ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕਾਂ ਨਾਲ ਮੁਲਾਕਾਤ
ਪਟਿਆਲਾ,(ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਆਪਣੇ ਵਿਧਾਇਕਾਂ ਤੇ ਵਰਕਰਾਂ ਨੂੰ ਕਮਰ ਕੱਸਣ ਦਾ ਸੱਦਾ ਦੇ ਦਿੱਤਾ ਹੈ। ਅੱਜ ਇੱਥੇ ਆਪਣੀ ਪਟਿਆਲਾ ਸਥਿਤ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵਿਖੇ ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਦੇ ਕਾਂਗਰਸ ਪਾਰਟੀ ਦੇ ਵਿਧਾਇਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਲਈ ਤਿਆਰ-ਬਰ-ਤਿਆਰ ਰਹਿਣ ਲਈ ਕਿਹਾ। ਇਸ ਦੌਰਾਨ ਮੁੱਖ ਮੰਤਰੀ ਨੇ ਜਿੱਥੇ ਵਿਧਾਇਕਾਂ ਨੂੰ ਆਪਣੇ ਵਿਧਾਨ ਸਭਾ ਹਲਕਿਆਂ ‘ਚ ਬਕਾਇਆ ਪਏ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਵਾਉਣ ਲਈ ਆਖਿਆ ਉੱਥੇ ਹੀ ਉਨ੍ਹਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵ ਪੱਖੀ ਵਿਕਾਸ ਲਈ ਜੰਗੀ ਪੱਧਰ ‘ਤੇ ਅਰੰਭੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪੁੱਜਦਾ ਕਰਨ ਦੀਆਂ ਵੀ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕ ਭਲਾਈ ਸਕੀਮਾਂ ਨਾਲ ਲੋਕਾਂ ਦੀ ਬਾਂਹ ਫੜੀ ਹੈ। ਉਨ੍ਹਾਂ ਵਿਧਾਇਕਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰ-ਬਰ-ਤਿਆਰ ਰਹਿਣ ਲਈ ਆਖਦਿਆਂ ਕਿਹਾ ਕਿ ਦੇਸ਼ ‘ਚ ਬਦਲ ਰਹੇ ਮਾਹੌਲ ਦੇ ਮੱਦੇਨਜ਼ਰ ਮੋਦੀ ਸਰਕਾਰ ਨੂੰ ਚਲਦਾ ਕਰਨਾ ਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਣਾਉਣਾ ਸਮੇਂ ਦੀ ਲੋੜ ਬਣ ਗਿਆ ਹੈ। ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਉਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਦੀਆਂ ਮੁਸ਼ਕਲਾਂ ਤੇ ਅਹਿਮ ਮੁੱਦਿਆਂ ਬਾਰੇ ਵੀ ਚਰਚਾ ਕੀਤੀ ਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਚੋਣਾਂ ਲਈ ਅੱਜ ਤੋਂ ਜੁਟ ਜਾਣ ਤਾਂ ਜੋ ਪੰਜਾਬ ਅੰਦਰ ਕਾਂਗਰਸ ਸਾਰੀਆਂ ਸੀਟਾਂ ‘ਤੇ ਜਿੱਤ ਪ੍ਰਾਪਤ ਕਰ ਸਕੇ। ਇਸ ਮੌਕੇ ਪਰਨੀਤ ਕੌਰ, ਪਟਿਆਲਾ ਦਿਹਾਤੀ ਤੋਂ ਵਿਧਾਇਕ ਅਤੇ ਮੰਤਰੀ ਬ੍ਰਹਮ ਮਹਿੰਦਰਾ, ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਹਲਕਾ ਸ਼ੁਤਰਾਣਾ ਤੋਂ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ, ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਤੇ ਹਲਕਾ ਬਸੀ ਪਠਾਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਸਮੇਤ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਕਾਂਗਰਸ ਦੇ ਨਵੇਂ ਬਣੇ ਸ਼ਹਿਰੀ ਪ੍ਰਧਾਨ ਕੇ. ਕੇ. ਮਲਹੋਤਰਾ, ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਊਂਟਸਰ ਤੇ ਵੱਡੀ ਗਿਣਤੀ ‘ਚ ਪਟਿਆਲਾ ਦੇ ਆਗੂ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ