ਜਲੰਧਰ। ਲੋਕ ਸਭਾ ਚੋਣਾਂ ਨੂੰ ਲੈ ਕੇ ਜਲੰਧਰ ਵਿਖੇ ਸੰਤੋਖ ਸਿੰਘ ਚੌਧਰੀ ਦੇ ਹੱਕ ‘ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਅੱਛੇ ਦਿਨ ਆਉਣਗੇ ਪਰ ਮੋਦੀ ਵੱਲੋਂ ਜੀ. ਐੱਸ. ਟੀ. ਲਗਾਉਣ ਅਤੇ ਨੋਟਬੰਦੀ ਕਰਨ ‘ਤੇ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਹੀ ਬਰਬਾਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅੱਛੇ ਦਿਨ ਹੁਣ ਤਾਂ ਉਦੋਂ ਹੀ ਆਉਣਗੇ ਜਦੋਂ ਮੋਦੀ ਸਰਕਾਰ ਦਾ ਭੋਗ ਪਵੇਗਾ। ਕੈਪਟਨ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਹਰ ਗਰੀਬ ਦੇ ਖਾਤੇ ‘ਚ 15 ਲੱਖ ਰੁਪਏ ਆਉਣਗੇ ਪਰ ਕਿਸੇ ਦੇ ਵੀ ਖਾਤੇ ‘ਚ ਕੋਈ ਵੀ ਪੈਸਾ ਨਹੀਂ ਆਇਆ। ਉਨ੍ਹਾਂ ਨੇ ਮੋਦੀ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਮੋਦੀ ਦੱਸਣ ਹੁਣ ਕਿ ਅੱਛੇ ਦਿਨ ਕਿੱਥੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਵੀ ਵੱਡਾ ਧੋਖਾ ਕੀਤਾ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪੰਜਾਬ ‘ਚ ਅੱਜ ਪਹਿਲੇ ਦਿਨ ਕਾਂਗਰਸੀ ਉਮੀਦਵਾਰ ਸੰਤੋਖ ਸਿੰਘ ਚੌਧਰੀ ਨੇ ਪਹਿਲਾ ਨਾਮਜ਼ਦਗੀ ਪੱਤਰ ਭਰਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ਰੋਜ਼ਾਨਾ ਹੁਣ ਦੋ-ਦੋ ਨਾਮਜ਼ਦਗੀ ਭਰੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ ਜੰਗ ਕਾਂਗਰਸ ਦੀ ਨਹੀਂ ਸਗੋਂ ਦੇਸ਼ ਦੇ ਭਵਿੱਖ ਦੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਚੋਣਾਂ ‘ਚ ਕਾਂਗਰਸ ਵੱਡੀ ਲੀਡ ਦੇ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੀ ਜਿੱਤ ਹਾਸਲ ਕਰਕੇ ਰਾਹੁਲ ਗਾਂਧੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਇਆ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।