ਵਧੀਕ ਡਿਪਟੀ ਕਮਿਸ਼ਨਰ ਸ਼ੇਨਾ ਅਗਰਵਾਲ ਕੇਂਦਰੀ ਮੰਤਰੀ ਨਿਤਿਨ ਗਡਕਰੀ ਹੱਥੋਂ ਸਨਮਾਨਿਤ
ਲੁਧਿਆਣਾ (ਰਾਮ ਗੋਪਾਲ ਰਾਏਕੋਟੀ) | ਟੋਭਿਆਂ ਦੀ ਕਾਇਆ ਕਲਪ ਕਰਨ ਅਤੇ ਪਾਣੀ ਦੀ ਸੰਭਾਲ ਲਈ ਕੀਤੇ ਸੁਚੱਜੇ ਯਤਨਾਂ ਦੇ ਚੱਲਦਿਆਂ ਜ਼ਿਲ੍ਹਾ ਲੁਧਿਆਣਾ ਨੂੰ ਰਾਸ਼ਟਰੀ ਪਾਣੀ ਪੁਰਸਕਾਰ-2018 ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਅੱਜ ਨਵੀਂ ਦਿੱਲੀ ਵਿਖੇ ਪਾਣੀ ਵਸੀਲਿਆਂ ਬਾਰੇ ਮੰਤਰਾਲੇ ਦੇ ਕੈਬਨਿਟ ਮੰਤਰੀ ਨਿਤਿਨ ਗਡਕਰੀ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ ਨੂੰ ਪ੍ਰਦਾਨ ਕੀਤਾ ਗਿਆ।
ਇੱਥੇ ਇਹ ਦੱਸਣਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਖੇਤਰ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਇਸ ਪੁਰਸਕਾਰ ਲਈ ਇਕਲੌਤਾ ਜ਼ਿਲ੍ਹਾ ਚੁਣਿਆ ਗਿਆ ਹੈ। ਪਾਣੀ ਦੀ ਸੰਭਾਲ ਪ੍ਰਤੀ ਸੁਚੱਜੇ ਯਤਨ ਕਰਨ ਲਈ ਉਤਸ਼ਾਹਿਤ ਕਰਨ ਲਈ ਇਹ ਸਾਲਾਨਾ ਪੁਰਸਕਾਰ ਉਕਤ ਮੰਤਰਾਲੇ ਵੱਲੋਂ ਦਿੱਤੇ ਜਾਂਦੇ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੋਭਿਆਂ ਅਤੇ ਪਾਣੀ ਦੀ ਸੰਭਾਲ ਲਈ ਬਹੁਤ ਯਤਨ ਕੀਤੇ ਜਾਂਦੇ ਹਨ। ਇਸ ਤਹਿਤ ਟੋਭਿਆਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਪਾਣੀ ਦੀ ਮੁੜ ਵਰਤੋਂ ਲਈ ਯਤਨ ਕੀਤੇ ਜਾ ਰਹੇ ਹਨ। ਪਿਛਲੇ ਦੋ ਸਾਲਾਂ ਦੌਰਾਨ 600 ਦੇ ਕਰੀਬ ਪੁਰਾਤਨ ਟੋਭਿਆਂ ਦੀ ਕਾਇਆ ਕਲਪ ਕੀਤੀ ਗਈ ਹੈ। ਜਦਕਿ ਬਾਕੀ ਟੋਭਿਆਂ ਦੀ ਸੰਭਾਲ ਦਾ ਕੰਮ ਜ਼ੋਰਾਂ ‘ਤੇ ਹੈ।
ਇਸ ਕੰਮ ਲਈ ਕਈ ਤਕਨੀਕਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਟੋਭਿਆਂ ਦੀ ਕਾਇਆ ਕਲਪ ਕਰਨ ਨਾਲ ਵਾਤਾਵਰਣ, ਪੇਂਡੂ ਆਰਥਿਕਤਾ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਬਹੁਤ ਲਾਭ ਹੋਇਆ ਹੈ। ਟੋਭਿਆਂ ਵਿੱਚ ਇਕੱਤਰ ਹੁੰਦੇ ਪਾਣੀ ਨੂੰ ਸਾਫ਼ ਕਰਕੇ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ। ਕੁਝ ਖੇਤਰਾਂ ਵਿੱਚ ਸਾਫ਼ ਪਾਣੀ ਕੱਢਣ ਅਤੇ ਸਿੰਚਾਈ ਲਈ ਵਰਤੋਂ ਲਈ ਸੂਰਜੀ ਊਰਜਾ ਦੀ ਵਰਤੋਂ ਕੀਤੀ ਜਾਂਦੀ ਹੈ।
ਉਨਾਂ ਇਸ ਦਿਸ਼ਾ ਵਿੱਚ ਪਿੰਡ ਈਸੇਵਾਲ, ਭੈਣੀ ਗੜੀ ਅਤੇ ਪਿੰਡ ਸਵੱਦੀ ਕਲਾਂ ਅਤੇ ਹੋਰ ਪਿੰਡਾਂ ਦੀ ਉਦਾਹਰਨ ਦਿੱਤੀ। ਉਨਾਂ ਕਿਹਾ ਕਿ ਪਿੰਡ ਰਣੀਆਂ, ਪਿੰਡ ਚਕਰ ਅਤੇ ਹੋਰ ਕਈ ਪਿੰਡਾਂ ਵਿੱਚ ਟੋਭਿਆਂ ਦੇ ਆਲੇ-ਦੁਆਲੇ ਦਰੱਖ਼ਤ ਲਗਾ ਕੇ ਸ਼ਾਨਦਾਰ ਪਾਰਕਾਂ ਦਾ ਨਿਰਮਾਣ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ