ਆੜ੍ਹਤੀਆਂ ਤੇ ਕਿਸਾਨਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ
ਤਰਸੇਮ ਸਿੰਘ/ਲਹਿਰਾਗਾਗਾ। ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਵੱਲੋਂ ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿੱਚ ਕੋਈ ਬਾਈਕਾਟ ਜਾਂ ਹੜਤਾਲ ਨਹੀਂ ਕੀਤੀ ਜਾ ਰਹੀ, ਹਰ ਰੋਜ਼ ਦੀ ਤਰ੍ਹਾਂ ਮੰਡੀਆਂ ਤੇ ਖਰੀਦ ਕੇਂਦਰਾਂ ਵਿੱਚ ਕੰਮ ਨਿਰੰਤਰ ਜਾਰੀ ਹੈ। ਇਸ ਲਈ ਆੜ੍ਹਤੀ ਤੇ ਕਿਸਾਨ ਕੁਝ ਲੋਕਾਂ ਵੱਲੋਂ ਸਸਤੀ ਸ਼ੋਹਰਤ ਹਾਸਲ ਕਰਨ ਲਈ ਮੰਡੀਆਂ ਦੇ ਬਾਈਕਾਟ ਤੇ ਹੜਤਾਲ ਸਬੰਧੀ ਫੈਲਾਈ ਜਾ ਰਹੀ ਅਫਵਾਹ ਤੋਂ ਸੁਚੇਤ ਰਹਿਣ। ਇਸ ਗੱਲ ਦਾ ਪ੍ਰਗਟਾਵਾ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆੜ੍ਹਤੀਆਂ ਅਤੇ ਸੈਲਰ ਉਦਯੋਗ ਵਿਰੋਧੀ ਫੈਸਲੇ ਕਰਕੇ ਸੂਬਾ ਸਰਕਾਰ ਨੂੰ ਬਦਨਾਮ ਕਰਕੇ ਆੜ੍ਹਤੀਆਂ ਅਤੇ ਕਿਸਾਨਾਂ ਦੇ ਆਪਸੀ ਨਹੁੰ-ਮਾਸ ਦੇ ਰਿਸ਼ਤੇ ਨੂੰ ਖਤਮ ਕਰਨਾ ਚਾਹੁੰਦੀ ਹੈ।
ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਤੇ ਮੰਡੀਕਰਨ ਬੋਰਡ ਦੇ ਵਾਈਸ ਚੇਅਰਮੈਨ ਸ੍ਰੀ ਵਿਜੇ ਕਾਲੜਾ ਨੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਨਮੁੱਖ ਰੱਖ ਕੇ ਹੱਲ ਕਰਵਾਇਆ ਹੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਝੋਨੇ ਦੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ ਸਿੱਧੀ ਦੇਣ ਦੀ ਬਜਾਇ ਆੜ੍ਹਤੀਆਂ ਦੇ ਖਾਤੇ ਵਿਚ ਜਮ੍ਹਾ ਕਰਵਾਈ ਜਾਵੇਗੀ ਤਾਂ ਜੋ ਆੜ੍ਹਤੀਆਂ ਅਤੇ ਕਿਸਾਨਾਂ ਦਾ ਆਪਸੀ ਰਿਸ਼ਤਾ ਮਜ਼ਬੂਤ ਰਹੇ। ਸ੍ਰੀ ਰੱਬੜ ਨੇ ਕਿਹਾ ਕਿ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਨੂੰ ਲੈ ਕੇ ਉਹ ਨਿਰੰਤਰ ਮਾਰਕੀਟ ਕਮੇਟੀ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਰਾਬਤਾ ਰੱਖ ਰਹੇ ਹਨ ਜੀਰੀ ਦੀ ਖਰੀਦ ਨੂੰ ਸਫ਼ਲਤਾ ਪੂਰਵਕ ਨੇਪੜੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਜੀਰੀ (17 % ਨਮੀ ਵਾਲੀ) ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਮੰਡੀਆਂ ਵਿੱਚ ਖੱਜਲ-ਖੁਆਰੀ ਨਾ ਹੋਵੇ, ਜੇਕਰ ਬਾਵਜ਼ੂਦ ਇਸਦੇ ਕਿਸਾਨਾਂ ਜਾਂ ਆੜ੍ਹਤੀਆਂ ਨੂੰ ਮੰਡੀਆਂ ਤੇ ਖਰੀਦ ਕੇਂਦਰਾਂ ‘ਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਆਈ ਤਾਂ ਉਹ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਅਤੇ ਮੰਡੀਕਰਨ ਬੋਰਡ ਦੇ ਵਾਈਸ ਚੇਅਰਮੈਨ ਸ੍ਰੀ ਵਿਜੇ ਕਾਲੜਾ ਜੀ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਮੌਕੇ ਨਰਾਤਾ ਰਾਮ ਫਤਿਹਗੜ੍ਹ, ਸੰਜੇ ਕੁਮਾਰ, ਅਨਿਲ ਕੁਮਾਰ, ਰਾਮਪਾਲ ਭੁਟਾਲ ਵਾਲੇ, ਜੀਵਨ ਕੁਮਾਰ ਸੇਖੂਵਾਸ ਵਾਲੇ, ਧਰਮਪਾਲ ਕੋਟੜਾ ਤੋਂ ਇਲਾਵਾ ਹੋਰ ਵੀ ਆੜ੍ਹਤੀ ਆਗੂ ਤੇ ਮੈਂਬਰ ਹਾਜ਼ਰ ਸਨ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।