ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਬਿਨਾਂ ਸ਼ਰਤ ਮੰਗੀ ਕੇਂਦਰੀ ਚੋਣ ਕਮਿਸ਼ਨ ਤੋਂ ਮੁਆਫ਼ੀ
ਅਸ਼ਵਨੀ ਚਾਵਲਾ, ਚੰਡੀਗੜ੍ਹ
ਕੋਟਕਪੁਰਾ ਅਤੇ ਬਰਗਾੜੀ ਵਿਖੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਸਪੈਸ਼ਲ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਨਾ ਕਰਨ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕੇਂਦਰੀ ਚੋਣ ਕਮਿਸ਼ਨ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ। ਇਸ ਮੁਆਫ਼ੀ ਮੰਗਣ ਤੋਂ ਬਾਅਦ ਵੀ ਕੇਂਦਰੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਸਾਫ਼ ਕਿਹਾ ਹੈ ਕਿ ਉਨ੍ਹਾਂ ਦਾ ਕੰਮ ਕਰਨ ਦਾ ਤਰੀਕਾ ਕਾਫ਼ੀ ਜਿਆਦਾ ਗੈਰ-ਜਿੰਮੇਵਾਰ ਸੀ, ਇਸ ਲਈ ਹੁਣ ਉਨ੍ਹਾਂ ਦੀ ਮੁਆਫ਼ੀ ਸਵੀਕਾਰ ਕੀਤੀ ਜਾ ਰਹੀ ਹੈ ਪਰ ਭਵਿੱਖ ਵਿੱਚ ਪੰਜਾਬ ਸਰਕਾਰ ਇਸ ਤਰ੍ਹਾਂ ਦੀ ਕੋਈ ਵੀ ਗਲਤੀ ਨਾ ਕਰੇ।
ਕੇਂਦਰੀ ਚੋਣ ਕਮਿਸ਼ਨ ਤੋਂ ਮੁਆਫ਼ੀ ਮੰਗਣ ਤੋਂ ਬਾਅਦ ਵੀ ਮਿਲੀ ਇਸ ਚੇਤਾਵਨੀ ਨਾਲ ਪੰਜਾਬ ਸਰਕਾਰ ਦੀ ਕਾਫ਼ੀ ਜ਼ਿਆਦਾ ਕਿਰਕਿਰੀ ਹੋਈ ਹੈ। ਹੁਣ ਤੱਕ ਪੰਜਾਬ ਸਰਕਾਰ ਦਾ ਦਾਅਵਾ ਕਰਦਾ ਆ ਰਹੀ ਸੀ ਕਿ ਚੋਣ ਕਮਿਸ਼ਨ ਵੱਲੋਂ ਕੁੰਵਰ ਵਿਜੇ ਪ੍ਰਤਾਪ ਨੂੰ ਸਪੈਸ਼ਲ ਜਾਂਚ ਟੀਮ ਤੋਂ ਹਟਾਉਣ ਬਾਰੇ ਕੋਈ ਆਦੇਸ਼ ਹੀ ਜਾਰੀ ਨਹੀਂ ਕੀਤੇ ਗਏ ਸਨ ਪਰ ਹੁਣ ਇਸ ਸਾਰੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਆਪਣੀ ਗਲਤੀ ਮੰਨ ਲਈ ਹੈ।
ਜਾਣਕਾਰੀ ਅਨੁਸਾਰ ਕੇਂਦਰ ਚੋਣ ਕਮਿਸ਼ਨ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ 22 ਮਾਰਚ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਸੀ, ਜਿਸ ਵਿੱਚ ਕੁੰਵਰ ਵਿਜੇ ਪ੍ਰਤਾਪ ਨੂੰ ਸਪੈਸ਼ਲ ਜਾਂਚ ਟੀਮ ਤੋਂ ਹਟਾਉਣ ਦੀ ਮੰਗ ਕੀਤੀ ਸੀ, ਇਸ ਸ਼ਿਕਾਇਤ ਨੂੰ ਦੇਖਦੇ ਹੋਏ ਕੇਂਦਰੀ ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਤੋਂ ਰਿਪੋਰਟ ਮੰਗੀ ਸੀ ਤਾਂ ਉਸ ਰਿਪੋਰਟ ਦੇ ਅਧਾਰ ‘ਤੇ 5 ਅਪਰੈਲ 2019 ਨੂੰ ਕੁੰਵਰ ਵਿਜੇ ਪ੍ਰਤਾਪ ਨੂੰ ਸਪੈਸ਼ਲ ਜਾਂਚ ਟੀਮ ਸਣੇ ਮੌਜੂਦਾ ਡਿਊਟੀ ਤੋਂ ਤਬਾਦਲਾ ਕਰਨ ਦੇ ਆਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਨਾਂ ਆਦੇਸ਼ਾਂ ਦੀ ਕਾਰਵਾਈ ਕਰਨ ਤੋਂ ਬਾਅਦ ਕੇਂਦਰੀ ਚੋਣ ਕਮਿਸ਼ਨ ਨੂੰ ਵਾਪਸੀ ਜੁਆਬ ਵੀ ਭੇਜਿਆ ਸੀ, ਜਿਸ ਵਿੱਚ ਆਦੇਸ਼ਾਂ ਦੀ ਪਾਲਣਾ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਸੀ।
ਪਰ ਇਸ ਮਾਮਲੇ ਵਿੱਚ 4 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਸ਼ਨ ਨੇ ਮੁੜ ਤੋਂ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਦੇ ਹੋਏ ਪੰਜਾਬ ਸਰਕਾਰ ਦੀ ਸ਼ਿਕਾਇਤ ਕੀਤੀ ਸੀ ਕਿ ਉਨਾਂ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਨਾਲ ਹੀ ਸਰਕਾਰ ਵੱਲੋਂ ਚੋਣ ਕਮਿਸ਼ਨ ਨੂੰ ਝੂਠ ਬੋਲਦੇ ਹੋਏ ਗੁਮਰਾਹ ਕੀਤਾ ਗਿਆ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਕੇਂਦਰੀ ਚੋਣ ਕਮਿਸ਼ਨ ਵਲੋਂ ਪੰਜਾਬ ਸਰਕਾਰ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਤੋਂ ਰਿਪੋਰਟ ਮੰਗੀ ਗਈ। ਜਿਸ ਰਾਹੀਂ ਸਾਫ਼ ਹੋ ਗਿਆ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਸਪੈਸ਼ਲ ਜਾਂਚ ਟੀਮ ਤੋਂ ਹਟਾਇਆ ਹੀ ਨਹੀਂ ਗਿਆ।
ਇਸ ਮਾਮਲੇ ਵਿੱਚ ਕੇਂਦਰੀ ਚੋਣ ਕਮਿਸ਼ਨ ਦੀ ਸਖ਼ਤੀ ਦੇਖਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਚੋਣ ਕਮਿਸ਼ਨ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹੋਏ ਆਪਣੀ ਗਲਤੀ ਮੰਨ ਲਈ ਹੈ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਮੁਆਫ਼ੀ ਨੂੰ ਸਵੀਕਾਰ ਕਰਦੇ ਹੋਏ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਡਾ. ਸੰਦੀਪ ਸਕਸੈਨਾ ਨੇ ਕਿਹਾ ਹੈ ਕਿ ਹੁਣ ਤੁਹਾਡੀ ਮੁਆਫ਼ੀ ਨੂੰ ਬਿਨਾਂ ਸ਼ਰਤ ਸਵੀਕਾਰ ਕੀਤਾ ਜਾ ਰਿਹਾ ਹੈ ਪਰ ਭਵਿੱਖ ਵਿੱਚ ਇਸ ਤਰਾਂ ਦਾ ਗੈਰਜਿੰਮੇਵਾਰ ਰਵੱਈਆ ਨਹੀਂ ਦਿਖਾਉਂਦੇ ਹੋਏ ਇਹੋ ਜਿਹੀ ਗਲਤੀ ਨਾ ਕੀਤੀ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।