ਸੂਬਾ ਚੋਣ ਕਮਿਸ਼ਨ ਅਤੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੇ ਲਿਖਿਆ ਸਿੱਖਿਆ ਵਿਭਾਗ ਨੂੰ ਪੱਤਰ
ਸਰਦੀਆਂ ਦੀਆਂ ਹੋਣ ਵਾਲੀ 25 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਰੱਦ ਕਰਨ ਦੀ ਕੀਤੀ ਮੰਗ
ਚੰਡੀਗੜ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜਾਈ ਕਰਵਾਉਣ ਵਾਲੇ ਅਧਿਆਪਕਾਂ ਨੂੰ ਇਸ ਸਾਲ ਨਾ ਹੀ ਸਰਦੀ ਦੀਆਂ ਛੁੱਟੀਆਂ ਦਾ ਆਨੰਦ ਮਾਣ ਪਾਉਣਗੇ ਅਤੇ ਨਾ ਹੀ ਉਹ ਆਪਣੇ ਪਰਿਵਾਰ ਜਾਂ ਫਿਰ ਦੋਸਤਾ ਨਾਲ ਬਣਾਏ ਹੋਏ ਨਵੇਂ ਸਾਲ ਦੇ ਪ੍ਰੋਗਰਾਮ ਵਿੱਚ ਭਾਗ ਲੈ ਸਕਣਗੇ, ਕਿਉਂਕਿ ਸਿੱਖਿਆ ਵਿਭਾਗ ਸਾਰੇ ਅਧਿਆਪਕਾਂ ਦੀਆਂ ਛੁੱਟੀਆਂ ਨੂੰ ਰੱਦ ਕਰਨ ਜਾ ਰਿਹਾ ਹੈ। ਸਿੱਖਿਆ ਵਿਭਾਗ ਸਰਦੀਆਂ ਦੀਆਂ ਛੁੱਟੀਆਂ ਰੱਦ ਕਰਨ ਦਾ ਫੈਸਲਾ ਪੰਜਾਬ ਦੇ ਸੂਬਾ ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰਾਂ ਦੀ ਬੇਨਤੀ ‘ਤੇ ਕਰਨ ਜਾ ਰਿਹਾ ਹੈ। ਪੰਜਾਬ ਵਿੱਚ 30 ਦਸੰਬਰ ਨੂੰ ਪੰਚਾਇਤੀ ਚੋਣਾਂ ਹਨ ਅਤੇ ਇਸੇ ਦੌਰਾਨ 25 ਦਸੰਬਰ ਤੋਂ 31 ਦਸੰਬਰ ਨੂੰ ਸਰਦੀਆਂ ਦੀਆਂ ਛੁੱਟੀਆਂ ਹੁੰਦੀਆਂ ਹਨ। ਇਨਾਂ ਪੰਚਾਇਤੀ ਚੋਣਾਂ ਵਿੱਚ ਅਧਿਆਪਕਾਂ ਦੀ ਡਿਊਟੀ ਲਗਾਏ ਜਾਣ ਦੇ ਕਾਰਨ ਉਨਾਂ ਨੂੰ ਛੁੱਟੀਆਂ ਨਹੀਂ ਮਿਲਨਗੀਆਂ।
ਜਾਣਕਾਰੀ ਅਨੁਸਾਰ ਸੂਬਾ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ 13 ਹਜ਼ਾਰ ਤੋਂ ਜਿਆਦਾ ਪਿੰਡਾਂ ਦੇ ਸਰਪੰਚ ਅਤੇ ਪੰਚ ਦੀਆਂ ਚੋਣਾਂ ਕਰਵਾ ਰਿਹਾ ਹੈ, ਜਿਸ ਦਾ ਕੰਮ ਪਿਛਲੇ ਦਿਨੀਂ 16 ਦਸੰਬਰ ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤੋਂ ਬਾਅਦ ਸ਼ੁਰੂ ਹੋ ਗਿਆ ਹੈ। ਇਨਾਂ ਚੋਣਾਂ ਲਈ 30 ਦਸੰਬਰ ਦਿਨ ਐਤਵਾਰ ਨੂੰ ਵੋਟਾਂ ਪੈਣਗੀਆਂ ਅਤੇ ਇਨਾਂ ਚੋਣਾਂ ਨੂੰ ਕਰਵਾਉਣ ਲਈ ਜਿਥੇ ਸਕੂਲਾਂ ਦੀ ਬਿਲਡਿੰਗ ਚੋਣ ਕਮਿਸ਼ਨ ਨੇ ਲਈ ਹੈ ਤਾਂ ਉਥੇ ਹੀ ਵੱਡੇ ਪੱਧਰ ‘ਤੇ ਅਧਿਆਪਕਾਂ ਦੀ ਡਿਊਟੀ ਇਨਾਂ ਚੋਣਾਂ ਨੂੰ ਮੁਕੰਮਲ ਕਰਵਾਉਣ ਵਿੱਚ ਲਗਾਈ ਹੈ।
ਇਨਾਂ ਚੋਣਾਂ ਦੇ ਸਮੇਂ ਦੌਰਾਨ ਹੀ 25 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਸਰਦੀ ਦੀਆਂ ਛੁੱਟੀਆਂ ਆ ਰਹੀਆਂ ਹਨ। ਇਨਾਂ ਛੁੱਟੀਆਂ ਨੂੰ ਲੈ ਕੇ ਚਿੰਤਤ ਹੋਏ ਸੂਬਾ ਚੋਣ ਕਮਿਸ਼ਨ ਅਤੇ ਪੰਜਾਬ ਦੇ ਸਾਰੇ ਜ਼ਿਲੇ ਦੇ ਡਿਪਟੀ ਕਮਿਸ਼ਨਰਾਂ ਨੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਇੱਕ ਪੱਤਰ ਲਿਖਦੇ ਹੋਏ ਮੰਗ ਕੀਤੀ ਹੈ ਕਿ ਇਨਾਂ ਸਰਦੀ ਦੀਆਂ ਛੁੱਟੀਆਂ ਨੂੰ ਰੱਦ ਕਰ ਦਿੱਤਾ ਜਾਵੇ ਤਾਂ ਕਿ ਪੰਚਾਇਤੀ ਚੋਣਾਂ ਨੂੰ ਕਰਵਾਉਣ ਵਿੱਚ ਕਿਸੇ ਵੀ ਤਰਾਂ ਦੀ ਕੋਈ ਦਿੱਕਤ ਨਾ ਆਵੇ।
ਇਥੇ ਹੀ ਸੂਬਾ ਚੋਣ ਕਮਿਸ਼ਨ ਨੇ ਸਿੱਖਿਆ ਵਿਭਾਗ ਨੂੰ ਬੇਨਤੀ ਕੀਤੀ ਹੈ ਕਿ ਜੇਕਰ ਉਹ ਚਾਹੁਣ ਤਾਂ ਸਰਦੀ ਦੀਆਂ ਛੁੱਟੀਆਂ 25 ਦਸੰਬਰ ਤੋਂ 31 ਦਸੰਬਰ ਤੱਕ ਕਰਨ ਦੀ ਥਾਂ ‘ਤੇ ਸਿੱਖਿਆ ਵਿਭਾਗ ਜਨਵਰੀ ਵਿੱਚ ਛੁੱਟੀਆਂ ਕਰਨ ਦਾ ਐਲਾਨ ਕਰ ਸਕਦੇ ਹਨ। ਜਿਸ ਨਾਲ ਅਧਿਆਪਕਾਂ ਨੂੰ ਵੀ ਜਨਵਰੀ ਵਿੱਚ ਸਰਦੀ ਦੀਆ ਛੁੱਟੀਆਂ ਮਿਲ ਸਕਦੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।