ਪ੍ਰਮੁੱਖ ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਅੱਗੇ ਵੀ ਗੱਜਣਗੇ ਕਿਸਾਨ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੀਆਂ 31 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਖ਼ਿਲਾਫ਼ 1 ਅਕਤੂਬਰ ਤੋਂ ਅਣਮਿੱਥੇ ਸਮੇਂ ਤੱਕ ਰੇਲ-ਰੋਕੋ ਅੰਦਲੋਨ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਭਾਜਪਾ ਦੇ ਪ੍ਰਮੁੱਖ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਰੋਸ਼ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਭਰ ‘ਚ ਰੇਲਵੇ-ਲਾਇਨਾਂ ‘ਤੇ ਲੱਗਣ ਵਾਲ਼ੇ ਧਰਨਿਆਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਥੇਬੰਦੀਆਂ ਵੱਲੋਂ ਭਾਜਪਾ ਦੇ ਪ੍ਰਮੁੱਖ ਆਗੂਆਂ ਸਵੇਤ ਮਲਿਕ ਅੰਮ੍ਰਿਤਸਰ, ਸੁਖਪਾਲ ਨੰਨੂ ਫਿਰੋਜ਼ਪੁਰ ਅਤੇ ਸੋਮ ਨਾਥ ਫਗਵਾੜਾ ਦੇ ਘਰਾਂ, ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਹੋਣਗੇ। ਪੰਜਾਬ ਦੇ ਉੱਤਰ-ਦੱਖਣ-ਪੂਰਬ ਪੱਛਮ ਕਿਸੇ ਪਾਸਿਓਂ ਵੀ ਰੇਲਾਂ ਦਾ ਦਾਖ਼ਲਾ ਨਹੀਂ ਹੋਣ ਦਿੱਤਾ ਜਾਵੇਗਾ।
ਪਿੰਡਾਂ ਦੀਆਂ ਇਕਾਈਆਂ ਵੱਲੋਂ ਲੰਗਰ ਲਈ ਘਰੋ-ਘਰੀਂ ਰਸਦ ਇਕੱਠੀ ਕੀਤੀ ਗਈ ਹੈ। ਨੁੱਕੜ-ਨਾਟਕਾਂ, ਸੰਗੀਤ-ਮੰਡਲੀਆਂ ਅਤੇ ਵਹੀਕਲ-ਮਾਰਚਾਂ ਰਾਹੀਂ ਪ੍ਰਚਾਰ ਕਰਦਿਆਂ ਲੋਕਾਂ ਨੂੰ ਅੰਦੋਲਨ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਨੇ ਭਾਜਪਾ ਅਤੇ ਕਾਰਪੋਰੇਟ ਘਰਾਣਿਆਂ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ। ਅੰਬਾਨੀਆਂ-ਅਡਾਨੀ ਸਮੇਤ ਸਮੂਹ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰ ਦੇ ਬਾਈਕਾਟ ਦੇ ਸੱਦੇ ਨੂੰ ਹੋਰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਇਸ ਤੋਂ ਇਲਾਵਾ ਪਿੰਡਾਂ ਦੀਆਂ ਗ੍ਰਾਮ-ਸਭਾਵਾਂ ਵੱਲੋਂ ਰਾਸ਼ਟਰਪਤੀ ਨੂੰ ਮਤੇ ਭੇਜਣੇ ਜਾਰੀ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਵਿੱਚ ਭਾਜਪਾ ਨੂੰ ਛੱਡ ਕੇ ਲਗਭਗ ਪੰਜਾਬ ਦਾ ਹਰਕੇ ਵਰਗ ਕੁੱਦ ਪਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਖਿਲਾਫ਼ ਸੰਘਰਸ ਦਾ ਜਲੋਅ ਵੱਧਦਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.