ਬਾਰਾਮੂਲਾ ‘ਚ ਮੁਕਾਬਲਾ, ਅੱਤਵਾਦੀ ਢੇਰ
ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਐਤਵਾਰ ਨੂੰ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੂਫ਼ੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਸ, ਕੇਂਦਰੀ ਰਿਜ਼ਰਵ ਪੁਲਿਸ ਬਲ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਨੇ ਅੱਜ ਤੜਕੇ ਬਾਰਾਮੂਲਾ ਦੇ ਸੋਪੋਰ ਸ਼ਹਿਰ ਤੋਂ ਦੋ ਕਿਲੋਮੀਟਰ ਦੂਰ ਰੇਬਨ ‘ਚ ਸਾਂਝੀ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ।
ਸੁਰੱਖਿਆ ਬਲਾਂ ਨੇ ਇਲਾਕੇ ‘ਚੋਂ ਬਾਹਰ ਨਿੱਕਲਣ ਦੇ ਸਾਰੇ ਰਸਤਿਆਂ ਨੂੰ ਸੀਲ ਕਰਨ ਤੋਂ ਬਾਅਦ ਟੀਚੇ ਵਾਲੇ ਇਲਾਕੇ ਵੱਲ ਵਧਣਾ ਸ਼ੁਰੂ ਕੀਤਾ, ਤਾਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਜਵਾਨਾਂ ‘ਤੇ ਆਟੋਮੈਟਿਕ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਆਂ ਵਰ੍ਹਾ ਦਿੱਤੀਆਂ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਖ਼ਬਰ ਲਿਖੇ ਜਾਣ ਤੱਕ ਅਭਿਆਨ ਜਾਰੀ ਸੀ।
ਇਸ ਦਰਮਿਆਨ ਘਟਨਾ ਸਥਾਨ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਆਸ-ਪਾਸ ਦੇ ਇਲਾਕਿਆਂ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਾਧੁ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਜ਼ਿਲ੍ਹੇ ‘ਚ ਸੁਰੱਖਿਆ ਕਾਰਨਾਂ ਕਰਕੇ ਮੋਬਾਇਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ