ਬਾਦਲਾਂ ਵੱਲੋਂ ਮਹਿੰਗੀਆਂ ਦਰਾਂ ‘ਤੇ ਕੀਤੇ ਸਮਝੌਤਿਆਂ ਨੂੰ ਕੈਪਟਨ ਰੱਦ ਕਰਨ ਦੀ ਬਜਾਇ ਉਸੇ ਰਾਹ ‘ਤੇ ਤੁਰਿਆ
ਬਿਜਲੀ ਦਰਾਂ ਦੇ ਵਾਧੇ ਖਿਲਾਫ਼ ਸੰਘਰਸ਼ ਜਾਰੀ ਰਹੇਗਾ: ਅਲਾਇੰਸ
ਖੁਸ਼ਵੀਰ ਸਿੰਘ ਤੂਰ, ਪਟਿਆਲਾ
ਬਿਜਲੀ ਦਰਾਂ ਵਿੱਚ ਵਾਧੇ ਖਿਲਾਫ਼ ਅੱਜ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਦਿੱਤੇ ਗਏ ਧਰਨੇ ਦੌਰਾਨ ਕੈਪਟਨ ਸਰਕਾਰ ਨੂੰ ਵਾਅਦਿਆਂ ਤੋਂ ਮੁੱਕਰਨ ਵਾਲੀ ਸਰਕਾਰ ਕਰਾਰ ਦਿੱਤਾ ਗਿਆ। ਇਸ ਧਰਨੇ ਦੌਰਾਨ ਪੰਜਾਬ ਅੰਦਰ ਤੀਜੀ ਧਿਰ ਨੂੰ ਮੁੜ ਮਜ਼ਬੂਤ ਕਰਨ ਦੀ ਵੀ ਗੱਲ ਆਖੀ ਗਈ। ਬਿਜਲੀ ਦੇ ਮੁੱਦੇ ਦੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਪਿਛਲੀ ਬਾਦਲ ਅਤੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਪ੍ਰਾਈਵੇਟ ਥਰਮਲਾਂ ਨਾਲ ਕੀਤੇ ਸਮਝੌਤਿਆਂ ਕਾਰਨ ਹੀ ਆਮ ਲੋਕਾਂ ਨੂੰ ਮਹਿੰਗੀ ਬਿਜਲੀ ਦੇ ਕੇ ਲੋਕਾਂ ‘ਤੇ ਬੋਝ ਪਾਇਆ ਜਾ ਰਿਹਾ ਹੈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸਟਰਲਾਈਟ ਕੰਪਨੀ ਨਾਲ 1980 ਮੈਗਾਵਾਟ ਤਲਵੰਡੀ ਸਾਬੋ ਥਰਮਲ ਪਲਾਂਟ, ਲਾਰਸਨ ਐਂਡ ਟਰਬੋ ਨਾਲ 1400 ਮੈਗਾਵਾਟ ਰਾਜਪੁਰਾ ਥਰਮਲ ਪਲਾਂਟ ਅਤੇ ਜੀ. ਵੀ. ਕੇ. ਨਾਲ 500 ਮੈਗਾਵਾਟ ਗੋਇੰਦਵਾਲ ਸਾਹਿਬ ਥਰਮਲ ਪਲਾਂਟਾਂ ਦੇ ਪੀ. ਪੀ. ਏ. ਸਾਈਨ ਕੀਤੇ ਸਨ। ਉਹਨਾਂ ਇਲਜ਼ਾਮ ਲਾਇਆ ਕਿ ਅਜਿਹਾ ਕਰਕੇ ਪਿਛਲੀ ਸਰਕਾਰ ਨੇ ਦੇਸ਼ ਭਰ ਵਿੱਚ ਬਰਾਬਰ ਸਮਰੱਥਾ ਅਤੇ ਤਕਨੀਕ ਵਾਲੇ ਹੋਰਨਾਂ ਥਰਮਲ ਪਲਾਂਟਾਂ ਨਾਲੋਂ ਕਿਤੇ ਵੱਧ ਫੀ ਯੂਨਿਟ ਅਦਾ ਕੀਤੇ ਜਾਣ ਦੀ ਸਹਿਮਤੀ ਦਿੱਤੀ ਸੀ।
ਕੈਪਟਨ ਅਮਰਿੰਦਰ ਵੱਲੋਂ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ ਵਿੱਚ ਸਸਤੀ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਢਾਈ ਸਾਲ ਬੀਤਣ ਦੇ ਬਾਵਜੂਦ ਬਿਜਲੀ ਸਸਤੀ ਕਰਨ ਦੀ ਥਾਂ ਲਗਾਤਾਰ ਰੇਟ ਵਧਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਲੋਕਾਂ ਤੋਂ ਵਾਅਦਿਆਂ ਰਾਹੀਂ ਵੋਟਾਂ ਤਾਂ ਬਟੋਰ ਲਈਆਂ ਗਈਆਂ ਪਰ ਹੁਣ ਲੋਕਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਕੈਪਟਨ ਵੱਲੋਂ ਇੱਕ ਸਾਜਿਸ਼ ਤਹਿਤ ਕੈਬਨਿਟ ‘ਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।