ਹੁਣ ਨਵੇਂ ਰੂਪ ਵਿੱਚ ਦਿਖਾਈ ਦੇਵੇਗੀ ਪੰਜਾਬ ਪੁਲਿਸ

Punjab Police

ਸਾਦੇ ਕੱਪੜਿਆ ਵਿੱਚ ਘੁੰਮਦੀ ਨਜਰ ਆਏਗੀ ਪੁਲਿਸ, ਵਖਰੇ ਰੈਂਕ ‘ਤੇ ਹੋਏਗੀ 4251 ਪੁਲਿਸ ਮੁਲਾਜ਼ਮਾ ਦੀ ਭਰਤੀ

ਚੰਡੀਗੜ, (ਅਸ਼ਵਨੀ ਚਾਵਲਾ)। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਪੰਜਾਬ ਪੁਲੀਸ ਦੇ ਉੱਚ ਤਕਨੀਕੀ ਜਾਂਚ ਪੜਤਾਲ ਦੇ ਕੰਮਾਂ ਲਈ ਸਿਵਲੀਅਨ ਕਾਰਜ-ਖੇਤਰ ਨਾਲ ਜੁੜੇ ਮਾਹਿਰਾਂ ਦੀਆਂ ਸੇਵਾਵਾਂ ਲੈਣ ਵਾਲੀ ਦੇਸ਼ ਦੀ ਪਹਿਲੀ ਪੁਲੀਸ ਹੋਣ ਦਾ ਰਾਹ ਪੱਧਰਾ ਕਰ ਦਿੱਤਾ ਹੈ। ਇਹ ਸਿਵਲੀਅਨ ਮਾਹਿਰ ਆਈ.ਟੀ./ਡਿਜੀਟਲ, ਕਾਨੂੰਨੀ, ਫੋਰੈਂਸਿਕ ਅਤੇ ਵਿੱਤੀ ਖੇਤਰਾਂ ਵਿੱਚ ਜਾਂਚ ਪੜਤਾਲ ਦੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਤੇਜ਼ੀ ਲਿਆਉਣ ‘ਚ ਸਹਾਈ ਹੋਣਗੇ।

ਪੰਜਾਬ ਇਨਵੈਸਟੀਗੇਸ਼ਨ ਬਿਊਰੋ ਲਈ ਸਾਦੇ ਕੱਪੜਿਆਂ ਵਾਲੇ ਸਿਵਲੀਅਨ ਸਹਾਇਕ ਸਟਾਫ ਵਜੋਂ 798 ਮਾਹਿਰਾਂ ਦੀ ਭਰਤੀ ਕੀਤੀ ਜਾਵੇਗੀ ਜੋ ਕਿ ਵੱਖੋ-ਵੱਖਰੇ ਰੈਂਕ ਵਿੱਚ ਕੀਤੀ ਜਾਣ ਵਾਲੀ ਕੁੱਲ 4251 ਮੁਲਾਜ਼ਮਾਂ ਦੀ ਭਰਤੀ ਦਾ ਹਿੱਸਾ ਹੋਵੇਗੀ ਜਿਸ ਨਾਲ ਜਾਂਚ ਪੜਤਾਲ ਦੇ ਕੰਮਾਂ ਦਾ ਅਹਿਮ ਤਕਨੀਕੀ ਪੱਖ ਮਜ਼ਬੂਤ ਹੋਵੇਗਾ। ਇਹ ਭਰਤੀ ਪੰਜਾਬ ਪੁਲੀਸ ਵਿਭਾਗ ਦੇ ਪੁਨਰ ਗਠਨ ਦਾ ਹਿੱਸਾ ਹੋਵੇਗੀ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪੁਨਰਗਠਨ ਨੂੰ ਮੁੱਖ ਮੰਤਰੀ ਦੀ ਅਗਵਾਈ ਵਿੱਚ ਕੈਬਨਿਟ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਹੈ। ਇਸ ਪੁਨਰਗਠਨ, ਜਿਸ ਵਿੱਚ ਬਿਊਰੋ ਵੱਲੋਂ ਸਬ-ਇੰਸਪੈਕਟਰਾਂ/ਹੈੱਡ ਕਾਂਸਟੇਬਲਾਂ ਅਤੇ ਕਾਂਸਟੇਬਲਾਂ ਦੇ ਰੈਂਕ ਵਿੱਚ ਸਿੱਧੀ ਭਰਤੀ ਕੀਤੀ ਜਾਵੇਗੀ, ਤਹਿਤ ਮੌਜੂਦਾ 4849 ਅਸਾਮੀਆਂ ਖ਼ਤਮ ਕੀਤੀਆਂ ਜਾਣਗੀਆਂ ਜਿਸ ਨਾਲ ਇਹ ਯਕੀਨੀ ਬਣੇਗਾ ਕਿ ਸੂਬੇ ਦੇ ਖਜ਼ਾਨੇ ‘ਤੇ ਕੋਈ ਵਾਧੂ ਵਿੱਤੀ ਬੋਝ ਨਾ ਪਵੇ।

ਆਰਜ਼ੀ ਯੋਜਨਾ ਵਜੋਂ 1481 ਪੁਲੀਸ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ ਜਿਸ ਵਿੱਚ 297 ਐਸ.ਆਈ., 811 ਹੈੱਡ ਕਾਂਸਟੇਬਲ ਅਤੇ 373 ਕਾਂਸਟੇਬਲ ਸ਼ਾਮਲ ਹਨ। ਇਸ ਨਾਲ ਵੱਖੋ-ਵੱਖ ਖੇਤਰਾਂ ਜਿਵੇਂ ਕਿ ਸਾਈਬਰ ਅਤੇ ਆਰਥਿਕ ਅਪਰਾਧਾਂ ਲਈ ਵਿੱਤੀ ਕਿਸਮ ਦੀ ਜਾਂਚ ਪੜਤਾਲ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਲੋੜੀਂਦੇ ਮਾਹਿਰਾਂ ਦੀ ਮਦਦ ਮਿਲੇਗੀ।        ਇਹ ਭਰਤੀ ਪ੍ਰਕਿਰਿਆ ਇਨਾਂ ਅਸਾਮੀਆਂ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਦੇ ਅਧਿਕਾਰ ਖੇਤਰ ਤੋਂ ਬਾਹਰ ਕਰਕੇ ਪੁਲੀਸ ਭਰਤੀ ਬੋਰਡ ਰਾਹੀਂ ਨੇਪਰੇ ਚੜਾਈ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ