾਰੋਹ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਵੇਗਾ ਸਾਬਕਾ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਫਿਰਕੂ ਲੀਹ ‘ਤੇ ਵੰਡਣ ਦੀ ਕੋਸ਼ਿਸ਼ ਵਿਰੁੱਧ ਲੋਕਾਂ ਨੂੰ ਸੁਚੇਤ ਕਰਦਿਆਂ ਲੋਕਾਂ ਨੂੰ ਜਾਤ, ਰੰਗ, ਨਸਲ, ਧਰਮ ਤੋਂ ਉਪਰ ਉਠ ਕੇ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਵਿੱਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਸਮਾਗਮ ਦੌਰਾਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਆਸ਼ਾ ਕਮਾਰੀ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਾਬਕਾ ਕ੍ਰਿਕਟ ਖਿਡਾਰੀ ਕਪਿਲ ਦੇਵ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਸਾਧੂ ਸਿੰਘ ਧਰਮਸੋਤ, ਓ.ਪੀ. ਸੋਨੀ, ਬਲਬੀਰ ਸਿੰਘ ਸਿੱਧੂ, ਰਾਣਾ ਗੁਰਮੀਤ ਸਿੰਘ ਸੋਢੀ, ਵਿਜੇ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੋਂ ਇਲਾਵਾ ਸੰਤ ਸਮਾਜ ਦੇ ਮੈਂਬਰ ਵੀ ਹਾਜ਼ਰ ਸਨ