ਸੰਗਰੂਰ । 10 ਅਗਸਤ ਨੂੰ ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਜੀ ਦਾ ਮੰਦਰ ਢਾਹੁਣ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਸੱਦੇ ਤੇ ਦਲਿਤ ਵੈੱਲਫੇਅਰ ਸੰਗਠਨ ਪੰਜਾਬ ਦੇ ਸੂਬਾ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਹਜਾਰਾਂ ਦੀ ਗਿਣਤੀ ਵਿਚ ਦਲਿਤ ਭਾਈਚਾਰੇ ਵੱਲੋਂ ਸ਼ਹਿਰ ਵਿੱਚ ਭਾਰੀ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਸਥਾਨਕ ਡਾਕਟਰ ਅੰਬੇਦਕਰ ਨਗਰ ਤੋਂ ਸ਼ੁਰੂ ਕਰ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਬਰਨਾਲਾ ਚੌਂਕ ਵਿਖੇ ਸਮਾਪਤ ਕੀਤਾ ਗਿਆ। ਸੰਗਰੂਰ ਦਾ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਰਿਹਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਗੁਰੂ ਰਵਿਦਾਸ ਜੀ ਦਾ ਮੰਦਰ ਤੋੜ ਕੇ ਦਲਿਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ।
ਜਿਸ ਨਾਲ ਦਲਿਤਾਂ ਦੇ ਹਿਰਦੇ ਵਲੁੰਦਰਹੇ ਗਏ ਹਨ। ਉਨ੍ਹਾਂ ਕਿਹਾ ਕਿ ਸਿਰਫ ਮੰਦਰ ਤੋੜਨ ਦੀ ਗੱਲ ਨਹੀਂ ਆਰ.ਐੱਸ.ਐੱਸ. ਅਤੇ ਕੇਂਦਰ ਸਰਕਾਰ ਦਲਿਤਾਂ ਨੂੰ ਮੁੜ ਤੋਂ ਗੁਲਾਮ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਦਲਿਤਾਂ ਦੇ ਹੱਕਾਂ ਨੂੰ ਖਤਮ ਕਰਨ ਲਈ ਵੱਡੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ, ਜਿਸ ਦਾ ਮੂੰਹਤੋੜ ਜਵਾਬ ਦੇਣ ਲਈ ਸਾਨੂੰ ਅੱਜ ਹਰ ਪੱਧਰ ਤੋਂ ਉਪਰ ਉੱਠ ਕੇ ਇੱਕ ਮੁੱਠ ਹੋਣ ਦੀ ਸਖ਼ਤ ਜਰੂਰਤ ਹੈ। ਦਰਸ਼ਨ ਸਿੰਘ ਕਾਂਗੜਾ ਨੇ ਅਪਣੇ ਸੰਬੋਧਨ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਅਤੇ ਆਰ.ਐੱਸ.ਐੱਸ ਪੁਰੀ ਤਰ੍ਹਾਂ ਦਲਿਤ ਵਿਰੋਧੀ ਹਨ ਬੁਲਾਰਿਆਂ ਨੇ ਮੰਦਰ ਦੀ ਮੁੜ ਉਸਾਰੀ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਅਤੇ ਆਰ.ਐੱਸ. ਐੱਸ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।