ਵਿਧਾਇਕ ਕੁਲਬੀਰ ਜ਼ੀਰਾ ਨੇ ਲਾਏ ਸਨ ਆਈ.ਜੀ. ਛੀਨਾ ‘ਤੇ ਗੰਭੀਰ ਦੋਸ਼
ਚੰਡੀਗੜ੍ਹ | ਫਿਰੋਜ਼ਪੁਰ ਜੋਨ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ‘ਤੇ ਲਗੇ ਨਸ਼ੇ ਦੀ ਤਸਕਰੀ ਵਿੱਚ ਮੱਦਦ ਕਰਨ ਦੇ ਦੋਸ਼ਾਂ ਦੀ ਜਾਂਚ ਏ.ਡੀ.ਜੀ.ਪੀ. ਈਸ਼ਵਰ ਸਿੰਘ ਕਰਨਗੇ।
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਈਸ਼ਵਰ ਸਿੰਘ ਨੂੰ ਇਹ ਜਾਂਚ ਸੌਂਪਦੇ ਹੋਏ ਜਲਦ ਹੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਹਾਲਾਂਕਿ ਰਿਪੋਰਟ ਕਿੰਨੇ ਦਿਨਾਂ ਵਿੱਚ ਦਿੱਤੀ ਜਾਵੇਗੀ, ਇਸ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ। ਏ.ਡੀ.ਜੀ.ਪੀ. ਈਸ਼ਵਰ ਸਿੰਘ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਲਾਏ ਹਰ ਦੋਸ਼ ਦੀ ਜਾਂਚ ਕਰਨ ਦੇ ਨਾਲ ਹੀ ਇਸ ਜਾਂਚ ਵਿੱਚ ਬਿਆਨ ਦੇਣ ਲਈ ਕੁਲਬੀਰ ਜ਼ੀਰਾ ਨੂੰ ਵੀ ਸੱਦ ਸਕਦੇ ਹਨ। ਸ. ਈਸ਼ਵਰ ਸਿੰਘ ਵੱਲੋਂ ਇਹ ਜਾਂਚ ਅੱਜ ਮੰਗਲਵਾਰ ਤੋਂ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਵਿਧਾਇਕ ਕੁਲਬੀਰ ਜ਼ੀਰਾ ਵੱਲੋਂ ਸ਼ਰ੍ਹੇਆਮ ਸਟੇਜ ‘ਤੇ ਦੋਸ਼ ਲਾਉਣ ਦੇ ਨਾਲ ਹੀ ਪਿਛਲੇ ਦਿਨੀਂ ਡੀ.ਜੀ.ਪੀ. ਸੁਰੇਸ ਅਰੋੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵੀ ਇਸ ਸਬੰਧੀ ਕੁਝ ਸਬੂਤ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਕੁਲਬੀਰ ਜ਼ੀਰਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਿਲ ਕੇ ਆਈ.ਜੀ. ਛੀਨਾ ਦੀ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਹੀ ਇਹ ਗੱਲ ਨਿਕਲ ਕੇ ਬਾਹਰ ਆ ਰਹੀਂ ਸੀ ਕਿ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਖ਼ਿਲਾਫ਼ ਵੀ ਕਿਸੇ ਵੀ ਸਮੇਂ ਜਾਂਚ ਦਿੱਤੀ ਜਾ ਸਕਦੀ ਹੈ।
ਸੂਤਰਾਂ ਅਨੁਸਾਰ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਇਸ ਸਬੰਧੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਮੁਖਵਿੰਦਰ ਸਿੰਘ ਛੀਨਾ ਦੇ ਖ਼ਿਲਾਫ਼ ਇਨਾਂ ਸਾਰੇ ਦੋਸ਼ਾਂ ਦੀ ਜਾਂਚ ਏ.ਡੀ.ਜੀ.ਪੀ. ਈਸ਼ਵਰ ਸਿੰਘ ਖ਼ੁਦ ਕਰਨਗੇ ਅਤੇ ਇਸ ਮਾਮਲੇ ਵਿੱਚ ਸਾਰੀ ਜਾਂਚ ਮੁਕੰਮਲ ਕਰਦੇ ਹੋਏ ਸਿੱਧਾ ਮੁੱਖ ਮੰਤਰੀ ਨੂੰ ਰਿਪੋਰਟ ਸੌਂਪਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।