ਅਧਿਆਪਕਾਂ, ਵਿਦਿਆਰਥੀਆਂ ਅਤੇ ਸਿੱਖਿਆ ਨਾਲ ਜੁੜੇ ਮੁੱਦਿਆਂ ਨੂੰ ਉਭਾਰਨ ਦਾ ਫੈਸਲਾ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ. ਟੀ. ਐੱਫ.) ਵੱਲੋਂ ਤਹਿਸੀਲ ਪੱਧਰ ‘ਤੇ ਮੰਗ ਪੱਤਰ 18 ਤੋਂ 23 ਨਵੰਬਰ ਦਰਮਿਆਨ ਸਿੱਖਿਆ ਮੰਤਰੀ ਪੰਜਾਬ ਦੇ ਨਾਂਅ ਸੌਂਪਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਸਰਕਾਰਾਂ ਨੇ ਜਨਤਕ ਸਿੱਖਿਆ ਨੂੰ ਅਣਗੌਲਿਆਂ ਕੀਤਾ ਹੈ, ਜਿਸ ਦੇ ਸਿੱਟੇ ਵਜੋਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਪੱਛੜ ਰਿਹਾ ਹੈ ਅਤੇ ਅਧਿਆਪਕ ਵਰਗ ਨੂੰ ਵੀ ਹਾਸ਼ੀਏ ‘ਤੇ ਧੱਕ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੇਣ ਦੀ ਜ਼ਿੰਮੇਵਾਰੀ ਤੋਂ ਭੱਜਣ, ਘੱਟ-ਗਿਣਤੀ ਵਾਲੇ ਵਿਦਿਆਰਥੀਆਂ ਵਾਲੇ ਸਕੂਲਾਂ ਨੂੰ ਬੰਦ ਕਰਨ, ਮਿਡਲ ਸਕੂਲਾਂ ਵਿੱਚ ਅਸਾਮੀਆਂ ਦੀ ਕਟੌਤੀ ਕਰਨ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਹੈਡ ਟੀਚਰ ਦੀ ਅਸਾਮੀ ਦੇਣ ‘ਤੇ ਕਈ ਤਰ~ਾਂ ਦੀਆਂ ਸ਼ਰਤਾਂ ਲਗਾਉਣ ਵਿੱਚੋਂ ਉਪਜੇ ਮਸਲਿਆਂ ਦੇ ਸਾਰਥਿਕ ਹੱਲ ਕਰਨ ਦੀ ਮੰਗ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
ਇਸ ਤੋਂ ਇਲਾਵਾ ਅਧਿਆਪਕਾਂ ਦੀਆਂ ਮੰਗਾਂ ਜਿਸ ਵਿੱਚ ਸਾਰੇ ਠੇਕਾ ਭਰਤੀ ਅਧੀਨ ਕੰਮ ਕਰਦੇ ਅਧਿਆਪਕਾਂ/ਵਲੰਟੀਅਰਾਂ ਨੂੰ ਸਿੱਖਿਆ ਵਿਭਾਗ ਵਿੱਚ ਲਿਆ ਕੇ ਰੈਗੂਲਰ ਕਰਨ, ਤਨਖਾਹ ਕਟੌਤੀ ਕਰਕੇ ਰੈਗੂਲਰ ਕੀਤੇ ਅਧਿਆਪਕਾਂ ਨੂੰ ਪੂਰੇ ਸਕੇਲਾਂ ਤਹਿਤ ਤਨਖਾਹ ਦੇਣ ਤੇ ਰਹਿੰਦੇ ਅਧਿਆਪਕਾਂ ਨੂੰ ਰੈਗੂਲਰ ਕਰਨ, ਤਨਖਾਹ ਕਮਿਸ਼ਨ ਅਤੇ ਡੀ. ਏ. ਦੀਆਂ ਰਹਿੰਦੀਆਂ ਕਿਸਤਾਂ ਬਕਾਏ ਸਮੇਤ ਜਾਰੀ ਕਰਨ, ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜੇਸ਼ਨਾਂ ਰੱਦ ਕਰਨ, ਲੈਕਚਰਾਰਾਂ ਦੀਆਂ ਰਿਵਰਸ਼ਨਾਂ ਰੱਦ ਕਰਕੇ ਸੀਨੀਅਰਤਾ ਸੂਚੀ ਅਨੁਸਾਰ ਰਹਿੰਦੇ ਅਧਿਆਪਕਾਂ ਨੂੰ ਤਰੱਕੀ ਦੇਣ, ਤਰੱਕੀ ਦਾ ਕੋਟਾ 75% ਕਰਕੇ ਹਰ ਕਾਡਰ ਦੀਆਂ ਬਣਦੀਆਂ ਤਰੱਕੀਆਂ ਕਰਨ ਅਤੇ ਨਵੀਂ ਭਰਤੀ ਵਿੱਚ ਲਾਗੂ ਕੀਤੀਆਂ ਸ਼ਰਤਾਂ ਵਾਪਿਸ ਕਰਵਾ ਕੇ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਝੰਡੇ ਹੇਠ ਅਧਿਆਪਕ ਬਿਗਲ ਬਜਾਉਣਗੇ। ਇਸ ਤੋਂ ਬਾਅਦ ਪਹਿਲੀ ਦਸੰਬਰ ਨੂੰ ਸੰਗਰੂਰ ਸ਼ਹਿਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨ ਦਾ ਵੀ ਐਲਾਨ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਵਿਕਰਮ ਦੇਵ ਸਿੰਘ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਮੀਤ ਪ੍ਰਧਾਨ ਧਰਮ ਸਿੰਘ ਸੂਜਾਪੁਰ, ਓਮ ਪ੍ਰਕਾਸ ਮਾਨਸਾ, ਰਾਜੀਵ ਕੁਮਾਰ ਬਰਨਾਲਾ ਤੇ ਜਗਪਾਲ ਸਿੰਘ ਬੰਗੀ, ਪ੍ਰੈਸ ਸਕੱਤਰ ਪਵਨ ਕੁਮਾਰ ਮੁਕਤਸਰ, ਜਥੇਬੰਦਕ ਸਕੱਤਰ ਨਛੱਤਰ ਸਿੰਘ ਤਰਨ ਤਾਰਨ ਤੇ ਰੁਪਿੰਦਰਪਾਲ ਸਿੰਘ ਗਿੱਲ, ਸੰਯੁਕਤ ਸਕੱਤਰ ਕੁਲਵਿੰਦਰ ਸਿੰਘ ਜੋਸਨ ਤੇ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸਹਾਇਕ ਵਿੱਤ ਸਕੱਤਰ ਅਸ਼ਵਨੀ ਕੁਮਾਰ ਟਿੱਬਾ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਂਸੀਵਾਲ ਵੀ ਹਾਜ਼ਰ ਰਹੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।