ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਮਾਣਹਾਨੀ ਮਾਮਲੇ ‘ਚ 2 ਸਤੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਆਤਮ ਨਗਰ ਹਲਕੇ ਤੋਂ ਵਿÎਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਦੇ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ। ਵਿਧਾਇਕ ਬੈਂਸ ਵਿਰੁੱਧ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਮਾਣਹਾਨੀ ਦਾ ਇੱਕ ਫ਼ੌਜਦਾਰੀ ਮਾਮਲਾ ਦਾਇਰ ਕੀਤਾ ਹੋਇਆ ਹੈ। ਇਸੇ ਕੇਸ ‘ਚ ਪਟਿਆਲਾ ਦੇ ਜੁਡੀਸ਼ੀਅਲ ਮੈਜਿਸਟਰੇਟ ਅਵਲ ਦਰਜਾ ਨਿਧੀ ਸੈਣੀ ਦੀ ਅਦਾਲਤ ਨੇ ਬੈਂਸ ਨੂੰ ਸੰਮਨ ਜਾਰੀ ਕਰਦਿਆਂ 2 ਸਤੰਬਰ ਨੂੰ ਅਦਾਲਤ ਚ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਸੰਮਨਾਂ ਦੀ ਪੁਸ਼ਟੀ ਕਰਦਿਆਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਵਕੀਲ ਗੁਰਪ੍ਰੀਤ ਸਿੰਘ ਭਸੀਨ ਨੇ ਦੱਸਿਆ ਕਿ ਲੋਕ ਇਨਸਾਫ਼ ਪਾਰਟੀ ਦੇ ਲੁਧਿਆਣਾ ਤੋਂ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਿਰੁੱਧ ਦਵਾਈਆਂ ਦੀ ਕੰਪਨੀ ਸਬੰਧੀ ਝੂਠੇ ਦੋਸ਼ ਲਾਏ ਗਏ ਸਨ।
ਜਦੋਂ ਕਿ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਸੀ ਕਿ ਅਜਿਹੇ ਦੋਸ਼ਾਂ ਵਿੱਚ ਕੋਈ ਸੰਚਾਈ ਨਹੀਂ ਅਤੇ ਸਿਮਰਜੀਤ ਬੈਂਸ ਨੇ ਫ਼ੋਕੀ ਸ਼ੋਹਰਤ ਖੱਟਣ ਲਈ ਹੀ ਉਨ੍ਹਾਂ ‘ਤੇ ਅਜਿਹੇ ਦੋਸ਼ ਲਾਏ ਹਨ। ਉਨ੍ਹਾਂ ਨੇ ਆਪਣੇ ਵਕੀਲ ਗੁਰਪ੍ਰੀਤ ਸਿੰਘ ਭਸੀਨ ਰਾਹੀ 1 ਅਗਸਤ 2018 ਨੂੰ ਭਾਰਤੀ ਦੰਡਾਵਲੀ ਦੀ ਧਾਰਾ 499 ਤੇ 500 ਤਹਿਤ ਪਟਿਆਲਾ ਦੀ ਅਦਾਲਤ ਵਿਖੇ ਇਹ ਕੇਸ ਦਾਇਰ ਕੀਤਾ ਸੀ। ਇਸੇ ਮਾਮਲੇ ਦੀ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਧਾਰਾ 500 ਤਹਿਤ ਅਦਾਲਤ ‘ਚ ਪੇਸ਼ ਹੋਣ ਲਈ ਸੰਮਨ ਜਾਰੀ ਕਰਦਿਆਂ ਅਗਲੀ ਸੁਣਵਾਈ 2 ਸਤੰਬਰ ‘ਤੇ ਪਾ ਦਿੱਤੀ ਹੈ। ਇਸ ਕੇਸ ‘ਚ ਹੁਣ ਤੱਕ 22 ਗਵਾਹਾਂ ਦੇ ਬਿਆਨ ਦਰਜ ਕਰਵਾਏ ਜਾ ਚੁੱਕੇ ਹਨ ਅਤੇ ਹੁਣ ਅਦਾਲਤ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੰਮਨ ਜਾਰੀ ਕੀਤੇ ਹਨ। ਪਿਛਲੀ ਤਾਰੀਖ ਦੌਰਾਨ ਸਾਰੇ ਗਵਾਹਾਂ ਦੇ ਬਿਆਨ ਮੁਕੰਮਲ ਹੋ ਗਏ ਸਨ।