ਸੁਖਬੀਰ ਬਾਦਲ ਵੱਲੋਂ ਅਸਿੱਧੇ ਤੌਰ ‘ਤੇ ਕੇਂਦਰ ‘ਤੇ ਨਿਸ਼ਾਨੇ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਲਗਭਗ ਢਾਈ ਦਹਾਕੇ ਪੁਰਾਣੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਟੁੱਟਣ ਦੇ ਕਿਨਾਰੇ ਪੁੱਜ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਿੱਧੇ ਤੌਰ ‘ਤੇ ਇਸ ਵੱਲ ਇਸ਼ਾਰਾ ਕਰ ਦਿੱਤਾ ਹੈ। ਇੱਧਰ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁਰਜੀਤ ਸਿੰਘ ਰੱਖੜਾ ਵੱਲੋਂ ਭਰੀ ਸਟੇਜ ਤੋਂ ਕਹਿ ਦਿੱਤਾ ਗਿਆ ਹੈ ਕਿ ਅਕਾਲੀ ਦਲ ਨੂੰ ਹੁਣ ਭਾਜਪਾ ਨਾਲੋਂ ਨਾਤਾ ਤੋੜ ਲੈਣਾ ਚਾਹੀਦਾ ਹੈ।
ਜਾਣਕਾਰੀ ਅਨੁਸਾਰ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਬਿੱਲਾਂ ਨੂੰ ਲੈ ਕੇ ਅਕਾਲੀ ਦਲ ਕੇਂਦਰ ਖਿਲਾਫ਼ ਅਤੇ ਕਿਸਾਨਾਂ ਦੇ ਹੱਕ ਵਿੱਚ ਖੜ੍ਹ ਗਿਆ ਹੈ। ਅਕਾਲੀ ਦਲ ਵੱਲੋਂ 1 ਅਕਤੂਬਰ ਨੂੰ ਮੋਹਾਲੀ ਤੋਂ ਕਿਸਾਨ ਮਾਰਚ ਕੱਢਿਆ ਜਾ ਰਿਹਾ ਹੈ। ਸ੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਮਾਰਚ ਲਈ ਅੱਜ ਪਟਿਆਲਾ ਨੇੜੇ ਬਹਾਦਰਗੜ੍ਹ ਵਿਖੇ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਮੁੱਖ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਵੱਲੋਂ ਕਿਹਾ ਗਿਆ ਕਿ ਅਕਾਲੀ ਦਲ ਨੂੰ ਸਭ ਤੋਂ ਪਹਿਲਾਂ ਕਿਸਾਨ ਹਨ ਅਤੇ ਸਮਝੌਤੇ ਬਾਅਦ ‘ਚ। ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲਾਂ ‘ਤੇ ਅਕਾਲੀ ਦਲ ਨਾਲ ਧੋਖਾ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਅਸਿੱਧੇ ਤੌਰ ‘ਤੇ ਭਾਜਪਾ ਸਰਕਾਰ ‘ਤੇ ਨਿਸ਼ਾਨੇ ਸਾਧੇ। ਸਾਫ਼ ਹੈ ਕਿ ਅਕਾਲੀ ਦਲ ਤੇ ਭਾਜਪਾ ਵਿਚਕਾਰ ਗੱਠਜੋੜ ਕਦੇ ਵੀ ਟੁੱਟ ਸਕਦਾ ਹੈ। ਇਸ ਦੌਰਾਨ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਸਿੰਘ ਰੱਖੜਾ ਨੇ ਸਟੇਜ ਤੋਂ ਸਿੱਧਾ ਆਖਿਆ ਕਿ ਅਕਾਲੀ ਦਲ ਨੂੰ ਹੁਣ ਐਨਡੀਏ ਗਠਜੋੜ ਨਾਲੋਂ ਨਾਤਾ ਤੋੜ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਬਿੱਲ ਸਿੱਧਾ ਪੰਜਾਬ ਦੀ ਕਿਸਾਨੀ ‘ਤੇ ਡਾਕਾ ਹਨ। ਇਸ ਦੌਰਾਨ ਅਕਾਲੀ ਦਲ ਦੇ ਸੀਨੀ: ਮੀਤ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਕਿਹਾ ਗਿਆ ਕਿ ਹੁਣ ਕੇਂਦਰ ਸਰਕਾਰ ਨਾਲ ਅਕਾਲੀ ਦਲ ਦੀ ਸਿੱਧੀ ਟੱਕਰ ਹੋ ਗਈ ਹੈ। ਇਸ ਤਰ੍ਹਾਂ ਮੀਟਿੰਗ ਅੰਦਰ ਕਈ ਹੋਰ ਆਗੂਆਂ ਵੱਲੋਂ ਕੇਂਦਰ ਖਿਲਾਫ਼ ਤਕਰੀਰਾਂ ਕੀਤੀਆਂ ਗਈਆਂ।
ਪਤਾ ਲੱਗਾ ਹੈ ਕਿ ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਸ਼ਾਮ ਨੂੰ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਅਕਾਲੀ ਦਲ ਵੱਲੋਂ ਇਸ ਗੱਠਜੋੜ ਸਬੰਧੀ ਚਰਚਾ ਕੀਤੀ ਜਾਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਵੱਲੋਂ ਜੋ 1 ਅਕਤੂਬਰ ਨੂੰ ਕਿਸਾਨ ਮਾਰਚ ਕੱਢਿਆ ਜਾ ਰਿਹਾ ਹੈ। ਇਸੇ ਦਿਨ ਭਾਜਪਾ ਨਾਲੋਂ ਨਾਤਾ ਤੋੜਨ ਦਾ ਐਲਾਨ ਕਰ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਖੇਤੀ ਬਿੱਲਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਵਜਾਰਤ ਤੋਂ ਅਸਤੀਫਾ ਦੇਣ ਤੋਂ ਬਾਅਦ ਅਤੇ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਕਾਰਨ ਪੰਜਾਬ ਅੰਦਰ ਭਾਜਪਾ ਅਤੇ ਅਕਾਲੀਆਂ ਵੱਲੋਂ ਇੱਕ ਦੂਜੇ ਖਿਲਾਫ਼ ਸਿੱਧੇ ਮੱਥੇ ਬੋਲਣਾ ਸ਼ੁਰੂ ਕਰ ਦਿੱਤਾ ਹੈ। ਅਗਲੇ ਦਿਨਾਂ ‘ਚ ਅਕਾਲੀ ਦਲ ਅਤੇ ਭਾਜਪਾ ਦੇ ਪੰਜਾਬ ਅੰਦਰ ਰਾਹ ਵੱਖੋ – ਵੱਖਰੇ ਹੋ ਜਾਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.