ਸਾਡੇ ਨਾਲ ਸ਼ਾਮਲ

Follow us

11.8 C
Chandigarh
Monday, February 2, 2026
More
    Home ਸੂਬੇ ਪੰਜਾਬ 15 ਮਈ ਤੱਕ ਰੋਜ਼...

    15 ਮਈ ਤੱਕ ਰੋਜ਼ਾਨਾ 6 ਹਜ਼ਾਰ ਕੋਵਿਡ ਟੈਸਟ ਕਰੇਗਾ ਸਿਹਤ ਵਿਭਾਗ

    ਘਰ ਵਾਪਸੀ ਕਰਨ ਵਾਲੇ ਹਰ ਪੰਜਾਬੀ ਦਾ ਹੋਵੇਗਾ ਟੈਸਟ, ਭਾਵੇਂ ਬਾਹਰਲੇ ਸੂਬੇ ਤੋਂ ਮਿਲਿਆ ਹੋਏ ਸਰਟੀਫਿਕੇਟ

    ਚੰਡੀਗੜ੍ਹ, (ਅਸ਼ਵਨੀ ਚਾਵਲਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਸੂਬੇ ਵਿੱਚ 15 ਮਈ ਤੱਕ ਰੋਜ਼ਾਨਾ 6000 ਆਰ.ਟੀ.-ਪੀ.ਸੀ.ਆਰ ਕੋਵਿਡ ਟੈਸਟਿੰਗ ਕਰਨ ਲਈ ਆਖਿਆ ਹੈ, ਜਦੋਂਕਿ ਵਿਭਾਗ ਨੇ ਮਈ ਦੇ ਅਖੀਰ ਤੱਕ ਰੋਜ਼ਾਨਾ 5800 ਟੈਸਟਾਂ ਦਾ ਟੀਚਾ ਮਿੱਥਿਆ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਵਿੱਚ ਘਰ ਵਾਪਸੀ ਕਰਨ ਵਾਲੇ ਪੰਜਾਬੀਆਂ ਦੇ ਬਾਹਰਲੇ ਸੂਬਿਆਂ ਵਿੱਚ ਹੋਏ ਟੈਸਟਾਂ ਨੂੰ ਹੀ ਅਧਾਰ ਮੰਨ ਲੈਣ ਦੀ ਬਜਾਏ ਆਪਣੇ ਪੱਧਰ ‘ਤੇ ਟੈਸਟ ਕਰਨ ਦੀ ਹਦਾਇਤ ਕੀਤੀ।

    ਪੰਜਾਬ ਵਾਪਸ ਪਰਤਣ ਵਾਲਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕਾਂ ਦਾ ਟੈਸਟ ਪਾਜ਼ਿਟਿਵ ਆਉਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਬਾਹਰਲੇ ਸੂਬਿਆਂ ਵਿੱਚ ਫਸੇ ਹੋਏ ਜਿਹੜੇ ਪੰਜਾਬੀਆਂ ਦੇ ਟੈਸਟ ਸਬੰਧਤ ਸੂਬਿਆਂ ਵਿੱਚ ਹੋਏ ਹਨ, ਪੰਜਾਬ ਉਨ੍ਹਾਂ ਟੈਸਟਾਂ ‘ਤੇ ਭਰੋਸਾ ਨਹੀਂ ਕਰ ਸਕਦਾ।

    ਗੁਰਦੁਆਰਾ ਨਾਂਦੇੜ ਸਾਹਿਬ ਵਿਖੇ ਵੀ ਕੁਝ ਸੇਵਾਦਾਰਾਂ ਦੇ ਟੈਸਟ ਪਾਜ਼ਿਟਿਵ ਆਉਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦਾ ਦਾਅਵਾ ਕਿ ਨਾਂਦੇੜ ਵਿੱਚ ਕੋਈ ਵੀ ਕੇਸ ਪਾਜ਼ਿਟਿਵ ਨਹੀਂ ਸੀ ਅਤੇ ਸ਼ਰਧਾਲੂ ਵਾਪਸੀ ਵੇਲੇ ਜਾਂ ਪੰਜਾਬ ਪਹੁੰਚਣ ‘ਤੇ ਇਸ ਰੋਗ ਦੇ ਸ਼ਿਕਾਰ ਹੋ ਗਏ, ਨਿਰਮੂਲ ਸਾਬਤ ਹੋਇਆ ਹੈ। ਉਨ੍ਹਾਂ ਇੱਕ ਵਾਰ ਫਿਰ ਵਿਰੋਧੀ ਧਿਰਾਂ ਨੂੰ ਅਜਿਹੇ ਗੰਭੀਰ ਮਸਲੇ ‘ਤੇ ਘਟੀਆ ਸਿਆਸਤ ਬੰਦ ਕਰਨ ਲਈ ਆਖਿਆ।

    ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸ ਜ਼ਰੀਏ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਵਿਰੁੱਧ ਸੂਬੇ ਦੀ ਲੜਾਈ ਦਾ ਇਹ ਮਹੱਤਵਪੂਰਨ ਸਮਾਂ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸੂਬਾ ਸਰਕਾਰ ਦੀ ਕੋਰੋਨਾ ਵਿਰੁੱਧ ਜੰਗ ਹੋਰ ਤੇਜ਼ ਕਰਨ ਲਈ ਕਈ ਲੜੀਵਾਰ ਫੈਸਲੇ ਲਏ ਗਏ। ਸਿਹਤ ਵਿਭਾਗ ਨੂੰ ਟੈਸਟਿੰਗ ਦੀ ਸਮਰੱਥਾ ਵਧਾਉਣ ਲਈ ਅਗਾਊਂ ਯੋਜਨਾ ਤਿਆਰ ਕਰਨ ਦੇ ਹੁਕਮ ਦਿੰਦਿਆਂ ਮੁੱਖ ਮੰਤਰੀ ਨੇ ਭਿਆਨਕ ਸਥਿਤੀ ਲਈ ਤਿਆਰ ਰਹਿਣ ਦੀ ਲੋੜ ‘ਤੇ ਜ਼ੋਰ ਦਿੱਤਾ।

    ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਮੁੱਖ ਸਕੱਤਰ ਨੂੰ ਕਹਿ ਦਿੱਤਾ ਸੀ ਕਿ ਉਹ ਟੈਸਟਾਂ ਦੀ ਸਮਰੱਥਾ 20000 ਪ੍ਰਤੀ ਦਿਨ ਤੱਕ ਵਧਾਉਣ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਕਰਨ ਤਾਂ ਜੋ ਪਰਵਾਸੀਆਂ ਦੀ ਆਮਦ ਵਾਲੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਭਾਰਤ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਦੇਖਦਿਆਂ ਵੀ ਆਉਣ ਵਾਲੇ ਕੁਝ ਹਫਤਿਆਂ ਵਿੱਚ ਦੂਜੇ ਸੂਬਿਆਂ ਤੋਂ ਕਈਆਂ ਦੇ ਸੂਬੇ ਵਿੱਚ ਪਰਤਣ ਦੀ ਉਮੀਦ ਹੈ। ਮੁੱਖ ਸਕੱਤਰ ਨੇ ਕਿਹਾ ਕਿ ਰੈਪਿਡ ਟੈਸਟਿੰਗ ਜਦੋਂ ਸ਼ੁਰੂ ਹੋ ਗਈ ਤਾਂ ਇਹ ਵੀ ਘੱਟੋ-ਘੱਟ 2 ਲੱਖ ਤੱਕ ਕਰਨ ਦੀ ਲੋੜ ਹੋਵੇਗੀ।

    ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਉਪ ਕੁਲਪਤੀ ਨੂੰ ਵੀ ਕਿਹਾ ਕਿ ਉਹ ਜਲੰਧਰ ਵਿੱਚ ਵੀ ਟੈਸਟ ਕਰਨ ਦੀ ਵਿਵਸਥਾ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ, ਜਿਸ ਲਈ ਸਰਕਾਰ ਤੁਰੰਤ 1 ਕਰੋੜ ਰੁਪਏ ਦੀ ਗਰਾਂਟ ਮਨਜ਼ੂਰ ਕਰਨ ਨੂੰ ਤਿਆਰ ਹੈ।

    ਟੈਸਟ ਸਹੂਲਤਾਂ ਵਧਾਉਣ ਬਾਰੇ ਮੁੱਖ ਮੰਤਰੀ ਦੇ ਨਿਰਦੇਸ਼ ਦੋ ਦਿਨਾਂ ਬਾਅਦ ਆਏ ਜਦੋਂ ਉਨ੍ਹਾਂ ਦੂਜੇ ਸੂਬਿਆਂ ਤੋਂ ਪੰਜਾਬ ਪਰਤਣ ਵਾਲਿਆਂ ਨੂੰ ਸਖਤੀ ਨਾਲ ਏਕਾਂਤਵਾਸ ਉਤੇ ਭੇਜਣ ਦੇ ਆਦੇਸ਼ ਕੀਤੇ ਅਤੇ ਮਹਾਂਰਾਸ਼ਟਰ ਤੋਂ ਪਰਤਣ ਵਾਲਿਆਂ ਵਿੱਚੋਂ 292 ਦੀ ਰਿਪੋਰਟ ਪਾਜ਼ਿਟਿਵ ਆਈ।
    ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਸਾਰੀਆਂ ਪੈਂਡਿੰਗ ਪਈਆਂ ਟੈਸਟ ਰਿਪੋਰਟਾਂ ਆਉਣ ਵਾਲੇ ਇੱਕ ਜਾਂ ਦੋ ਦਿਨਾਂ ਵਿੱਚ ਆ ਜਾਣਗੀਆਂ ਤਾਂ ਜੋ ਸੰਭਾਵਿਤ ਪਾਜ਼ਿਟਿਵ ਕੇਸਾਂ ਦੀ ਸ਼ਨਾਖਤ ਅਤੇ ਉਨ੍ਹਾਂ ਦੇ ਇਲਾਜ ਵਿੱਚ ਦੇਰੀ ਤੋਂ ਬਚਿਆ ਜਾ ਸਕੇ।

    ਉਨ੍ਹਾਂ ਕਿਹਾ ਕਿ ਨਿੱਜੀ ਲੈਬਾਂ ਨਾਲ ਵੀ ਤਾਲਮੇਲ ਵਧਾ ਕੇ ਟੈਸਟਾਂ ਦੀ ਗਿਣਤੀ ਵਧਾਉਣ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਸੂਬੇ ਭਰ ਵਿੱਚੋਂ 2000 ਸੈਂਪਲ ਲੈ ਕੇ ਉਨ੍ਹਾਂ ਨੂੰ ਅੱਜ ਭੇਜੇ ਗਏ।

    ਐਨ.ਓ.ਜੀ. ਨੂੰ ਮਿਲੀ ਮਨਜ਼ੂਰੀ

    ਇੱਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ 4300 ਗਾਰਡੀਅਨ ਆਫ਼ ਗਵਰਨੈਂਸ (ਜੀ.ਓ.ਜੀਜ਼) ਦੀ ਨਿਯੁਕਤੀ ਨੂੰ ਕਾਰਜ ਬਾਅਦ ਮਨਜ਼ੂਰੀ ਦਿੱਤੀ। ਸਾਬਕਾ ਫੌਜੀਆਂ ਨੂੰ ਲਾਭਕਾਰੀ ਢੰਗ ਨਾਲ ਸੇਵਾਵਾਂ ਲਾਉਣ ਲਈ ਮੁੱਖ ਮੰਤਰੀ ਦੀ ਪ੍ਰਮੁੱਖ ਸਕੀਮ ਦਾ ਹਿੱਸਾ ਜੀ.ਓ.ਜੀਜ਼ ਕੋਵਿਡ ਵਿਰੁੱਧ ਲੜਾਈ ਵਿੱਚ ਸੂਬਾ ਸਰਕਾਰ ਲਈ ਇੱਕ ਸ਼ਕਤੀਸ਼ਾਲੀ ਸਾਧਨ ਦੇ ਰੂਪ ਵਿਚ ਸਾਹਮਣੇ ਆਏ ਹਨ।

    ਸਰਹੱਦੀ ਇਲਾਕਿਆਂ ਤੋਂ ਹੋ ਸਕਣਗੇ ਅਧਿਆਪਕਾਂ ਦੇ ਤਬਾਦਲੇ

    ਮੰਤਰੀ ਮੰਡਲ ਨੇ ਸਕੂਲ ਸਿੱਖਿਆ ਵਿਭਾਗ ਦੀ ਬਦਲੀ ਨੀਤੀ ਵਿਚ ਸੋਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ ਤਾਂ ਜੋ ਸਰਹੱਦੀ ਇਲਾਕਿਆਂ ਵਿਚ ਤਾਇਨਾਤੀ ਦੇ 18 ਮਹੀਨਿਆਂ ਬਾਅਦ ਤਬਾਦਲੇ ਦੀ ਮੰਗ ਕਰਨ ਵਾਲੇ ਅਧਿਆਪਕਾਂ ਨੂੰ ਇੱਕ ਵਾਰ ਨਵੀਂ ਭਰਤੀ ਮੁਕੰਮਲ ਹੋਣ ‘ਤੇ ਤਬਾਦਲੇ ਦੀ ਮਨਜ਼ੂਰੀ ਦਿੱਤੀ ਜਾਵੇ, ਜੋ ਕਿ ਪਹਿਲਾਂ 3 ਸਾਲਾ ਸੀ। ਮੰਤਰੀ ਮੰਡਲ ਨੇ ਪ੍ਰਿੰਸੀਪਲ ਅਤੇ ਹੈਡਮਾਸਟਰਾਂ ਨੂੰ ਤਬਾਦਲੇ ਦੀ ਨੀਤੀ ਤੋਂ ਬਾਹਰ ਕੱਢਣ ਦੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।

    ਕੈਬਨਿਟ ਵੱਲੋਂ ਪੈਰੋਲ ਵਿੱਚ ਵਾਧੇ ਨੂੰ ਪ੍ਰਵਾਨਗੀ

    ਸੂਬੇ ਵਿੱਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕੈਬਨਿਟ ਵੱਲੋਂ ਉਨ੍ਹਾਂ ਕੈਦੀਆਂ, ਜਿਨ੍ਹਾਂ ਨੂੰ 7 ਸਾਲ ਜਾਂ ਇਸ ਤੋਂ ਘੱਟ ਸਜ਼ਾ ਸੁਣਾਈ ਗਈ ਹੈ, ਲਈ ਮਹਾਂਮਾਰੀ ਅਤੇ ਆਫ਼ਤਾਂ ਦੌਰਾਨ ਪੈਰੋਲ ਦੀ ਮਿਆਦ 16 ਹਫ਼ਤਿਆਂ ਤੋਂ ਵਧਾਉਣ ਦੀ ਮਨਜ਼ੂਰੀ ਦਿੱਤੀ ਗਈ ਮੰਤਰੀ ਮੰਡਲ ਵੱਲੋਂ ਮੌਜੂਦਾ ਸਖ਼ਤ ਹਾਲਤਾਂ ਵਿਚ ਸੁਪਰੀਮ ਕੋਰਟ ਦੇ ਲੰਬੇ ਸਮੇਂ ਤੱਕ ਪੈਰੋਲ ਸਬੰਧੀ ਦਿੱਤੇ ਸੁਝਾਅ ਅਨੁਸਾਰ ਪੰਜਾਬ ਗੁੱਡ ਕੰਡਕਟ ਪਰਿਜਨਰਜ਼ ਐਕਟ 1962  ਵਿਚ ਢੁੱਕਵੀਆਂ ਸੋਧਾਂ ਦੀ ਮਨਜ਼ੂਰੀ ਦਿੱਤੀ ਗਈ।

    ਸਰਕਾਰੀ ਮੈਡੀਕਲ ਕਾਲਜਾਂ ਲਈ ਆਊਟਸੋਰਸਿੰਗ ਅਧਾਰ ‘ਤੇ ਨਿਯੁਕਤੀਆਂ ਨੂੰ ਮਨਜ਼ੂਰੀ

    ਕੋਵਿਡ-19 ਵਿਰੁੱਧ ਜੰਗ ਵਿੱਚ ਸੂਬੇ ਦੀ ਟੈਸਟਿੰਗ ਸਹੂਲਤ ਅਤੇ ਮੈਡੀਕਲ ਤਿਆਰੀਆਂ ਨੂੰ ਅੱਗੇ ਹੋਰ ਬਲ ਦੇਣ ਲਈ ਮੰਤਰੀ ਮੰਡਲ ਵੱਲੋਂ ਆਊਟਸੋਰਸਿੰਗ ਦੇ ਅਧਾਰ ‘ਤੇ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਮਹੱਤਵਪੂਰਨ ਅਸਾਮੀਆਂ ਲਈ ਵੱਖ-ਵੱਖ ਨਿਯੁਕਤੀਆਂ ਨੂੰ ਮਨਜ਼ੂਰੀ ਦਿੱਤੀ ਗਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here