ਪੰਜਾਬ ਵਿੱਚ ਹੁਣ ਤੱਕ 20729 ਪਰਾਲੀ ਸਾੜਨ ਦੇ ਮਾਮਲੇ ਆਏ ਸਾਹਮਣੇ
ਚੰਡੀਗੜ(ਅਸ਼ਵਨੀ ਚਾਵਲਾ)। ਪੰਜਾਬ ਵਿੱਚ ਹਜ਼ਾਰਾ ਏਕੜ ਵਿੱਚ ਸਾੜੀ ਜਾ ਰਹੀ ਪਰਾਲੀ ਨੂੰ ਲੈ ਕੇ ਪੰਜਾਬ ਸਰਕਾਰ ਨੇ 2923 ਕਿਸਾਨਾ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ। ਪਰਾਲੀ ਸਾੜਣ ਦੇ 20 ਹਜ਼ਾਰ 729 ਮਾਮਲੇ ਪੰਜਾਬ ਸਰਕਾਰ ਦੇ ਨੋਟਿਸ ਵਿੱਚ ਆ ਚੁੱਕੇ ਹਨ ਉਂਜ ਕਿਸੇ ਕਿਸਾਨ ਦੀ ਗ੍ਰਿਫਤਾਰੀ ਨਹੀਂ ਕੀਤੀ ਗਈ
ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਦਾਅਵਾ ਹੈ ਕਿ ਪਿਛਲੇ ਸਾਲ ਪਰਾਲੀ ਸਾੜਣ ਦੇ 49,000 ਮਾਮਲੇ ਸਾਹਮਣੇ ਆਏ ਸਨ ਜਦਕਿ ਇਸ ਸਾਲ ਸੂਬਾ ਸਰਕਾਰ ਨੂੰ ਹੁਣ ਤੱਕ ਪ੍ਰਾਪਤ ਰਿਪੋਰਟਾਂ ਮੁਤਾਬਕ 20,729 ਮਾਮਲੇ ਸਾਹਮਣੇ ਆਏ ਹਨ ਅਤੇ 70 ਫੀਸਦੀ ਝੋਨਾ ਵੱਢਿਆ ਜਾ ਚੁੱਕਾ ਹੈ।
ਇਥੇ ਹੀ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਤੋਂ ਪਰਾਲੀ ਸਾੜਣ ਦੇ ਮਾਮਲੇ ਵਿੱਚ ਗੇਂਦ ਕੇਂਦਰ ਸਰਕਾਰ ਦੇ ਪਾਲੇ ਵਿੱਚ ਸੁਟਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਹੀ ਸਥਾਈ ਹੱਲ ਕੱਢ ਸਕਦੀ ਹੈ, ਕਿਉਂਕਿ ਇਸ ਨਾਲ ਵਾਤਾਵਰਨ ਦਾ ਵੱਡਾ ਨੁਕਸਾਨ ਹੋ ਰਿਹਾ ਹੈ, ਜਦੋਂ ਕਿ ਕਿਸਾਨਾ ਨੂੰ ਪਰਾਲੀ ਸਾੜਣ ਤੋਂ ਰੋਕਣ ਲਈ ਕੋਈ ਨਾ ਕੋਈ ਰਾਹਤ ਦੇਣੀ ਚਾਹੀਦੀ ਹੈ, ਜਿਸ ਨਾਲ ਉਨਾਂ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿਸਾਨਾਂ ਦੀ ਹਾਲਤ ਪਹਿਲਾ ਹੀ ਮਾੜੀ ਹੈ ਕੇਂਦਰ ਸਰਕਾਰ ਵੱਲੋਂ ਮੁਆਵਜ਼ਾਂ ਦੇਣਾ ਹੀ ਇਸਦਾ ਇੱਕੋ ਇੱਕ ਹੱਲ ਹੈ
ਅਮਰਿੰਦਰ ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਇਸ ਮੁਹਿੰਮ ਤਹਿਤ ਗਠਿਤ ਕੀਤੀਆਂ ਟੀਮਾਂ ਨੇ ਇਕ ਨਵੰਬਰ ਤੱਕ ਪਰਾਲੀ ਨੂੰ ਅੱਗ ਲਾਉਣ ਦੀਆਂ ਵਾਪਰੀਆਂ 11286 ਥਾਵਾਂ ਦਾ ਦੌਰਾ ਕੀਤਾ ਹੈ ਅਤੇ 1585 ਮਾਮਲਿਆਂ ਵਿੱਚ ਵਾਤਾਵਰਣ ਨੂੰ ਪਲੀਤ ਕਰਨ ਦੇ ਮੁਆਵਜ਼ੇ ਵਜੋਂ 41.62 ਲੱਖ ਰੁਪਏ ਦੀ ਵਸੂਲੀ ਕਿਸਾਨਾਂ ਸਿਰ ਪਾਈ ਹੈ, 1136 ਮਾਮਲਿਆਂ ਵਿੱਚ ਖਸਰਾ ਗਿਰਦਾਵਰੀ ਵਿੱਚ ਰੈੱਡ ਐਂਟਰੀ ਕੀਤੀ ਅਤੇ ਕਾਨੂੰਨ ਦੀ ਉਲੰਘਣਾ ਵਾਲੇ 202 ਮਾਮਲਿਆਂ ਵਿੱਚ ਐਫ.ਆਈ.ਆਰ./ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਬਿਨਾਂ ਸੁਪਰ ਐਸ.ਐਮ.ਐਸ. ਦੇ ਚੱਲਣ ਵਾਲੀਆਂ 31 ਕੰਬਾਈਨਾਂ ਨੂੰ ਵਾਤਾਵਰਣ ਪਲੀਤ ਕਰਨ ਦੇ ਮੁਆਵਜ਼ੇ ਵਜੋਂ 62 ਲੱਖ ਰੁਪਏ ਜੁਰਮਾਨਾ ਪਾਇਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।