ਅਮਰਿੰਦਰ ਵੱਲੋਂ ਵਪਾਰਕ ਬੈਂਕਾਂ ਦੇ 1,09,730 ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਦਿੱਤੀ ਕਰਜ਼ਾ ਰਾਹਤ
ਪਟਿਆਲਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਰਾਹਤ ਸਕੀਮ ਦੇ ਅਗਲੇ ਪੜਾਅ ਤਹਿਤ ਅੱਜ ਸੂਬੇ ਭਰ ਦੇ 1,09,730 ਕਿਸਾਨਾਂ ਨੂੰ ਵਪਾਰਕ ਬੈਂਕਾਂ ਦੇ 1771 ਕਰੋੜ ਦੇ ਕਰਜ਼ੇ ਤੋਂ ਰਾਹਤ ਦਿੱਤੀ। ਮੁੱਖ ਮੰਤਰੀ ਵੱਲੋਂ ਅਗਲੇ ਸਮੇਂ ਵਿੱਚ ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਵੀ ਇਸ ਦਾ ਲਾਭ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਤੋਂ ਕੇਂਦਰੀ ਏਸ਼ੀਆਈ ਮੁਲਕਾਂ ਨੂੰ ਆਲੂ ਅਤੇ ਖੰਡ ਬਰਾਮਦ ਕਰਨ ਦੀ ਮੰਗ ਕੀਤੀ ਗਈ ਹੈ, ਤਾ ਜੋ ਕਿਸਾਨਾਂ ਨੂੰ ਇਨ੍ਹਾਂ ਦਾ ਚੰਗਾ ਭਾਅ ਮਿਲ ਸਕੇ।
ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਕੁਝ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਸਿੱਧੀ ਵਪਾਰਕ ਬੈਂਕਾਂ ਨਾਲ ਸਬੰਧਿਤ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ਅਤੇ ਇਸ ਪ੍ਰਕਿਰਿਆ ਨੂੰ ਭਲਕ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਇਸ ਮੌਕੇ ਅਗਲੇ ਪੜਾਵਾਂ ਵਿੱਚ ਬੇਜ਼ਮੀਨੇ ਕਾਮਿਆਂ ਦਾ ਕਰਜ਼ਾ ਮੁਆਫ ਕਰਨ ਦੀ ਗੱਲ ਵੀ ਆਖੀ। ਉਨ੍ਹਾਂ ਕਿਹਾ ਕਿ ਸਾਰੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ‘ਚ ਸਹਿਕਾਰੀ ਬੈਂਕਾਂ ਦੇ 3.18 ਲੱਖ ਛੋਟੇ ਕਿਸਾਨਾਂ ਦਾ 1815 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ ਅਤੇ ਅੱਜ ਵਪਾਰਕ ਬੈਂਕਾਂ ਦੇ 1.09 ਲੱਖ ਛੋਟੇ ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ। ਕੈਪਟਨ ਨੇ ਕਿਹਾ ਕਿ ਤੀਜੇ ਪੜਾਅ ਵਿੱਚ ਸਹਿਕਾਰੀ ਬੈਂਕਾਂ ਨਾਲ ਜੁੜੇ 2.15 ਲੱਖ ਛੋਟੇ ਕਿਸਾਨਾਂ ਨੂੰ ਕਰਜ਼ਾ ਰਾਹਤ ਮੁਹੱਈਆ ਕਰਵਾਈ ਜਾਵੇਗੀ ਜਦਕਿ ਚੌਥੇ ਪੜਾਅ ਵਿੱਚ ਵਪਾਰਕ ਬੈਂਕਾਂ ਦੇ 50752 ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ ਹੋਵੇਗਾ।
ਇਸ ਮੌਕੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਛੇਤੀ ਹੀ ਸੂਬੇ ਦੇ 43 ਲੱਖ ਲੋਕਾਂ ਨੂੰ 5 ਲੱਖ ਰੁਪਏ ਦੀ ਨਗ਼ਦੀ ਰਹਿਤ ਬੀਮਾ ਸਕੀਮ ਦੇ ਘੇਰੇ ‘ਚ ਲਿਆ ਕੇ ਸਿਹਤ ਸੇਵਾਵਾਂ ਦਾ ਲਾਭ ਦਿੱਤਾ ਜਾਵੇਗਾ ਜੋ ਕਿ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ‘ਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ। ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਇਸ ਕਰਜ਼ਾ ਰਾਹਤ ਸਕੀਮ ਲਈ ਸੂਬੇ ਦੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਇਸ ਅਹਿਮ ਉਪਰਾਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।