ਮੁੱਖ ਮੰਤਰੀ ਤੇ ਪਰਨੀਤ ਕੌਰ ਦੀ ਤਰਫ਼ੋਂ ਸ਼ਰਧਾਂਜਲੀ ਭੇਂਟ
ਵੱਡੀ ਗਿਣਤੀ ਲੋਕ ਸਵ. ਡਾ. ਦਲੀਪ ਕੌਰ ਟਿਵਾਣਾ ਦੀ ਅੰਤਿਮ ਯਾਤਰਾ ‘ਚ ਹੋਏ ਸ਼ਾਮਲ
ਪਟਿਆਲਾ,(ਸੱਚ ਕਹੂੰ ਨਿਊਜ)। ਸ਼੍ਰੋਮਣੀ ਸਾਹਿਤਕਾਰ ਤੇ ਪੰਜਾਬ ਮਾਂ ਬੋਲੀ ਦੀ ਲੰਮਾ ਸਮਾਂ ਸੇਵਾ ਕਰਨ ਵਾਲੇ ਡਾ. ਦਲੀਪ ਕੌਰ ਟਿਵਾਣਾ (Dr. Dilip Kaur Tiwana) (85 ਸਾਲ), ਜਿਨ੍ਹਾਂ ਦਾ ਬੀਤੇ ਦਿਨ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੁੱਝ ਦਿਨ ਬਿਮਾਰ ਰਹਿਣ ਉਪਰੰਤ ਦਿਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪਟਿਆਲਾ ਦੇ ਰਾਜਪੁਰਾ ਰੋਡ ਵਿਖੇ ਸਥਿਤ ਬੀਰ ਜੀ ਸ਼ਮਸ਼ਾਨਘਾਟ ਵਿਖੇ ਅੱਜ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਕਰ ਦਿੱਤਾ ਗਿਆ।
ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਤਰਫ਼ੋ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜੇਸ਼ ਕੁਮਾਰ ਸ਼ਰਮਾ,ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਜ਼ਿਲ੍ਹਾ ਪ੍ਰਸਾਸ਼ਨ ਦੀ ਤਰਫ਼ੋਂ ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਨੇ ਰੀਥ ਰੱਖਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਇਲਾਵਾ ਸ੍ਰੀਮਤੀ ਸੰਗੀਤਾ ਸ਼ਰਮਾ, ਪ੍ਰਧਾਨ ਕੇ.ਕੇ. ਮਲਹੋਤਰਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਡਾ. ਬੀ.ਐਸ. ਘੁੰਮਣ ਨੇ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਸਮੂਹ ਲੇਖਕਾਂ ਤੇ ਸਾਹਿਤਕਾਰਾਂ ਦੀ ਤਰਫ਼ੋ ਡਾ. ਰਤਨ ਸਿੰਘ ਜੱਗੀ, ਸੁਰਜੀਤ ਪਾਤਰ ਨੇ ਰੀਥ ਰੱਖਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਅੰਤਿਮ ਸੰਸਕਾਰ ਮੌਕੇ ਸਾਬਕਾ ਮੰਤਰੀ ਡਾ. ਉਪਿੰਦਰਜੀਤ ਕੌਰ, ਪ੍ਰੋ. ਸੁਰਜੀਤ ਸਿੰਘ ਭੱਟੀ, ਡਾ. ਹਰਜਿੰਦਰ ਸਿੰਘ ਵਾਲੀਆ, ਡਾ. ਤਰਲੋਕ ਸਿੰਘ ਅਨੰਦ, ਡਾ. ਗੁਰਸ਼ਰਨ ਕੌਰ ਜੱਗੀ, ਡਾ. ਜਸਵਿੰਦਰ ਸਿੰਘ, ਡਾ. ਦਰਸ਼ਨ ਸਿੰਘ ਆਸ਼ਟ, ਡਾ. ਰਾਜਵੰਤ ਕੌਰ ਪੰਜਾਬੀ, ਪ੍ਰੋ. ਅਨੂਪ ਸਿੰਘ ਵਿਰਕ, ਡਾ. ਦਰਸ਼ਨ ਸਿੰਘ ਬੁੱਟਰ, ਡਾ. ਜੈਨਇੰਦਰ ਸਿੰਘ ਚੌਹਾਨ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇਸ਼ਵਿੰਦਰ ਸਿੰਘ ਗਰੇਵਾਲ, ਸਾਬਕਾ ਡੀ.ਪੀ.ਆਰ.ਓ. ਕੁਲਜੀਤ ਸਿੰਘ ਸਮੇਤ ਪੰਜਾਬ ਤੇ ਦੇਸ਼ ਭਰ ਵਿਚੋਂ ਸਾਹਿਤਕਾਰ ਤੇ ਲੇਖਕ, ਪੰਜਾਬੀ ਯੂਨੀਵਰਸਿਟੀ ਦਾ ਸਟਾਫ, ਵਿਦਿਆਰਥੀ ਸਮੇਤ ਸਵਰਗੀ ਡਾ. ਦਲੀਪ ਕੌਰ ਟਿਵਾਣਾ ਦੇ ਜੱਦੀ ਪਿੰਡ ਉੱਚੀ ਰੱਬੋਂ ਤੋਂ ਵੱਡੀ ਗਿਣਤੀ ਪਿੰਡ ਰਿਸ਼ਤੇਦਾਰ, ਦੋਸਤ ਮਿੱਤਰ ਤੇ ਹੋਰ ਪਤਵੰਤੇ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।