ਮੁੱਖ ਮੰਤਰੀ ਨੇ ਕਰਜ਼ਾ ਮੁਆਫੀ ‘ਤੇ ਸੁਖਬੀਰ ਨੂੰ ਦਿੱਤਾ ਜਵਾਬ
ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਤੇ ਹੋਰ ਸੂਬਿਆਂ ‘ਚ ਕਾਂਗਰਸ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਕੀਤੇ ਐਲਾਨ ‘ਤੇ ਸੁਖਬੀਰ ਸਿੰਘ ਬਾਦਲ ਦੀ ਟਿੱਪਣੀ ਨੂੰ ‘ਸਿਆਸੀ ਡਰਾਮੇਬਾਜ਼ੀ’ ਦੱਸਦਿਆਂ ਮੁੱਢੋਂਂ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਨਸੀਹਤ ਦਿੱਤੀ ਕਿ ਜੇਕਰ ਸਿਆਸੀ ਪਿੜ ਵਿੱਚ ਅਕਾਲੀ ਦਲ ਦਾ ਵਜ਼ੂਦ ਕਾਇਮ ਰੱਖਣਾ ਹੈ ਤਾਂ ਉਸ ਨੂੰ ਅਜਿਹੀ ਨੌਟੰਕੀ ਛੱਡ ਦੇਣੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਵਰ੍ਹਦਿਆਂ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਸਾਬਕਾ ਉਪ ਮੁੱਖ ਮੰਤਰੀ ਕਿਸਾਨਾਂ ਨੂੰ ਕਾਂਗਰਸ ਤੋਂ ਲਾਂਭੇ ਰੱਖਣ ਲਈ ਕਿਸਾਨ ਭਾਈਚਾਰੇ ਨੂੰ ਗੁੰਮਰਾਹ ਕਰਨ ਦੀਆਂ ਨਿਰਾਸ਼ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪਹਿਲਾਂ ਹੀ ਵਾਅਦਾ ਕਰ ਦਿੱਤਾ ਸੀ ਕਿ ਜੇਕਰ ਪਾਰਟੀ ਅਗਾਮੀ ਚੋਣਾਂ ਵਿੱਚ ਸੱਤਾ ‘ਚ ਆਉਂਦੀ ਹੈ ਤਾਂ ਮੁਲਕ ਭਰ ਦੇ ਸੰਕਟ ‘ਚੋਂ ਗੁਜ਼ਰ ਰਹੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਿੱਧ ਹੋ ਗਿਆ ਹੈ ਕਿ ਕਾਂਗਰਸ ਲੀਡਰਸ਼ਿਪ ਵੱਲੋਂ ਆਪਣਾ ਵਾਅਦਾ ਵਫ਼ਾ ਕਰਨ ਤੇ ਪਾਰਟੀ ਦੇ ਸ਼ਾਸਨਕਾਲ ਵਾਲੇ ਸੂਬਿਆਂ ਵਿੱਚ ਚੋਣ ਵਾਅਦਿਆਂ ਨੂੰ ਪੂਰਾ ਕਰਨ ਦੀ ਕਾਰਗੁਜ਼ਾਰੀ ਤੋਂ ਅਕਾਲੀ-ਭਾਜਪਾ ਗੱਠਜੋੜ ਬੁਖਲਾਇਆ ਹੋਇਆ ਹੈ।
ਕਿਸਾਨ ਕਰਜ਼ਾ ਮੁਆਫੀ ਦੀ ਪ੍ਰਗਤੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 428246 ਕਿਸਾਨਾਂ ਦੇ ਕਰਜ਼ਿਆਂ ‘ਤੇ 3595.04 ਕਰੋੜ ਰੁਪਏ ਦੀ ਰਾਹਤ ਦਿੱਤੀ ਤੇ ਹੁਣ 159632 ਛੋਟੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇਣ ਦੀ ਪ੍ਰਕਿਰਿਆ ਚੱਲ ਰਹੀ ਹੈ। ਇਨ੍ਹਾਂ ‘ਚੋਂ ਸਹਿਕਾਰੀ ਬੈਂਕਾਂ ਨਾਲ ਜੁੜੇ 317965 ਸੀਮਾਂਤ ਕਿਸਾਨਾਂ ਨੂੰ ਉਨ੍ਹਾਂ ਦੇ ਕਰਜ਼ਿਆਂ ਲਈ 1815.78 ਕਰੋੜ ਰੁਪਏ ਤੇ ਵਪਾਰਕ ਬੈਂਕਾਂ ਦੇ 110281 ਸੀਮਾਂਤ ਕਿਸਾਨਾਂ ਨੂੰ 1779.26 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਤੱਥਾਂ ਨੂੰ ਸੁਖਬੀਰ ਜਾਂ ਕੋਈ ਹੋਰ ਵੀ ਰੱਦ ਨਹੀਂ ਕਰ ਸਕਦਾ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਉਸ ਦੀ ਸਰਕਾਰ ਦੌਰਾਨ ਕਿਸਾਨਾਂ ਨੂੰ ਕੋਈ ਵੀ ਲਾਭ ਦੇਣ ਦੀ ਇੱਕ ਵੀ ਮਿਸਾਲ ਪੇਸ਼ ਕਰਨ ਦੀ ਚੁਣੌਤੀ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Stop, Political, Drama, Cross, sinking, Boat