ਲੋਕ ਸਭਾ ਮੈਂਬਰ ਵੱਲੋਂ ਖੇਤੀਬਾੜੀ ਕਾਨੂੰਨ ਕਿਸਾਨੀ ਦੀ ਤਬਾਹੀ ਵਾਲੇ ਗ਼ਲਤ ਕਾਨੂੰਨ ਕਰਾਰ
ਪਰਨੀਤ ਕੌਰ ਵੱਲੋਂ ਲੋਕਾਂ ਨੂੰ ਕੋਰੋਨਾ ਅਤੇ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ
ਪਟਿਆਲਾ, (ਖੁਸ਼ਵੀਰ ਸਿੰਘ ਤੂਰ) ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੇ ਦੇਸ਼ ਦੇ ਅਨਾਜ਼ ਭੰਡਾਰ ਨੂੰ ਭਰਨ ਵਾਲੇ ਪੰਜਾਬ ਦੇ ਉਨ੍ਹਾਂ ਕਿਸਾਨਾਂ ਨਾਲ ਦਗ਼ਾ ਕਮਾਇਆ ਹੈ, ਜਿਨ੍ਹਾਂ ਨੇ ਦੇਸ਼ ਨੂੰ ਅੰਨ ਦੀ ਤੋਟ ਦੇ ਔਖੇ ਵੇਲੇ ਕਿਸੇ ਬਾਹਰਲੇ ਮੁਲਕ ਅੱਗੇ ਭੀਖ ਨਹੀਂ ਮੰਗਣ ਦਿੱਤੀ ਪਰਨੀਤ ਕੌਰ ਅੱਜ ਇੱਥੇ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਵੱਲੋਂ ਸ੍ਰੀਮਤੀ ਪਰਨੀਤ ਕੌਰ ਦੇ ਜਨਮ ਦਿਨ ਮੌਕੇ ਸ਼ਹਿਰ ਵਿੱਚ ਡੇਂਗੂ ਵਿਰੁੱਧ ਜਾਗਰੂਕਤਾ ਲਈ ਰਾਘੋਮਾਜਰਾ ਤੋਂ ਕੱਢੀ ਗਈ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮਗਰੋਂ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰ ਰਹੇ ਸਨ
ਲੋਕ ਸਭਾ ਮੈਂਬਰ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਅਤੇ ਦੂਰਅੰਦੇਸ਼ੀ ਸੋਚ ਤੋਂ ਹੀਣੇ ਦਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਕਾਨੂੰਨ ਪਾਸ ਕਰਕੇ ਇੱਕ ਗ਼ੈਰ-ਜਿੰਮੇਵਾਰਾਨਾ ਆਗੂ ਦੀ ਭੂਮਿਕਾ ਨਿਭਾਈ ਹੈ, ਜਿਸ ਦੇ ਭਿਆਨਕ ਸਿੱਟੇ ਨਿਕਲਣਗੇ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਪਾਸ ਕਰਨ ਤੋਂ ਪਹਿਲਾਂ ਇਸ ਦੇ ਪਿਛੋਕੜ ਨੂੰ ਅੱਖੋਂ ਪਰੋਖੇ ਕਰਕੇ ਕਿਸਾਨਾਂ ਦੀ ਬਰਬਾਦੀ ਦੀ ਨੀਂਹ ਰੱਖੀ ਹੈ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦਾ ਹਰ ਪੱਖੋ ਸਾਥ ਦੇ ਕੇ ਕਿਸਾਨਾਂ ਦੀ ਲੜਾਈ ਅੱਗੇ ਹੋ ਕੇ ਲੜੀ ਜਾਵੇਗੀ
ਸ੍ਰੀਮਤੀ ਪਰਨੀਤ ਕੌਰ ਨੇ ਅਕਾਲੀ ਦਲ ਵੱਲੋਂ ਅਪਣਾਈ ਰਣਨੀਤੀ ਅਤੇ ਸ੍ਰੀ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਬਾਰੇ ਪੁੱਛੇ ਸਵਾਲ ਦੇ ਜਵਾਬ ‘ਚ ਆਖਿਆ ਕਿ ਸ੍ਰੀ ਰਾਹੁਲ ਗਾਂਧੀ ਦੀ ਟ੍ਰੈਕਟਰ ਰੈਲੀ ਰਾਹੀਂ ਪ੍ਰਸਾਤਵਤ ਪੰਜਾਬ ਫੇਰੀ ਕਿਸਾਨੀ ਦੇ ਅੰਦੋਲਨ ਦਾ ਸਾਥ ਦੇਣ ਵਾਲਾ ਇੱਕ ਗ਼ੈਰ-ਸਿਆਸੀ ਫੈਸਲਾ ਹੈ, ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਮੁੱਚੀ ਲੀਡਰਸ਼ਿਪ ਮੌਜੂਦ ਰਹੇਗੀ ਜਦੋਂਕਿ ਹਰਸਿਮਰਤ ਕੌਰ ਵੱਲੋਂ ਕੇਂਦਰੀ ਮੰਤਰੀ ਮੰਡਲ ਤੋਂ ਦਿੱਤਾ ਗਿਆ ਅਸਤੀਫ਼ਾ ਬਹੁਤ ਸਮਾਂ ਪਹਿਲਾਂ ਦਿੱਤਾ ਜਾਣਾ ਚਾਹੀਦਾ ਸੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣਾ ਸਿਆਸੀ ਆਧਾਰ ਤਾਂ ਪਹਿਲਾਂ ਹੀ ਗਵਾ ਚੁੱਕਾ ਸੀ ਅਤੇ ਹੁਣ ਇਸ ਨੇ ਆਪਣਾ ਵਿਸ਼ਵਾਸ਼ ਵੀ ਗਵਾ ਲਿਆ ਹੈ ਯੂ.ਪੀ. ਦੇ ਹਾਥਰਸ ਜ਼ਬਰ ਜਨਾਹ ਦੀ ਕਰੜੀ ਨਿੰਦਾ ਕਰਦਿਆਂ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਣੀ ਚਾਹੀਦੀ ਹੈ
ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੇ ਲਗਾਤਾਰ 10 ਸਾਲ ਸਿਆਸੀ ਵਿਤਕਰੇ ਦਾ ਸੰਤਾਪ ਭੋਗਿਆ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਬਾਅਦ ਸ੍ਰੀਮਤੀ ਪਰਨੀਤ ਕੌਰ ਅਤੇ ਬੀਬਾ ਜੈਇੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕੀਤੇ ਹਨ ਸ੍ਰੀ ਬਿੱਟੂ ਨੇ ਕਿਹਾ ਕਿ ਸ਼ਹਿਰ ਅੰਦਰ ਜੈਕਬ ਡਰੇਨ ਦਾ ਸੁੰਦਰੀਕਰਨ, ਛੋਟੀ ਤੇ ਵੱਡੀ ਨਦੀ ਦਾ ਸੁੰਦਰੀਕਰਨ, ਦੋ ਨਵੇਂ ਪੁਲ, ਰਾਜਪੁਰਾ ਰੋਡ ‘ਤੇ ਅੰਡਰ ਬ੍ਰਿਜ, ਨਹਿਰੀ ਪਾਣੀ ਪ੍ਰਾਜੈਕਟ, ਹੈਰੀਟੇਜ ਸਟਰੀਟ, ਮੁੱਖ ਡੰਪਿੰਗ ਗਰਾਊਂਡ ਨੂੰ ਖ਼ਤਮ ਕਰਨਾ ਅਤੇ ਸ਼ਹਿਰ ਦੇ ਹਰ ਘਰ ਵਿੱਚ ਪਾਣੀ ਤੇ ਸੀਵਰੇਜ ਦੇ ਕੁਨੈਕਸ਼ਨ ਮੁਹੱਈਆ ਕਰਵਾਉਣਾ ਸ਼ਾਮਲ ਹੈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.