ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਚਾੜ੍ਹੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼
ਚੰਡੀਗੜ੍ਹ | ਠਲੀ ਸਾਰੀ ਅਫ਼ਸਰਸ਼ਾਹੀ ਮਾਣ ਸਨਮਾਨ ਦੇਵੇ, ਇਸ ਦੀ ਜਿੰਮੇਵਾਰੀ ਖ਼ੁਦ ਡਿਪਟੀ ਕਮਿਸ਼ਨਰਾਂ ਦੀ ਹੋਵੇਗੀ। ਇਸ ਨਾਲ ਹੀ ਵਿਕਾਸ ਕਾਰਜਾਂ ਲਈ ਭੇਜੇ ਜਾ ਰਹੇ ਫੰਡ ਦੀ ਵਰਤੋਂ ਵਿਧਾਇਕਾਂ ਅਨੁਸਾਰ ਜਲਦ ਤੋਂ ਜਲਦ ਹੋਵੇ। ਇਹ ਆਦੇਸ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਦੇ ਹੋਏ ਦਿੱਤੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਚੁਣੇ ਹੋਏ ਨੁਮਾਇੰਦਿਆਂ ਦੇ ਸਤਿਕਾਰ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਵਿਧਾਇਕ ਜਾਂ ਸਰਪੰਚ ਸਮੇਤ ਕਿਸੇ ਵੀ ਚੁਣੇ ਹੋਏ ਨੁਮਾਇੰਦੇ ਨੂੰ ਬਣਦਾ ਸਤਿਕਾਰ ਦੇਣ ਦੇ ਹੁਕਮ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਚੁਣੇ ਹੋਏ ਨੁਮਾਇੰਦੇ ਜਮਹੂਰੀਅਤ ਵਿੱਚ ਲੋਕਾਂ ਦੀ ਨੁਮਾਇੰਗੀ ਕਰਦੇ ਹਨ ਅਤੇ ਉਨ੍ਹਾਂ ਨਾਲ ਸਾਡਾ ਵਤੀਰਾ ਸਨੇਹਪੂਰਨ ਹੋਣਾ ਚਾਹੀਦਾ ਹੈ।” ਸਰਕਾਰੀ ਪ੍ਰੋਗਰਾਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਕਤੱਰਾਂ ਨੂੰ ਡਿਪਟੀ ਕਮਿਸ਼ਨਰਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਕਿ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਅਤੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਲਾਭ ਮੁਹੱਈਆ ਕਰਵਾਉਣ ਵਿੱਚ ਕੋਈ ਪਾੜਾ ਨਾ ਰਹੇ।
ਅਮਰਿੰਦਰ ਸਿੰਘ ਨੇ ਇਥੇ ਹੀ ਸਾਰੇ ਡਿਪਟੀ ਕਮਿਸ਼ਨ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਅਤੇ ਲੋਕਾਂ ਨਾਲ ਰਾਬਤਾ ਵਧਾਉਣ ਲਈ ਸਖ਼ਤ ਮਿਹਨਤ ਕਰਨ ਅਤੇ ਪੂਰੀ ਤਾਕਤ ਨਾਲ ਜੁਟ ਜਾਣ ਦੇ ਹੁਕਮ ਦਿੱਤੇ ਹਨ। ਉਨਾਂ ਕਿਹਾ ਕਿ ਇਨ੍ਹਾਂ ਵਾਅਦਿਆਂ ਸਦਕਾ ਹੀ ਉਨ੍ਹਾਂ ਦੀ ਸਰਕਾਰ 22 ਮਹੀਨੇ ਪਹਿਲਾਂ ਸੱਤਾ ਵਿੱਚ ਆਈ ਸੀ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਕਾਂਗਰਸੀ ਵਿਧਾਇਕਾਂ ਪਾਸੋਂ ਹਾਸਲ ਕੀਤੀ ਫੀਡਬੈਕ ਤੋਂ ਬਾਅਦ ਮੁੱਖ ਮੰਤਰੀ ਨੇ ਸੂਬੇ ਦੇ ਪ੍ਰਸ਼ਾਸਨ ਨੂੰ ਲੋਕ ਸੇਵਾ ਲਈ ਪੱਬਾਂ ਭਾਰ ਹੋਣ ਦਾ ਸਖ਼ਤ ਸੁਨੇਹਾ ਦਿੰਦਿਆਂ ਸਰਕਾਰ ਦੇ ਵਿਕਾਸ ਏਜੰਡੇ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਅਗਲੇ ਦੋ ਮਹੀਨੇ ਹੋਰ ਸਖ਼ਤ ਮਿਹਨਤ ਤੇ ਵਚਨਬੱਧਤਾ ਨਾਲ ਕੰਮ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਆਪਣੇ ਸਟਾਫ ਦੀ ਅਨੁਸ਼ਾਸਨਬੱਧਤਾ ਯਕੀਨੀ ਬਣਾਉਣ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਵਿਕਾਸ ਕੰਮਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੰਮ ਦੀ ਗਤੀ ਹੌਲੀ ਹੋਣ ਬਾਰੇ ਲੋਕਾਂ ਪਾਸੋਂ ਮਿਲੀਆਂ ਰਿਪੋਰਟਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਫ਼ ਤੌਰ ‘ਤੇ ਆਖਿਆ ਕਿ ਹੁਣ ਬਹੁਤ ਹੋ ਗਿਆ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਜ਼ਿਲ੍ਹਿਆਂ ਦੇ ਦਫ਼ਤਰਾਂ ਅਤੇ ਹੋਰ ਹੇਠਲੇ ਸਟਾਫ ਦੇ ਕੰਮ ਦੀ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਬੇਘਰੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ 5-5 ਮਰਲਿਆਂ ਦੇ ਇਕ ਲੱਖ ਪਲਾਟ ਦਿੱਤੇ ਜਾਣਗੇ ਅਤੇ ਜਿਨ੍ਹਾਂ ਪਿੰਡਾਂ ਵਿੱਚ ਪੰਚਾਇਤੀ ਜ਼ਮੀਨ ਮੌਜੂਦ ਹੈ, ਉੱਥੇ ਪਹਿਲੇ ਪੜਾਅ ਵਿੱਚ ਹਰੇਕ ਪਿੰਡ ‘ਚ ਘੱਟੋ-ਘਟ 10 ਪਲਾਟ ਦਿੱਤੇ ਜਾਣਗੇ। ਜਿਨ੍ਹਾਂ ਪਿੰਡਾਂ ਵਿੱਚ ਪੰਚਾਇਤੀ ਜ਼ਮੀਨ ਮੌਜੂਦ ਨਹੀਂ ਹੈ ਅਤੇ ਉਸ ਦਾ ਪ੍ਰਬੰਧ ਕੀਤਾ ਜਾਣਾ ਹੈ, ਅਜਿਹੇ ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ ਦੂਜੇ ਪੜਾਅ ਵਿੱਚ ਵਿਚਾਰਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਹਾੜੀ ਦੀ ਖਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਕਰਨ ਲਈ ਆਖਿਆ ਕਿਉਂ ਜੋ ਇਸ ਵਾਰ ਕਣਕ ਦੀ ਖਰੀਦ ਦੌਰਾਨ ਲੋਕ ਸਭਾ ਚੋਣਾਂ ਹੋਣਗੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।