ਮੁੱਖ ਸਕੱਤਰ ਵਿਨੀ ਮਹਾਜਨ ਨੂੰ ਕੋਵਿਡ ਮਰੀਜਾਂ ਦੀ ਸੰਭਾਲ ਦੇ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਜ਼ਿਲ੍ਹੇ ‘ਚ ਵੱਧ ਰਹੇ ਕੋਵਿਡ ਕੇਸਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਸਮੱਰਥਾ ਨਾਲ ਕੰਮ ਕਰ ਰਿਹਾ ਹੈ ਅਤੇ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਮਰੀਜ਼ਾਂ ਲਈ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ‘ਚ 3640 ਬਿਸਤਰਿਆਂ ਦੀ ਵਿਵਸਥਾ ਕੀਤੀ ਗਈ ਹੈ। ਪੰਜਾਬ ਭਰ ‘ਚ ਕੋਵਿਡ ਨਾਲ ਨਜਿੱਠਣ ਲਈ ਮੈਡੀਕਲ ਸਹੂਲਤਾਂ ਤੇ ਹਸਪਤਾਲਾਂ ‘ਚ ਪ੍ਰਬੰਧਾਂ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਕੀਤੀ ਗਈ ਵੀਡੀਓ ਕਾਨਫਰੰਸਿੰਗ ਦੌਰਾਨ, ਮੁੱਖ ਸਕੱਤਰ ਨੂੰ ਪਟਿਆਲਾ ਦੀ ਸਥਿਤੀ ਤੋਂ ਜਾਣੂ ਕਰਵਾਉਦਿਆਂ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਵੱਧਦੇ ਕੋਵਿਡ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਹਸਪਤਾਲਾਂ ‘ਚ ਮਰੀਜਾਂ ਲਈ ਬੈੱਡ ਤੇ ਲੋੜੀਂਦੇ ਵੈਂਟੀਲੇਟਰਾਂ ਸਮੇਤ ਪੀ.ਪੀ.ਈ. ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਅਤੇ ਹਰੇਕ ਜ਼ਰੂਰੀ ਸਾਮਾਨ ਉਪਲਬਧ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ 3640 ਬਿਸਤਰਿਆਂ ਨੂੰ ਵਿਸ਼ੇਸ਼ ਤੌਰ ‘ਤੇ ਕੋਵਿਡ ਦੇ ਮਰੀਜ਼ਾਂ ਲਈ ਰੱਖਿਆ ਗਿਆ ਹੈ, ਜਿਨ੍ਹਾਂ ‘ਚ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ 650, ਨਾਭਾ, ਰਾਜਪੁਰਾ ਅਤੇ ਸਮਾਣਾ ਦੇ ਸਿਵਲ ਹਸਪਤਾਲਾਂ ‘ਚ 50 ਬਿਸਤਰੇ ਪ੍ਰਤੀ ਹਸਪਤਾਲ, ਆਰਮੀ ਹਸਪਤਾਲ ‘ਚ 240, ਜੇਲ੍ਹ ਅਤੇ ਗਾਇਨੀ ਵਾਰਡ ‘ਚ ਵੀ 20 ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ।
ਜਦੋਂ ਕਿ ਬਾਕੀ ਬਿਸਤਰਿਆਂ ਦਾ ਪ੍ਰਬੰਧ ਮੈਰੀਟੋਰੀਅਸ ਸਕੂਲ, ਪੰਜਾਬੀ ਯੂਨੀਵਰਸਿਟੀ, ਥਾਪਰ ਯੂਨੀਵਰਸਿਟੀ, ਲਾਅ ਯੂਨੀਵਰਸਿਟੀ ਵਿਖੇ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਫ਼ਸਰਾਂ ਦੇ ਗੈਸਟ ਹਾਊਸ ਸਮੇਤ ਐਮ.ਓ.ਯੂ. ਰਾਹੀਂ ਪ੍ਰਾਈਵੇਟ ਹਸਪਤਾਲਾਂ ‘ਚ ਵੀ 91 ਬਿਸਤਰੇ ਉਪਲਬਧ ਹਨ। ਡਿਪਟੀ ਕਮਿਸ਼ਨਰ ਨੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੂੰ ਭਰੋਸਾ ਦਿਵਾਇਆ ਕਿ ਪਟਿਆਲਾ ਵਿੱਚ ਕੋਵਿਡ ਦੇ ਲੈਵਲ-1, ਲੈਵਲ-2 ਅਤੇ ਲੈਵਲ-3 ਕੇਸਾਂ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ