31 ਮਾਰਚ ਤੱਕ ਸਕੂਲਾਂ ‘ਚ ਪੇਪਰ ਦੇਣ ਵਾਲਿਆਂ ਤੋਂ ਇਲਾਵਾ ਕਿਸੇ ਵਿਦਿਆਰਥੀ ਨੂੰ ਨਾ ਸੱਦਣ ਦੀ ਸਖ਼ਤ ਹਦਾਇਤ
ਸੰਗਰੂਰ,(ਗੁਰਪ੍ਰੀਤ ਸਿੰਘ) ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਮੂਹ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ 31 ਮਾਰਚ 2020 ਤੱਕ ਸਕੂਲਾਂ ਵਿੱਚ ਪੇਪਰਾਂ ਤੋਂ ਬਿਨਾਂ ਕਿਸੇ ਵੀ ਵਿਦਿਆਰਥੀ ਨੂੰ ਨਾ ਸੱਦਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਕੂਲ ਵੱਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ ਸਬੰਧਤ ਮੈਨੇਜਮੈਂਟ ਖਿਲਾਫ਼ ਸਖ਼ਤ ਅਨੁਸਾਸ਼ਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਮੂਹ ਸਕੂਲ ਸਿੱਖਿਆ ਅਦਾਰੇ ਪੇਪਰਾਂ ਮੌਕੇ ਵੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੁਖ਼ਤਾ ਪ੍ਰਬੰਧ ਕਰਨੇ ਯਕੀਨੀ ਬਣਾਉਣਗੇ ਜਿਨ੍ਹਾਂ ਵਿੱਚ ਪੇਪਰ ਦੇਣ ਲਈ ਆਉਣ ਵਾਲੇ ਵਿਦਿਆਰਥੀਆਂ ਲਈ ਸਾਬਣ ਜਾਂ ਹੈਂਡਵਾਸ਼ ਨਾਲ ਹੱਥ ਧੋਣ ਦਾ ਪ੍ਰਬੰਧ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਅਦਾਰੇ ਸਕੂਲ ਦੀ ਸੁਚੱਜੀ ਸਫ਼ਾਈ ਕਰਵਾਉਣ ਲਈ ਵੀ ਪਾਬੰਦ ਹੋਣਗੇ ਅਤੇ ਵਿਸ਼ੇਸ਼ ਤੌਰ ‘ਤੇ ਬਾਥਰੂਮ ਅਤੇ ਪਖ਼ਾਨਿਆਂ ਦੀ ਸਫ਼ਾਈ ਕੀਤੀ ਜਾਣੀ ਸਕੂਲਾਂ ਦੀ ਮੌਲਿਕ ਜ਼ਿੰਮੇਵਾਰੀ ਬਣਦੀ ਹੈ।
ਸ੍ਰੀ ਸਿੰਗਲਾ ਨੇ ਸਕੂਲੀ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਨਾਲ ਹੱਥ ਮਿਲਾਉਣ ਤੋਂ ਪ੍ਰਹੇਜ਼ ਕਰਨ ਅਤੇ ਮੋਬਾਇਲ, ਕੰਪਿਊਟਰ ਜਾਂ ਅਜਿਹੇ ਹੋਰ ਉਪਕਰਨ ਵਰਤਣ ਤੋਂ ਬਾਅਦ ਹੱਥ ਚੰਗੀ ਤਰ੍ਹਾਂ ਧੋਣ ਤਾਂ ਜੋ ਇਸ ਵਾਇਰਸ ਦੇ ਸੰਪਰਕ ਵਿੱਚ ਆਉਣ ਤੋਂ ਬਚਿਆ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਅਤੇ ਇਸਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੇ ਅਗਾਊਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ ਹਰ ਲੋੜੀਂਦੀ ਸਾਵਧਾਨੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋੜੀਂਦੇ ਪ੍ਰਬੰਧਾਂ ਦੀ ਜਾਂਚ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਯਮਤ ਤੌਰ ‘ਤੇ ਸਕੂਲਾਂ ਦੀ ਜਾਂਚ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।