ਅਕਾਲੀ ਆਗੂ ਦੇ ਕਤਲ ਦੀ ਜਾਂਚ ਲਈ ਐੱਸ.ਆਈ.ਟੀ. ਟੀਮ ਗਠਿਤ

SIT

ਤੇਜ਼ਧਾਰ ਹਥਿਆਰਾਂ ਤੇ ਗੋਲੀਆਂ ਚਲਾ ਕੇ ਕੀਤਾ ਗਿਆ ਸੀ ਕਤਲ

ਬਟਾਲਾ। ਬੀਤੀ 18 ਨਵੰਬਰ ਨੂੰ ਪਿੰਡ ਢਿੱਲਵਾਂ ਵਿਖੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦੇ ਕਤਲ ਮਾਮਲੇ ਦੀ ਜਾਂਚ ਲਈ ਐੱਸ. ਐੱਸ. ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਵਲੋਂ 5 ਮੈਂਬਰੀ ਐੱਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਵਿਸ਼ੇਸ਼ ਜਾਂਚ ਟੀਮ ਵਿਚ ਡੀ.ਐੱਸ.ਪੀ. (ਸਪੈਸ਼ਲ ਬ੍ਰਾਂਚ) ਪ੍ਰੇਮ ਕੁਮਾਰ, ਡੀ.ਐੱਸ.ਪੀ. ਡੇਰਾ ਬਾਬਾ ਨਾਨਕ ਲਖਵਿੰਦਰ ਸਿੰਘ, ਇੰਸਪੈਕਟਰ ਹਰਬੰਸ ਸਿੰਘ (ਇਨਵੈਸਟੀਗੇਸ਼ਨ ਯੂਨਿਟ), ਇੰਚਾਰਜ ਸੀ.ਆਈ.ਏ. ਇੰਸਪੈਕਟਰ ਸੁਰਿੰਦਰ ਸਿੰਘ ਅਤੇ ਐੱਸ.ਐੱਚ.ਓ. ਥਾਣਾ ਕੋਟਲੀ ਸੂਰਤ ਮੱਲੀ ਸ਼ਾਮਲ ਹਨ।

ਇਸ ਤੋਂ ਇਲਾਵਾ ਐੱਸ.ਪੀ. ਹੈੱਡਕੁਆਟਰ ਵੀ ਇਸ ਜਾਂਚ ਟੀਮ ਦੇ ਕੰਮ ਦੀ ਨਿਗਰਾਨੀ ਕਰਨਗੇ। ਐੱਸ.ਐੱਸ.ਪੀ. ਬਟਾਲਾ ਨੇ ਦੱਸਿਆ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਹ ਜਾਂਚ ਟੀਮ ਇਸ ਕਤਲ ਕੇਸ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਕਤਲ ਦੇ ਅਸਲ ਕਾਰਨਾਂ ਅਤੇ ਦੋਸ਼ੀਆਂ ਦਾ ਪਤਾ ਲਗਾਵੇਗੀ।

ਉਨ੍ਹਾਂ ਦੱਸਿਆ ਕਿ ਐੱਸ.ਆਈ.ਟੀ. ਵੱਲੋਂ ਇਸ ਸਬੰਧੀ ਅੱਜ ਤੋਂ ਹੀ ਕਾਰਵਾਈ ਆਰੰਭ ਦਿੱਤੀ ਗਈ ਹੈ ਅਤੇ ਬਹੁਤ ਜਲਦੀ ਇਸ ਕੇਸ ਨਾਲ ਸਬੰਧਤ ਸਾਰੇ ਤੱਥ ਸਾਹਮਣੇ ਆ ਜਾਣਗੇ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਹੀ ਮਾਮਲੇ ‘ਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸਣਯੋਗ ਹੈ ਕਿ 18 ਨਵੰਬਰ ਦੀ ਰਾਤ ਨੂੰ ਪਿੰਡ ਢਿੱਲਵਾਂ ਵਿਖੇ ਦਲਬੀਰ ਸਿੰਘ ਸਾਬਕਾ ਸਰਪੰਚ ਪੁੱਤਰ ਸੰਤਾ ਸਿੰਘ ਨੂੰ ਪਿੰਡ ਦੇ ਵਿਅਕਤੀਆਂ ਵੱਲੋਂ ਪੁਰਾਣੀ ਰੰਜਿਸ਼ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਅਤੇ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ। ਫਿਲਹਾਲ ਇਸ ਮਾਮਲੇ ਵਿਚ ਸੱਤ ਦਿਨ ਬੀਤ ਜਾਣ ਦੇ ਬਾਵਜੂਦ ਵੀ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।