government | ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਨੂੰ ਰਿਹਾ ਕਰਨ ਲਈ ਲਾਇਆ ਧਰਨਾ
ਭਵਾਨੀਗੜ੍ਹ। ਸੀ.ਪੀ.ਆਈ.ਐਮ. ਵਲੋਂ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਨੂੰ ਗ੍ਰਿਫ਼ਤਾਰ ਕਰਨ ਦੇ ਰੋਸ ਵੱਜੋਂ ਅੱਜ ਸਥਾਨਕ ਸ਼ਹਿਰ ਵਿਖੇ ਭੂਪ ਚੰਦ ਚੰਨੋਂ ਦੀ ਅਗਵਾਈ ਹੇਠ ਕਾਮਰੇਡਾਂ ਨੇ ਨੈਸ਼ਨਲ ਹਾਈਵੇ ‘ਤੇ ਜਾਮ ਲਗਾ ਕੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁੱਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿਚ ਸੀਟੂ ਦੇ ਕੇਂਦਰੀ ਮੈਂਬਰ ਕਾਮਰੇਡ ਭੂਪ ਚੰਦ ਚੰਨੋਂ ਨੇ ਕਿਹਾ ਕਾਮਰੇਡ ਰੋੜੀ ਖਨਨ ਮਾਫ਼ੀਆ ਖਿਲਾਫ਼ ਲੰਮੇਂ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਇਸ ਲਈ ਖਨਨ ਮਾਫ਼ੀਆ ਖਿਲਾਫ ਉਠਣ ਵਾਲੀ ਅਵਾਜ ਨੂੰ ਦਬਾਉਣ ਲਈ ਹੀ ਰੋੜੀ ਨੂੰ ਬਿਨਾਂ ਵਜ੍ਹਾ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਨਾਲ ਮਿਲ ਕੇ ਮਜਦੂਰਾਂ ਦੇ ਸੰਘਰਸ਼ਾਂ ਨੂੰ ਖਤਮ ਕਰਨਾ ਚਾਹੁੰਦੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖਨਨ ਮਾਫੀਆ ਵਿਰੁੱਧ ਸੰਘਰਸ਼ ਕਰ ਰਹੇ ਕਾਮਰੇਡ ਮਹਾਂ ਸਿੰਘ ਰੋੜੀ ਨੂੰ ਗ੍ਰਿਫ਼ਤਾਰ ਕਰਨ ਨਾਲ ਪੰਜਾਬ ਸਰਕਾਰ ਦਾ ਖਨਨ ਮਾਫੀਏ ਨਾਲ ਮਿਲੀ ਭੁਗਤ ਹੋਣ ਦਾ ਚਿਹਰਾ ਬੇਨਕਾਬ ਹੋਇਆ ਹੈ।
ਉਨ੍ਹਾਂ ਮੰਗ ਕੀਤੀ ਕਿ ਕਾਮਰੇਡ ਰੋੜੀ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਆਪਣੇ ਸੰਬੋਧਨ ਵਿਚ ਕਾਮਰੇਡ ਚਮਕੌਰ ਸਿੰਘ ਖੇੜੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਅਤੇ ਮਜਦੂਰ ਮਾਰੂ ਨੀਤੀਆਂ ਦੇ ਖਿਲਾਫ਼ 8 ਜਨਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਸਮੂਹ ਜਥੇਬੰਦੀਆਂ ਅਤੇ ਵਾਪਰੀਆਂ ਨੂੰ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਹਰ ਵਰਗ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਖਤਮ ਕਰਨ ਲਈ ਇਸ ਬੰਦ ਨੂੰ ਕਾਮਯਾਬ ਕਰਨ ਲਈ ਉਹ ਸਹਿਯੋਗ ਕਰਨ। ਇਸ ਮੌਕੇ ਇਸ ਰੋਸ ਧਰਨੇ ਨੂੰ ਕਾਮਰੇਡ ਜੋਗਿੰਦਰ ਸਿੰਘ ਭਵਾਨੀਗੜ੍ਹ, ਦਵਿੰਦਰ ਸਿੰਘ ਨੂਰਪੁਰਾ, ਕਾਮਰੇਡ ਜਗਰੂਪ ਸਿੰਘ ਰਾਏ ਸਿੰਘ ਵਾਲਾ ਆਦਿ ਨੇ ਸੰਬੋਧਨ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।