ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ
ਫ਼ਤਹਿਗੜ੍ਹ ਸਾਹਿਬ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੋ ਵੀ ਸੂਬੇ ‘ਚ ਧਰਮ ਨਿਰਪੱਖਤਾ ਦੇ ਮਾਹੌਲ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਸ ਨਾਲ ਕਰੜੇ ਹੱਥੀਂ ਸਿੱਝਿਆ ਜਾਵੇਗਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਇਥੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ ਤੇ ਕਿਸੇ ਨੂੰ ਭਾਈਚਾਰਕ ਸਾਂਝ ਦਾ ਨੁਕਸਾਨ ਨਹੀਂ ਕਰਨ ਦਿੱਤਾ ਜਾਵੇਗਾ।ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਂਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹੜੀ ਅਮਨ-ਸ਼ਾਂਤੀ ਲਈ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੇ ਸ਼ਹਾਦਤ ਦਿੱਤੀ, ਉਸ ਅਮਨ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।ਹਾਲ ਹੀ ਵਿੱਚ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਏ ਜਾਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਅਜਿਹੀਆਂ ਘਟਨਾਵਾਂ ਦੇ ਦੁਹਰਾਅ ਸਬੰਧੀ ਅਕਾਲੀਆਂ ਨੂੰ ਚੇਤਾਵਨੀ ਦਿੰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਹੋਰਨਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੇ ਬੁੱਤਾਂ ਦੀ ਰਾਖੀ ਲਈ ਵਚਨਬੱਧ ਹੈ ਸੂਬੇ ਦੇ ਵੱਖ ਵੱਖ ਹਿੱਸਿਆਂ ਵਿੱਚ ਕਈ ਸੀਨੀਅਰ ਅਕਾਲੀ ਆਗੂਆਂ ਦੇ ਵੀ ਬੁੱਤ ਲੱਗੇ ਹੋਏ ਹਨ ਤੇ ਹਰ ਹਾਲ ਅਜਿਹੇ ਬੁੱਤਾਂ ਦੀ ਵੀ ਰਾਖੀ ਕੀਤੀ ਜਾਵੇਗੀ। ਇਤਿਹਾਸਕ ਨਗਰੀ ਫ਼ਤਹਿਗੜ੍ਹ ਸਾਹਿਬ ਦੇ ਸਰਵਪੱਖੀ ਵਿਕਾਸ ਦੇ ਮਸਲੇ ‘ਤੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਛੇਤੀ ਹੀ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂਅ ‘ਤੇ ਚੌਕ ਬਣਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਇਸ ਮੌਕੇ ਸਿਆਸੀ ਕਾਨਫ਼ਰੰਸਾਂ ਨਾ ਕੀਤੇ ਜਾਣ ‘ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸ਼ਹੀਦੀ ਜੋੜ ਮੇਲ ਦੌਰਾਨ ਸਿਆਸੀ ਰੈਲੀਆਂ ਸੋਭਦੀਆਂ ਨਹੀਂ ਹਨ ਉਨ੍ਹਾਂ ਕਿਹਾ ਕਿ ਲੱਖਾਂ ਸ਼ਰਧਾਲੂ ਇੱਥੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਹੀਦ ਹੋਏ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ, ਜਿਨ੍ਹਾਂ ਦੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ, ਨੂੰ ਸਿਜਦਾ ਕਰਨ ਆਉਂਦੇ ਹਨ ਨਾ ਕਿ ਸਿਆਸੀ ਭਾਸ਼ਨ ਸੁਣਨ ਵਾਸਤੇ ਆਉਂਦੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।