ਤਿੰਨ ਹੋਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ
ਨਵੀਂ ਦਿੱਲੀ, ਏਜੰਸੀ। ਦਿੱਲੀ ‘ਚ ’84 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ‘ਚ ਦਿੱਲੀ ਹਾਈ ਕੋਰਟ ਨੇ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜੱਜ ਐਸ. ਮੁਰਲੀਧਰ ਅਤੇ ਜੱਜ ਵਿਨੋਦ ਗੋਇਲ ਦੀ ਬੈਂਚ ਨੇ ਸੋਮਵਾਰ ਨੂੰ ਸੱਜਣ ਕੁਮਾਰ ਨੂੰ ਦੰਗਾ ਭੜਕਾਉਣ ਅਤੇ ਸਾਜਿਸ ਰਚਣ ਦਾ ਦੋਸ਼ੀ ਕਰਾਰ ਦਿੱਤਾ ਅਤੇ ਇਸ ਲਈ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਸੱਜਣ ਕੁਮਾਰ ਨੂੰ ਹੇਠਲੀ ਅਦਾਲਤ ਨੇ ਇਸ ਮਾਮਲੇ ‘ਚ ਬਰੀ ਕਰ ਦਿੱਤਾ ਸੀ ਜਿਸ ਤੋਂ ਬਾਅਦ ਪੀੜਤ ਪੱਖ ਅਤੇ ਕੇਂਦਰੀ ਜਾਂਚ ਬਿਊਰੋ ਨੇ ਹਾਈਕੋਰਟ ‘ਚ ਅਪੀਲ ਕੀਤੀ ਸੀ।
ਇਸ ਮਾਮਲੇ ‘ਚ ਸੱਜਣ ਕੁਮਾਰ ਤੋਂ ਬਿਨਾਂ ਤਿੰਨ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਜਿਹਨਾਂ ‘ਚ ਕੈਪਟਨ ਭਾਗਮਲ, ਗਿਰਧਾਰੀ ਲਾਲ ਅਤੇ ਕਾਂਗਰਸ ਦੇ ਪਾਰਸ਼ਦ ਬਲਵਨ ਖੋਖਰ ਸ਼ਾਮਲ ਹਨ। ਹਾਈਕੋਰਟ ਨੇ ਇਸ ਮਾਮਲੇ ‘ਚ ਦੋ ਹੋਰ ਦੋਸ਼ੀਆਂ ਦੀ ਸਜ਼ਾ ਤਿੰਨ ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਪਿਛਲੇ ਮਹੀਨੇ ਪਟਿਆਲਾ ਹਾਊਸ ਕੋਰਟ ‘ਚ ਗਵਾਹ ਸ਼ਾਮ ਕੌਰ ਨੇ ਸੱਜਣ ਕੁਮਾਰ ਨੂੰ ਪਹਿਚਾਣ ਲਿਆ ਸੀ। ਚਾਮ ਕੌਰ ਦਾ ਕਹਿਣਾ ਸੀ ਕਿ ਘਟਨਾ ਸਥਾਨ ‘ਤੇ ਮੌਜ਼ੂਦ ਸੱਜਣ ਨੇ ਕਿਹਾ ਸੀ ਕਿ ਸਾਡੀ ਮਾਂ (ਇੰਦਰਾ ਗਾਂਧੀ) ਦਾ ਕਤਲ ਸਿੱਖਾਂ ਨੇ ਕੀਤਾ ਹੈ, ਇਸ ਲਈ ਇਹਨਾਂ ਨੂੰ ਨਹੀਂ ਛੱਡਣਾ। ਬਾਅਦ ‘ਚ ਉਸੇ ਭੀੜ ਨੇ ਉਕਸਾਵੇ ‘ਚ ਆ ਕੇ ਉਸ ਦੇ ਬੇਟੇ ਅਤੇ ਪਿਤਾ ਦਾ ਕਤਲ ਕਰ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।