ਨੌਕਰੀ ਪਵੇਗੀ ਖ਼ਤਰੇ ‘ਚ ਜੇਕਰ ਸਾੜ ਦਿੱਤੀ ਪਰਾਲੀ, ਮੁਲਾਜ਼ਮਾਂ ‘ਤੇ ਹੋਵੇਗੀ ਸਖ਼ਤੀ

Jobs , Risk, Burned, Straw, Employees

ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਕਰੇਗੀ ਅਨੁਸ਼ਾਸਨੀ ਕਾਰਵਾਈ ਕਰਨ ਦਾ ਐਲਾਨ

ਅਸ਼ਵਨੀ ਚਾਵਲਾ/ਚੰਡੀਗੜ੍ਹ। ਪਰਾਲੀ ਸਾੜਨ ਵਾਲੇ ਸਰਕਾਰੀ ਮੁਲਾਜ਼ਮਾਂ ਦੀ ਹੁਣ ਖੈਰ ਨਹੀਂ ਹੈ, ਕਿਉਂਕਿ ਹੁਣ ਪਰਾਲੀ ਸਾੜਨ ਦੇ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਕੋਈ ਛੋਟਾ-ਮੋਟਾ ਜ਼ੁਰਮਾਨਾ ਨਹੀਂ ਸਗੋਂ ਉਨ੍ਹਾਂ ਦੀ ਨੌਕਰੀ ਖ਼ਤਰੇ ਵਿੱਚ ਪੈਣ ਵਾਲੀ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਹੜੇ ਖ਼ੁਦ ਕਾਸ਼ਤਕਾਰ ਹਨ ਜਾਂ ਫਿਰ ਉਨ੍ਹਾਂ ਦੇ ਨਾਂਅ ‘ਤੇ ਚੱਲ ਰਹੀ ਖੇਤੀ ਦੀ ਜ਼ਮੀਨ ‘ਤੇ ਇਸ ਗੈਰ ਕਾਨੂੰਨੀ ਕੰਮ ਨੂੰ ਅੰਜਾਮ ਦਿੱਤਾ ਜਾ ਰਿਹਾ ਹੋਵੇਗਾ। (Employees )

ਪੰਜਾਬ ਸਰਕਾਰ ਨੇ ਇਸ ਤਰ੍ਹਾਂ ਦੇ ਹਰ ਮੁਲਾਜ਼ਮ ਦੀ ਜਵਾਬਦੇਹੀ ਤੈਅ ਕਰਨ ਦਾ ਫੈਸਲਾ ਕਰ ਲਿਆ ਹੈ। ਇਸ ਸਬੰਧੀ ਵਿਸਥਾਰ ਵਿੱਚ ਹਦਾਇਤਾਂ ਜਾਰੀ ਕਰਦਿਆਂ ਸਰਕਾਰ ਨੇ ਸਮੂਹ ਕਰਮਚਾਰੀਆਂ ਨੂੰ ਉਨ੍ਹਾਂ ਵੱਲੋਂ ਝੋਨੇ ਦੀ ਕਾਸ਼ਤ ਹੇਠ ਆਪਣੀ ਜ਼ਮੀਨ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਜੇਕਰ ਕੋਈ ਮੁਲਾਜ਼ਮ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਅਜਿਹੇ ਮੁਲਾਜ਼ਮਾਂ ਵਿਰੁੱਧ ਸੇਵਾ ਨਿਯਮਾਂ ਤਹਿਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। (Employees | )

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੁਲਾਜ਼ਮਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪਰਾਲੀ ਸਾੜਨ ਦੇ ਖਤਰਨਾਕ ਰੁਝਾਨ ਨੂੰ ਠੱਲ੍ਹ ਪਾਉਣ ਲਈ ਬਾਕੀ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ ਕਿਉਂ ਜੋ ਇਹ ਅਮਲ ਵਾਤਾਵਰਨ ਅਤੇ ਸਿਹਤ ਲਈ ਬਹੁਤ ਮਾਰੂ ਸਾਬਤ ਹੁੰਦਾ ਹੈ। ਇਸੇ ਤਰ੍ਹਾਂ ਮੁਲਾਜ਼ਮਾਂ ਨੂੰ ਇਹ ਵੀ ਪਾਬੰਦ ਕੀਤਾ ਗਿਆ ਹੈ ਕਿ ਜੇਕਰ ਕਿਧਰੇ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਹ ਤੁਰੰਤ ਸਬੰਧਿਤ ਅਥਾਰਟੀ ਦੇ ਨੋਟਿਸ ਵਿੱਚ ਲਿਆਉਣਗੇ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀ ਜਿੱਥੇ ਖੁਦ ਪਰਾਲੀ ਸਾੜਨ ਦੇ ਅਮਲ ਤੋਂ ਲਾਂਭੇ ਰਹਿਣਗੇ, ਉੱਥੇ ਹੀ ਪਰਾਲੀ ਸਾੜਨ ਨਾਲ ਵਾਤਾਵਰਨ ਅਤੇ ਮਨੁੱਖੀ ਸਿਹਤ ‘ਤੇ ਪੈਂਦੇ ਮਾਰੂ ਪ੍ਰਭਾਵ ਬਾਰੇ ਜਾਗਰੂਕਤਾ ਪੈਦਾ ਕਰਨਗੇ। Employees |

ਖੇਤੀਬਾੜੀ ਸਕੱਤਰ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਤੇ ਹੋਰ ਪੁਲਿਸ ਅਫ਼ਸਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਲਈ ਜ਼ੋਰ ਦੇ ਕੇ ਆਖਣ। ਇਸੇ ਤਰ੍ਹਾਂ ਸਾਰੇ ਮਾਲ ਪਟਵਾਰੀਆਂ ਨੂੰ ਵੀ ਇਹ ਆਦੇਸ਼ ਦਿੱਤੇ ਗਏ ਹਨ ਕਿ ਜਿਸ ਖੇਤ ਵਿੱਚ ਵੀ ਪਰਾਲੀ ਸਾੜੀ ਜਾਂਦੀ ਹੈ, ਉਸ ਜ਼ਮੀਨ ਦੀ ਗਿਰਦਾਵਰੀ ਵਿੱਚ ‘ਰੈੱਡ ਐਂਟਰੀ’ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਖੇਤ ਸਬੰਧੀ ਵੀ ਕਰਮਚਾਰੀ ਆਪਣੀ ਅਥਾਰਟੀ ਨੂੰ ਤੁਰੰਤ ਸੂਚਿਤ ਕਰੇ। ਖੇਤੀਬਾੜੀ ਸਕੱਤਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਨੰਬਰਦਾਰ ਪਰਾਲੀ ਸਾੜਣ ਦੀ ਗਤੀਵਿਧੀ ‘ਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਲਈ ਸਬੰਧਤ ਅਥਾਰਟੀ ਵੱਲੋਂ ਨੋਟਿਸ ਜਾਰੀ ਕੀਤਾ ਜਾਵੇ।

ਪੰਨੂੰ ਨੇ ਅੱਗੇ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਸਟਾਫ਼ ਨੂੰ ਵੀ ਆਪੋ-ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨਾ ਸਾੜਣ ਦੀ ਹਦਾਇਤ ਕੀਤੀ ਗਈ ਹੈ। ਇਸੇ ਤਰ੍ਹਾਂ ਨਹਿਰੀ ਪਟਵਾਰੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਜੇਕਰ ਉਨ੍ਹਾਂ ਦੇ ਸਬੰਧਤ ਇਲਾਕੇ ਵਿੱਚ ਪਰਾਲੀ ਸਾੜਣ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ ਵਾਸਤੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਜਾਵੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।