ਬਾਕੀ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਦੀ ਖੁੱਲ੍ਹ ਲਈ ਮੋਦੀ ਕੋਲ ਪਹੁੰਚ ਕਰਾਂਗਾ: ਅਮਰਿੰਦਰ ਸਿੰਘ
ਰਾਜਨ ਮਾਨ/ਸੁਲਤਾਨਪੁਰ ਲੋਧੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਭਾਰਤੀ ਸ਼ਰਧਾਲੂਆਂ ਨੂੰ ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਦੀ ਖੁੱਲ੍ਹ ਦੇਣ ਦਾ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪਹੁੰਚ ਕਰਨਗੇ ਮੁੱਖ ਮੰਤਰੀ ਨੇ ਇਹ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ ਅਤੇ ਇਸ ਮੌਕੇ ਕਰਵਾਏ ਸਮਾਗਮ ਵਿੱਚ ਮੁੱਖ ਮੰਤਰੀ ਨਾਲ ਮੁਲਕ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ ਸ਼ਾਮਲ ਹੋਏ।
ਅੱਜ ਇੱਥੇ ਗੁਰਪੁਰਬ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਉੱਘੀਆਂ ਸ਼ਖਸੀਅਤਾਂ ਸ਼ਾਮਲ ਹੋਈਆਂ ਇਸ ਮੌਕੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਮੁਤਾਬਕ ਸੱਚੀ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ‘ਪ੍ਰਕਾਸ਼ ਪੁਰਬ ਤਗਮੇ (ਮੈਡਲ)’ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੇ ਸਾਲ ਸ਼ੁਰੂ ਹੋਏ ਸਮਾਗਮਾਂ ਨੂੰ ਨਵੰਬਰ, 2020 ਤੱਕ ਜਾਰੀ ਰੱਖਿਆ ਜਾਵੇਗਾ ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਤਿਹਾਸਕ ਮੌਕੇ ’ਤੇ 550 ਕੈਦੀਆਂ ਦੀ ਅਗਾਊਂ ਰਿਹਾਈ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਨ੍ਹਾਂ ਵਿੱਚੋਂ 450 ਕੈਦੀਆਂ ਨੂੰ ਰਿਹਾਅ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਅਗਲੇ ਕੁਝ ਮਹੀਨਿਆਂ ਤੱਕ ਰਿਹਾਅ ਕੀਤਾ ਜਾਵੇਗਾ।
ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰਨ ਦੀ ਆਗਿਆ ਦੇਣ ਵਿੱਚ ਪੂਰਨ ਸਹਿਯੋਗ ਦੇਣ ਲਈ ਮੁੱਖ ਮੰਤਰੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਇੱਕ ਵਾਰ ਫਿਰ ਧੰਨਵਾਦ ਕੀਤਾ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਅਜਿਹੇ ਬਾਕੀ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਦੀ ਵੀ ਖੁੱਲ੍ਹ ਮਿਲੇਗੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਨੂੰ ਸਫਲ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਦਿੱਤੇ ਸਹਿਯੋਗ ਦਾ ਜ਼ਿਕਰ ਕਰਦਿਆਂ ਖੁਸ਼ੀ ਜ਼ਾਹਰ ਕੀਤੀ ਕਿ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਲੋਕਾਂ ਨੇ ਇਨ੍ਹਾਂ ਸਮਾਗਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਜੋ ਪਹਿਲੀ ਪਾਤਸ਼ਾਹੀ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਸਦਾ ਹੀ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਮੁੱਖ ਮੰਤਰੀ ਨੇ ਕਿਹਾ ਕਿ ਨਾਨਕ ਲੇਵਾ ਸੰਗਤ ਸਿਰਫ ਪੰਜਾਬ ਤੇ ਭਾਰਤ ਵਿੱਚ ਹੀ ਨਹੀਂ ਸਗੋਂ ਸੰਸਾਰ ਭਰ ਵਿੱਚ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਜ਼ੋਰ ਦਿੰਦਿਆਂ ਗੁਰੂ ਸਾਹਿਬ ਜੀ ਦੇ ਪ੍ਰਵਚਨ ‘ਵਿੱਦਿਆ ਵੀਚਾਰੀ ਤਾਂ ਪਰਉਪਕਾਰੀ’ ਦੇ ਮੁਤਾਬਕ ਸਿੱਖਿਆ ਦੇ ਮਹੱਤਵ ਨੂੰ ਦਰਸਾਇਆ ਉਨ੍ਹਾਂ ਨੇ ਸਾਰਿਆਂ ਨੂੰ ਮਹਾਨ ਗੁਰੂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸੰਦੇਸ਼ ਨੂੰ ਅਪਨਾਉਣ ਦਾ ਸੱਦਾ ਦਿੱਤਾ ।
ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ
ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਜਿਨ੍ਹਾਂ ਦਾ ਮੁੱਖ ਮੰਤਰੀ ਤੇ ਰਾਜਪਾਲ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਸੁਲਤਾਨਪੁਰ ਲੋਧੀ ਪੁੱਜਣ ’ਤੇ ਹੈਲੀਪੈਡ ਉਪਰ ਨਿੱਘਾ ਸਵਾਗਤ ਕੀਤਾ, ਨੇ ਆਪਣੇ ਸੰਬੋਧਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਪਿਆਰ, ਸ਼ਾਂਤੀ, ਸਦਭਾਵਨਾ, ਸਮਾਨਤਾ, ਦਇਆ ਤੇ ਧਾਰਮਿਕ ਸਹਿਣਸ਼ੀਲਤਾ ਦਾ ਮੋਢੀ ਆਖਿਆ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸਰਲ ਤੇ ਸਪੱਸ਼ਟ ਬਾਣੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਫਲਸਫੇ ਦਾ ਪ੍ਰਚਾਰ ਤੇ ਪਸਾਰ ਕਰਦੀ ਹੈ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸੱਚੀ ਅਕੀਦਤ ਇਹੋ ਹੈ ਕਿ ਉਹਨਾਂ ਦੀਆਂ ਸਿੱਖਿਆਵਾਂ ਤੇ ਫਲਸਫੇ ਉਤੇ ਚੱਲਦਿਆਂ ਸਰਬੱਤ ਦੇ ਭਲੇ ਲਈ ਕੰਮ ਕੀਤਾ ਜਾਵੇ। ਰਾਸ਼ਟਰਪਤੀ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਇਸ ਇਤਿਹਾਸਕ ਸਮਾਗਮ ਲਈ ਸੱਦਾ ਪੱਤਰ ਦੇਣ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਦੇ ਨਾਲ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਸ੍ਰੀ ਸਾਹਿਬ, ਯਾਦਗਾਰੀ ਸਿੱਕੇ, ਸਨਮਾਨ ਚਿੰਨ੍ਹ, ਸ਼ਾਲ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਸਿੱਖਿਆਵਾਂ ‘ਤੇ ਅਧਾਰਿਤ ਕਿਤਾਬਾਂ ਦੇ ਸੈੱਟ ਨਾਲ ਸਨਮਾਨਿਤ ਕੀਤਾ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਦੇਸ਼ ਦੀ ਪ੍ਰਥਮ ਮਹਿਲਾ ਸਵਿਤਾ ਕੋਵਿੰਦ ਨੂੰ ਸਨਮਾਨਿਤ ਕੀਤਾ ਇਸ ਤੋਂ ਪਹਿਲਾਂ ਅੱਜ ਸਵੇਰੇ ਮੁੱਖ ਮੰਤਰੀ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ।
ਇਸ ਮੌਕੇ ਸੰਸਦ ਮੈਂਬਰ ਪਰਨੀਤ ਕੌਰ, ਮੁੱਖ ਮੰਤਰੀ ਦੇ ਨਾਲ ਕੁੱਲ ਹਿੰਦ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਆਸ਼ਾ ਕੁਮਾਰੀ, ਕੈਬਨਿਟ ਮੰਤਰੀ ਓ.ਪੀ.ਸੋਨੀ ਤੇ ਸੁੰਦਰ ਸ਼ਾਮ ਅਰੋੜਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ, ਸਾਬਕਾ ਮੁੱਖ ਮੰਤਰੀ ਤੇ ਪੰਜਾਬ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਰਾਜਿੰਦਰ ਕੌਰ ਭੱਠਲ, ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ, ਵਿਜੇ ਇੰਦਰ ਸਿੰਗਲਾ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ, ਭਾਰਤ ਭੂਸ਼ਣ ਆਸ਼ੂ ਤੇ ਸੁੰਦਰ ਸ਼ਾਮ ਅਰੋੜਾ ਆਦਿ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।