ਕੋਵਿਡ-19 ਦੌਰਾਨ ਜੁਲਾਈ ਮਹੀਨੇ 348 ਵਿੱਚੋਂ 310 ਡਿਫਾਲਟਰ ਵਾਹਨਾਂ ਨੂੰ 4.12 ਕਰੋੜ ਰੁਪਏ ਦਾ ਜੁਰਮਾਨਾ ਕੀਤਾ

ਕੋਵਿਡ-19 ਦੌਰਾਨ ਜੁਲਾਈ ਮਹੀਨੇ 348 ਵਿੱਚੋਂ 310 ਡਿਫਾਲਟਰ ਵਾਹਨਾਂ ਨੂੰ 4.12 ਕਰੋੜ ਰੁਪਏ ਦਾ ਜੁਰਮਾਨਾ ਕੀਤਾ

ਚੰਡੀਗੜ, (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕਰ ਵਿਭਾਗ, ਪੰਜਾਬ ਦੇ ਇਨਫੋਰਸਮੈਂਟ ਵਿੰਗ ਵੱਲੋਂ ਕਰ ਚੋਰੀ ਰੋਕਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਪਿਛਲੇ ਮਹੀਨੇ ਜੁਲਾਈ 2020 ਵਿੱਚ ਕੁੱਲ 348 ਵਿੱਚੋਂ 310 ਡਿਫਾਲਟਰ ਵਾਹਨਾਂ ਨੂੰ 4.12 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ। ਕਰ ਵਿਭਾਗ ਵੱਲੋਂ ਇਹ ਕਾਰਵਾਈ ਕੋਵਿਡ-19 ਦੇ ਅਣਕਿਆਸੇ ਸੰਕਟ ਦੇ ਬਾਵਜੂਦ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰ ਚੋਰੀ ਸਬੰਧੀ ਕਰ ਵਿਭਾਗ ਨੂੰ ਚੌਕਸ ਰਹਿਣ ਲਈ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ।

ਕਰ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਸੂਬਾਈ ਕਰ ਕਮਿਸ਼ਨਰ ਨੀਲਕੰਠ ਐਸ. ਅਵਾਡ ਨੇ ਇਨਫੋਰਸਮੈਂਟ ਵਿੰਗ ਵੱਲੋਂ ਜੀ.ਐਸ.ਟੀ. ਚੋਰੀ ਨੂੰ ਰੋਕਣ ਸਬੰਧੀ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਸੂਬੇ ਦੇ ਖਜ਼ਾਨੇ ਦਾ ਵਿੱਤੀ ਨੁਕਸਾਨ ਹੋਣ ਤੋਂ ਬਚ ਗਿਆ। ਉਨਾਂ ਵਿਸ਼ੇਸ਼ ਤੌਰ ‘ਤੇ ਅਧਿਕਾਰੀਆਂ ਨੂੰ ਕਿਹਾ ਕਿ ਕਰ ਉਗਰਾਹੀ ਦੇ ਮਾਮਲੇ ਵਿੱਚ ਕੋਈ ਵੀ ਸਮਝੌਤਾ ਨਾ ਕੀਤਾ ਜਾਵੇ ਅਤੇ ਸੂਬੇ ਦਾ ਮਾਲੀਆ ਵਧਾਉਣ ਲਈ ਕਰ ਚੋਰੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ