ਲੌਂਗੋਵਾਲ ਵੈਨ ਹਾਦਸੇ ਦੇ 4 ਮ੍ਰਿਤਕ ਬੱਚਿਆਂ ਦੇ ਵਾਰਸਾਂ ਨੂੰ ਦਿੱਤੇ ਸਹਾਇਤਾ ਚੈੱਕ

ਹਰੇਕ ਪੀੜਤ ਪਰਿਵਾਰ ਨੂੰ 7.25 ਲੱਖ ਦੇਣ ਦਾ ਕੀਤਾ ਸੀ ਐਲਾਨ

ਚਾਰ ਬੱਚਿਆਂ ਨੂੰ ਬਚਾਉਣ ਵਾਲੀ ਵਿਦਿਆਰਥਣ ਅਮਨਦੀਪ ਕੌਰ ਦੀ ਸਰਕਾਰ ਵੱਲੋਂ ਮੁਫ਼ਤ ਪੜ੍ਹਾਈ ਦਾ ਵੀ ਐਲਾਨ

ਲੌਂਗੋਵਾਲ, (ਗੁਰਪ੍ਰੀਤ ਸਿੰਘ) ਲੌਂਗੋਵਾਲ ਵਿਖੇ ਵੈਨ ਹਾਦਸੇ ਵਿੱਚ ਮਾਰੇ ਗਏ 4 ਬੱਚਿਆਂ ਦੇ ਮਾਪਿਆਂ ਨੂੰ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਜਾਬ ਸਰਕਾਰ ਦੀ ਤਰਫੋਂ ਮੁਆਵਜ਼ਾ ਰਾਸ਼ੀ ਦੇ ਚੈਕ ਪ੍ਰਦਾਨ ਕੀਤੇ ਗਏ। ਅੱਜ ਪੀੜਤ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਸਿੰਗਲਾ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਦੁਖਾਂਤਕ ਘਟਨਾਵਾਂ ਨੂੰ ਵਾਪਰਨ ਤੋਂ ਰੋਕਣ ਲਈ ਠੋਸ ਕਦਮ ਪੁੱਟੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਗ ਲੱਗਣ ਦੀ ਇਸ ਦੁਖਾਂਤਕ ਘਟਨਾ ਵਿੱਚ ਚਾਰ ਬੱਚਿਆਂ ਦੀ ਦਰਦਨਾਕ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਰੇਕ ਪੀੜਤ ਪਰਿਵਾਰ ਨੂੰ 7.25 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਸੀ

ਜਿਸ ਤਹਿਤ ਕੈਬਨਿਟ ਮੰਤਰੀ ਵੱਲੋਂ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਰਜਿੰਦਰ ਸਿੰਘ ਰਾਜਾ, ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਦਾਮਨ ਥਿੰਦ ਬਾਜਵਾ ਅਤੇ ਸ਼੍ਰੀ ਹਰਮਨਦੇਵ ਬਾਜਵਾ ਦੀ ਮੌਜੂਦਗੀ ਵਿੱਚ 4 ਮ੍ਰਿਤਕ ਬੱਚਿਆਂ ਦੇ ਪੀੜਤ ਪਰਿਵਾਰਾਂ, ਜਿਨ੍ਹਾਂ ਵਿੱਚ ਮ੍ਰਿਤਕ ਬੱਚੇ ਸਿਮਰਨਜੀਤ ਸਿੰਘ ਦੇ ਪਿਤਾ ਕੁਲਵੰਤ ਸਿੰਘ, ਅਰੁਧਿਆ ਕੁਮਾਰੀ ਦੇ ਪਿਤਾ ਸਤਪਾਲ ਕੁਮਾਰ, ਸੁਖਜੀਤ ਕੌਰ ਦੇ ਪਿਤਾ ਜਗਸੀਰ ਸਿੰਘ ਅਤੇ ਨਵਜੋਤ ਕੌਰ ਦੇ ਪਿਤਾ ਜਸਵੀਰ ਸਿੰਘ ਸ਼ਾਮਲ ਹਨ, ਨੂੰ ਇਹ ਚੈਕ ਸੌਂਪੇ ਗਏ।

ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਥੋਰੀ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਦੌਰਾਨ ਆਪਣੀ ਹਿੰਮਤ ਸਦਕਾ 4 ਹੋਰ ਸਕੂਲੀ ਬੱਚਿਆਂ ਨੂੰ ਬਚਾਉਣ ਵਾਲੀ ਵਿਦਿਆਰਥਣ ਅਮਨਦੀਪ ਕੌਰ ਨੂੰ ਪੜ੍ਹਾਈ ਲਈ ਆਪਣੇ ਪਸੰਦੀਦਾ ਅਦਾਰੇ ਦੀ ਚੋਣ ਕਰਨ ਲਈ ਕਿਹਾ ਗਿਆ ਹੈ ਅਤੇ ਉਸ ਦੀ ਚੋਣ ਦੇ ਆਧਾਰ ‘ਤੇ ਪੰਜਾਬ ਸਰਕਾਰ ਵੱਲੋਂ ਜਿਥੇ ਬੱਚੀ ਦਾ ਚੁਣੇ ਜਾਣ ਵਾਲੇ ਸਕੂਲ ਵਿੱਚ ਮੁਫ਼ਤ ਦਾਖਲਾ ਕਰਵਾਇਆ ਜਾਵੇਗਾ ਉਥੇ ਹੀ ਪੜ੍ਹਾਈ ਦਾ ਸਾਰਾ ਖਰਚਾ ਵੀ ਸਰਕਾਰ ਵੱਲੋਂ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।