ਜਲੰਧਰ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸਿਆਸੀ ਟਕਰਾਅ ਹੋਰ ਤਿੱਖਾ ਹੋ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਪਹਿਲਾਂ ਕਠੂਆ ‘ਚ ਚੋਣ ਰੈਲੀ ‘ਚ ਜਲਿਆਂਵਾਲਾ ਬਾਗ ਕਤਲੇਆਮ ਦੀ ਸ਼ਤਾਬਦੀ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਵਿਰੁੱਧ ਬਿਆਨਬਾਜ਼ੀ ਕੀਤੀ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਪਲਟਵਾਰ ਕੀਤਾ ਸੀ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਦੋਸ਼ ਲਾਇਆ ਕਿ ਪੰਜਾਬ ‘ਚ ਕਾਂਗਰਸ ਸਰਕਾਰ ਦੇ ਨਾਲ ਭੇਦਭਾਵ ਕਰ ਰਹੇ ਹਨ। ਭਾਜਪਾ ਦਾ ਵੰਡ ਪਾਊ ਏਜੰਡਾ ਦੇਸ਼ ਲਈ ਖਤਰਨਾਕ ਹੈ। ਮੁੱਖ ਮੰਤਰੀ ਨੇ ਮੋਦੀ ਕੋਲੋਂ ਪੁੱਛਿਆ ਕਿ ਜਲਿਆਂਵਾਲਾ ਬਾਗ ਸਮਾਰੋਹਾਂ ‘ਚ ਬਾਦਲਾਂ ਨੇ ਵੀ ਕੇਂਦਰ ਸਰਕਾਰ ਦੇ ਪ੍ਰੋਗਰਾਮ ‘ਚ ਹਿੱਸਾ ਨਹੀਂ ਲਿਆ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪ੍ਰੋਗਰਾਮ ‘ਚ ਨਾ ਤਾਂ ਬਾਦਲ, ਨਾ ਸੁਖਬੀਰ ਬਾਦਲ ਅਤੇ ਨਾ ਹੀ ਮੋਦੀ ਸਰਕਾਰ ਦੀ ਕੈਬਨਿਟ ਮੰਤਰੀ ਹਰਸਿਮਰਤ ਬਾਦਲ ਨੇ ਹਿੱਸਾ ਲਿਆ। ਤਿੰਨਾਂ ‘ਚੋਂ ਕੋਈ ਵੀ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਨਹੀਂ ਆਇਆ ਜਦਕਿ ਉਨ੍ਹਾਂ ਨੇ ਆਪਣੀ ਸਰਕਾਰ ਵੱਲੋਂ 12 ਅਪ੍ਰੈਲ ਨੂੰ ਕੈਂਡਲ ਮਾਰਚ ਕੱਢਿਆ ਅਤੇ ਉਸ ਤੋਂ ਬਾਅਦ 13 ਅਪ੍ਰੈਲ ਨੂੰ ਸਵੇਰੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਜਾ ਕੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਸ ਸਾਰੇ ਮਾਮਲੇ ਨੂੰ ਸਿਆਸੀ ਰੰਗਤ ਦੇ ਦਿੱਤੀ ਹੈ। ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਤੋਂ ਪੁੱਛਿਆ ਕਿ ਉਹ ਖੁਦ ਜਲਿਆਂਵਾਲਾ ਬਾਗ ਦੀ ਸ਼ਤਾਬਦੀ ਸਮਾਰੋਹਾਂ ‘ਚ ਹਿੱਸਾ ਲੈਣ ਲਈ ਅੰਮ੍ਰਿਤਸਰ ਕਿਉਂ ਨਹੀਂ ਆਏ। ਇਸੇ ਤਰ੍ਹਾਂ ਬਾਦਲਾਂ ਦੇ ਪਰਿਵਾਰ ਤੋਂ ਵੀ ਸਮਾਰੋਹ ‘ਚ ਹਿੱਸਾ ਲੈਣ ਕੋਈ ਨਹੀਂ ਆਇਆ। ਉਨ੍ਹਾਂ ਮੋਦੀ ਨੂੰ ਕਿਹਾ ਕਿ ਪਹਿਲਾਂ ਤਾਂ ਉਹ ਆਪਣੀ ਗੈਰ-ਹਾਜ਼ਰੀ ਬਾਰੇ ਗੱਲ ਕਰਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।