ਕਿਸਾਨੀ ਸੰਘਰਸ਼ ਨੂੰ ਅਣਗੌਲਿਆ ਕਰਨ ਦੀ ਗ਼ਲਤੀ ਨਾ ਕਰੇ ਮੁੱਖ ਮੰਤਰੀ : ਆਪ
ਚੰਡੀਗੜ, (ਅਸ਼ਵਨੀ ਚਾਵਲਾ) ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ-ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਤੁਰੰਤ ਆਲ ਪਾਰਟੀ ਮੀਟਿੰਗ ਬੁਲਾ ਕੇ 30 ਕਿਸਾਨ ਜਥੇਬੰਦੀਆਂ ਦੇ ਪ੍ਰਧਾਨਾਂ ਨੂੰ ਮੀਟਿੰਗ ਵਿਚ ਸ਼ਾਮਲ ਕੀਤਾ ਜਾਵੇ ਅਤੇ ਖੇਤੀ ਮਾਹਿਰਾਂ ਨਾਲ ਵਿਚਾਰ-ਚਰਚਾ ਕਰਕੇ 15 ਅਕਤੂਬਰ ਤੋਂ ਪਹਿਲਾਂ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਤਾਂ ਕਿ ਕਿਸਾਨਾਂ ਸਮੇਤ ਸਮੂਹ ਵਰਗਾਂ ਨੂੰ ਬਰਬਾਦ ਹੋਣ ਤੋਂ ਬਚਾਉਣ ਲਈ ਜਲਦ ਕੋਈ ਹੱਲ ਲੱਭਿਆ ਜਾ ਸਕੇ।
ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਦੇ ਮੂਹਰੇ ਲਗਾਏ ਧਰਨੇ ਨੂੰ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ (ਸਾਰੇ ਵਿਧਾਇਕ) ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਧਰਨੇ ਵਿਚ ਪਾਰਟੀ ਆਗੂ ਰਾਜ ਲਾਲੀ ਗਿੱਲ ਅਤੇ ਗੋਵਿੰਦਰ ਮਿੱਤਲ ਵੀ ਸ਼ਾਮਲ ਸਨ।
‘ਆਪ’ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਭਰ ‘ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਕਮਜ਼ੋਰ ਅਤੇ ‘ਤਾਰਪੀਡੋ’ ਕਰਨ ਲਈ ਕੈਪਟਨ-ਬਾਦਲ-ਮੋਦੀ ਇੱਕ ਯੋਜਨਾ ਦੇ ਤਹਿਤ ਪੰਜਾਬ ਦੇ ਸਮੂਹ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਗੁਮਰਾਹ ਕਰਨ ਦੀਆਂ ਗੁੱਝੀਆਂ ਚਾਲਾਂ ਚੱਲ ਰਹੇ ਹਨ,
ਪਰੰਤੂ ‘ਆਪ’ ਇਨਾਂ ਕਿਸਾਨ ਵਿਰੋਧੀ ਪਾਰਟੀਆਂ ਦੀ ਨਾਕਾਮ ਕੋਸ਼ਿਸ਼ਾਂ ਨੂੰ ਕਿਸੀ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦੇਵੇਗੀ, ਕਿਉਂਕਿ ਆਮ ਆਦਮੀ ਪਾਰਟੀ ਪੰਜਾਬ ਦੀ ਸਮੂਹ ਲੀਡਰਸ਼ਿਪ ਅਤੇ ਵਲੰਟੀਅਰ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿਚ ਜਨ ਸਭਾਵਾਂ ਆਦਿ ਕਰਕੇ ਲੋਕਾਂ ਨੂੰ ਕੈਪਟਨ-ਬਾਦਲ-ਮੋਦੀ ਵੱਲੋਂ ਕੀਤੀ ਜਾ ਰਹੀ ਵੋਟ ਬੈਂਕ ਦੀ ਗੰਦੀ ਰਾਜਨੀਤੀ ਤੋਂ ਜਾਣੂ ਕਰਵਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.