ਨਵੰਬਰ ਤੱਕ ਸਰਕਾਰੀ ਸਕੂਲਾਂ ਦੇ 12ਵੀਂ ‘ਚ ਪੜਦੇ ਵਿਦਿਆਰਥੀਆਂ ਨੂੰ ਮਿਲਣਗੇ 1.73 ਲੱਖ ਸਮਾਰਟ ਫੋਨ

ਨਵੰਬਰ ਤੱਕ ਸਰਕਾਰੀ ਸਕੂਲਾਂ ਦੇ 12ਵੀਂ ‘ਚ ਪੜਦੇ ਵਿਦਿਆਰਥੀਆਂ ਨੂੰ ਮਿਲਣਗੇ 1.73 ਲੱਖ ਸਮਾਰਟ ਫੋਨ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਸਰਕਾਰੀ ਸਕੂਲਾਂ ‘ਚ ਪੜਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ, ਜੋ ਕਿ ਇਸ ਵਰੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਆਨਲਾਈਨ ਢੰਗ ਨਾਲ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹਨ, ਨੂੰ ਨਵੰਬਰ ਮਹੀਨੇ ਤੱਕ 1,73,823 ਸਮਾਰਟ ਫੋਨ ਵੰਡਣ ਦਾ ਫੈਸਲਾ ਕੀਤਾ ਹੈ।

ਅਜਿਹੇ 50 ਹਜ਼ਾਰ ਫੋਨਾਂ ਦੀ ਪਹਿਲੀ ਖੇਪ ਸੂਬਾ ਸਰਕਾਰ ਨੂੰ ਹਾਸਲ ਹੋ ਚੁੱਕੀ ਹੈ ਅਤੇ ਇਨਾਂ ਦੀ ਵੰਡ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ। ਇਨਾਂ ਫੋਨਾਂ ਵਿਚ ਕਈ ਸਮਾਰਟ ਫੀਚਰ ਜਿਵੇਂ ਕਿ ਟੱਚ ਸਕਰੀਨ, ਕੈਮਰਾ ਅਤੇ ਪਹਿਲਾਂ ਤੋਂ ਲੋਡ ਕੀਤੀਆਂ ਸਰਕਾਰੀ ਐਪਲੀਕੇਸ਼ਨਾਂ ਜਿਵੇਂ ਕਿ ‘ਈ-ਸੇਵਾ ਐਪ’, ਜਿਨਾਂ ਵਿਚ ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਗੀ ਹਾਸਲ 11ਵੀਂ ਤੇ 12ਵੀਂ ਜਮਾਤ ਦਾ ਈ-ਪਾਠਕ੍ਰਮ ਸ਼ਾਮਲ ਹੋਵੇਗਾ, ਨੂੰ ਸ਼ਾਮਲ ਕੀਤਾ ਗਿਆ ਹੈ।

ਇੱਕ ਸਰਕਾਰੀ ਬੁਲਾਰੇ ਨੇ ਕੈਬਨਿਟ ਮੀਟਿੰਗ, ਜਿਸ ਵਿਚ ਵੰਡ ਸਬੰਧੀ ਰੂਪ ਰੇਖਾ ਨੂੰ ਮਨਜ਼ੂਰੀ ਦਿੱਤੀ ਗਈ, ਤੋਂ ਬਾਅਦ ਦੱਸਿਆ ਕਿ ਦੂਜੀ ਖੇਪ ਛੇਤੀ ਹੀ ਹਾਸਲ ਕਰ ਲਈ ਜਾਵੇਗੀ ਅਤੇ ਇਨਾਂ ਸਮਾਰਟ ਫੋਨਾਂ ਦੀ ਵੰਡ ਦੀ ਸਾਰੀ ਪ੍ਰਕ੍ਰਿਆ ਨਵੰਬਰ ਮਹੀਨੇ ਤੱਕ ਪੂਰੀ ਕਰ ਲਈ ਜਾਵੇਗੀ।

ਕੈਬਨਿਟ ਵੱਲੋਂ ਇਸ ਗੱਲ ਦਾ ਨੋਟਿਸ ਲਿਆ ਗਿਆ ਕਿ ਅਕਾਦਮਿਕ ਵਰੇ 2020-21 ਦੇ ਪਹਿਲੇ ਚਾਰ ਮਹੀਨੇ ਕੈਂਪਸ ਵਿਖੇ ਨਿਯਮਤ ਰੂਪ ਵਿਚ ਹੋਣ ਵਾਲੀ ਪੜ੍ਹਾਈਤੋਂ ਬਗੈਰ ਹੀ ਲੰਘ ਗਏ ਹਨ ਅਤੇ ਜਦੋਂ ਕਿ ਪ੍ਰਾਈਵੇਟ ਸਕੂਲ ਆਨਲਾਈਨ ਕਲਾਸਾਂ ਲੈ ਰਹੇ ਹਨ ਤਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਖਾਸ ਕਰਕੇ 12ਵੀਂ ਜਮਾਤ ਵਿਚ ਪੜਨ ਵਾਲਿਆਂ ਨੂੰ ਖਾਸੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਹਾਲਾਂਕਿ ਕੁਝ ਦਿਨ ਪਹਿਲਾਂ ਉਨਾਂ ਨੇ ਇਹ ਐਲਾਨ ਕੀਤਾ ਸੀ ਕਿ ਸਮਾਰਟ ਫੋਨਾਂ ਦੀ ਪਹਿਲੀ ਖੇਪ ਜੋ ਕਿ ਕੁਝ ਹੀ ਦਿਨ ਪਹਿਲਾਂ ਹਾਸਲ ਹੋਈ ਹੈ, ਦੀ ਵੰਡ ਸਿਰਫ ਵਿਦਿਆਰਥਣਾਂ ਵਿਚ ਕੀਤੀ ਜਾਵੇਗੀ ਪਰ ਹੁਣ 12ਵੀਂ ਜਮਾਤ ਦੇ ਸਰਕਾਰੀ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਜਿਨਾਂ ਕੋਲ ਆਨਲਾਈਨ ਕਲਾਸਾਂ ਲਾਉਣ ਲਈ ਸਹਾਈ ਹੋਣ ਵਾਲੇ ਸਮਾਰਟ ਫੋਨ ਨਹੀਂ ਹਨ, ਦੋਵਾਂ ਨੂੰ ਹੀ ਸਮਾਰਟ ਫੋਨ ਵੰਡੇ ਜਾਣਗੇ। ਅਜਿਹਾ ਇਹ ਯਕੀਨੀ ਬਣਾਉਣ ਲਈ ਕੀਤਾ ਗਿਆ ਹੈ ਕਿ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਇਨਾਂ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here