ਨਵੇਂ ਦਿਸ਼ਾ-ਮੁਤਾਬਕ ਕੰਮ ਵਾਲੀਆਂ ਥਾਵਾਂ, ਦਫ਼ਤਰਾਂ ਅਤੇ ਤੰਗ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਨੇ ਕੋਵਿਡ ਵਿਰੁੱਧ ਲੜਾਈ ਹੋਰ ਤੇਜ਼ ਕਰਦਿਆਂ ਸਾਰੇ ਜਨਤਕ ਇਕੱਠਾਂ ‘ਤੇ ਮੁਕੰਮਲ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਜਨਤਕ ਇਕੱਤਰਤਾ ਨੂੰ ਪੰਜ ਵਿਅਕਤੀਆਂ ਤੱਕ ਅਤੇ ਵਿਆਹ/ਹੋਰ ਸਮਾਜਿਕ ਸਮਾਗਮਾਂ ਵਿੱਚ 50 ਦੀ ਬਜਾਏ 30 ਵਿਅਕਤੀਆਂ ਦੀ ਇਕੱਤਰਤਾ ਤੱਕ ਸੀਮਿਤ ਕਰ ਦਿੱਤਾ ਹੈ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਤਵਾਰ ਨੂੰ ਕੀਤੇ ਐਲਾਨ ਮੁਤਾਬਕ ਜਾਰੀ ਕੀਤੇ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਦਾ ਹਿੱਸਾ ਹਨ।
ਜਨਤਕ ਇਕੱਠ ਕਰਨ ‘ਤੇ ਲਾਈਆਂ ਰੋਕਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਲਾਜ਼ਮੀ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਜਿਸ ਨੂੰ ਹੁਣ ਸਖਤੀ ਨਾਲ ਨਾ-ਮਨਜ਼ੂਰ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਵਿਸਥਾਰਤ ਨੋਟੀਫਿਕੇਸ਼ਨ ਮੁਤਾਬਕ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਸਮਾਜਿਕ ਇਕੱਤਰਤਾ (ਸਾਰੇ ਜ਼ਿਲਿਆਂ ਵਿੱਚ ਲਾਗੂ ਧਾਰਾ 144 ਅਧੀਨ ਪੰਜ ਤੱਕ ਸੀਮਿਤ) ਦੇ ਨਾਲ-ਨਾਲ ਵਿਆਹਾਂ ਅਤੇ ਸਮਾਜਿਕ ਸਮਾਗਮਾਂ ‘ਤੇ ਰੋਕਾਂ ਦੀ ਸਖਤੀ ਨਾਲ ਪਾਲਣਾ ਕਰਵਾਉਣਗੀਆਂ।
ਮੈਰਿਜ ਪੈਲੇਸਾਂ/ਹੋਟਲਾਂ ਦੇ ਪ੍ਰਬੰਧਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਨੇਮਾਂ ਦੀ ਉਲੰਘਣਾ ਹੋਣ ਦੀ ਸੂਰਤ ਵਿੱਚ ਲਾਇਸੰਸ ਦੀ ਮੁਅੱਤਲੀ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਅੱਗੇ ਮੈਰਿਜ ਪੈਲੇਸਾਂ/ਹੋਟਲਾਂ/ਹੋਰ ਵਪਾਰਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਇਹ ਪ੍ਰਮਾਣਿਤ ਕਰਨਾ ਹੋਵੇਗਾ ਕਿ ਅੰਦਰੂਨੀ ਥਾਵਾਂ ਤੋਂ ਹਵਾ ਦੀ ਨਿਕਾਸੀ ਲਈ ਢੁਕਵੇਂ ਬੰਦੋਬਸਤ ਕੀਤੇ ਗਏ ਹਨ। ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੰਮ ਵਾਲੀਆਂ ਥਾਵਾਂ/ਦਫਤਰਾਂ/ਤੰਗ ਥਾਵਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ